ਐਸ.ਏ.ਐਸ.ਨਗਰ, 05 ਅਕਤੂਬਰ, 2023: ਪੰਜਾਬ ਦੇ ਸੈਰ ਸਪਾਟਾ ਮੰਤਰੀ ਅਤੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਨਵਾਂ ਗਾਓਂ ਨਗਰ ਕੌਂਸਲ ਸੀਮਾ ਵਿੱਚ ਚੱਲ ਰਹੀਆਂ ਕਾਨੂੰਨੀ ਅਤੇ ਗੈਰ-ਕਾਨੂੰਨੀ ਉਸਾਰੀਆਂ (illegal Constructions) ਦਾ ਸਰਵੇਖਣ ਕਰਨ ਦੇ ਨਾਲ-ਨਾਲ ਨਗਰ ਕੌਂਸਲ ਦੀ ਹੱਦਬੰਦੀ ਅਤੇ ਨਗਰ ਕੌਂਸਲ ਦੀ ਮਾਲਕੀ ਵਾਲੀ ਜ਼ਮੀਨ ਦੀ ਤੁਰੰਤ ਪ੍ਰਭਾਵ ਨਾਲ ਸ਼ਨਾਖ਼ਤ ਕਰਨ ਦੇ ਹੁਕਮ ਦਿੱਤੇ ਹਨ।
ਨਗਰ ਕੌਂਸਲ ਦਫ਼ਤਰ ਵਿਖੇ ਆਪਣੀ ਸਮੀਖਿਆ ਮੀਟਿੰਗ ਦੌਰਾਨ, ਉਨ੍ਹਾਂ ਨੇ ਇਲਾਕੇ ਵਿੱਚ ਗੈਰ-ਕਾਨੂੰਨੀ ਉਸਾਰੀਆਂ (illegal Constructions) ਨੂੰ ਰੋਕਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਉਂਕਿ ਨਗਰ ਕੌਂਸਲ ਖੇਤਰ, ਰਾਜ ਦੀ ਰਾਜਧਾਨੀ ਦੇ ਨੇੜੇ ਹੈ, ਇਸ ਲਈ ਖੇਤਰ ਵਿੱਚ ਯੋਜਨਾਬੱਧ ਵਿਕਾਸ ਜ਼ਰੂਰੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਮ ਲੋਕਾਂ ਦੀਆਂ ਸ਼ਿਕਾਇਤਾਂ ਪ੍ਰਤੀ ਵਧੇਰੇ ਸੰਵੇਦਨਸ਼ੀਲ ਹੋਣ ਤਾਂ ਜੋ ਵਸਨੀਕ ਬੁਨਿਆਦੀ ਨਾਗਰਿਕ ਸਹੂਲਤਾਂ,ਜਿਸ ਦੇ ਉਹ ਹੱਕਦਾਰ ਹਨਲਈ ਇੰਤਜ਼ਾਰ ਨਾ ਕਰ ਸਕਣ।
ਜਲ ਸਪਲਾਈ, ਸਟਰੀਟ ਲਾਈਟਾਂ ਅਤੇ ਸੀਵਰੇਜ ਦੀਆਂ ਸਹੂਲਤਾਂ ਦੀ ਉਪਲਬਧਤਾ ‘ਤੇ ਜ਼ੋਰ ਦਿੰਦਿਆਂ, ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਜਲ ਸਪਲਾਈ ਅਤੇ ਸੈਨੀਟੇਸ਼ਨ ਅਧਿਕਾਰੀਆਂ ਨੂੰ ਬਕਾਇਆ ਪਏ ਦੋ ਟਿਊਬਵੈੱਲਾਂ ਦਾ ਕੰਮ ਬਿਨਾਂ ਕਿਸੇ ਦੇਰੀ ਤੋਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਨਵੇਂ ਟਿਊਬਵੈੱਲਾਂ ਨਾਲ ਇਨ੍ਹਾਂ ਦੀ ਗਿਣਤੀ 29 ਹੋ ਜਾਵੇਗੀ।
ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਅੱਗੇ ਦੱਸਿਆ ਕਿ 7.25 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਟੈਂਡਰ ਅਲਾਟ ਕੀਤੇ ਜਾ ਚੁੱਕੇ ਹਨ ਅਤੇ ਜਲਦੀ ਹੀ ਨਗਰ ਕੌਂਸਲ ਖੇਤਰ ਨੂੰ ਨਵਾਂ ਰੂਪ ਦਿੱਤਾ ਜਾਵੇਗਾ। ਇਸੇ ਤਰ੍ਹਾਂ 7.25 ਕਰੋੜ ਰੁਪਏ ਦੇ ਹੋਰ ਵਿਕਾਸ ਕਾਰਜ ਤੇ ਟੈਂਡਰ ਲਾਉਣ ਲਈ ਜਲਦ ਤਿਆਰ ਹੋਣਗੇ ਕਿਉਂਕਿ ਕੰਮਾਂ ਦੀਆਂ ਤਜਵੀਜ਼ਾਂ ਪ੍ਰਗਤੀ ਅਧੀਨ ਹਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਕੋ-ਇਕ ਏਜੰਡਾ ਲੋਕਾਂ ਨੂੰ ਬਿਹਤਰ ਸਿੱਖਿਆ ਅਤੇ ਸਿਹਤ ਸੇਵਾਵਾਂ ਤੋਂ ਇਲਾਵਾ ਲੋੜੀਂਦੀਆਂ ਸਹੂਲਤਾਂ ਅਤੇ ਬੁਨਿਆਦੀ ਢਾਂਚਾ ਪ੍ਰਦਾਨ ਕਰਨਾ ਹੈ, ਇਸ ਲਈ ਕੋਈ ਵੀ ਵਿਅਕਤੀ ਇਨ੍ਹਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਮੰਤਰੀ ਨੇ ਆਪਣੀਆਂ ਮੰਗਾਂ ਲਈ ਉਨ੍ਹਾਂ ਨੂੰ ਮਿਲਣ ਲਈ ਉਥੇ ਮੌਜੂਦ ਵਸਨੀਕਾਂ ਦੀ ਪੂਰੇ ਠਰੰਮੇ ਨਾਲ ਸੁਣਵਾਈ ਵੀ ਕੀਤੀ।ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦੇਣਗੇ ਅਤੇ ਉਨ੍ਹਾਂ ਦੇ ਸਾਰੇ ਮਸਲੇ ਪਹਿਲ ਦੇ ਆਧਾਰ ‘ਤੇ ਹੱਲ ਕਰਨਗੇ।