ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਮੰਤਰੀ, ਸੰਸਦ ਮੈਂਬਰ ਤੇ ਵਿਧਾਇਕ ਲੋਕਾਂ ਦੀਆਂ ਮੁਸੀਬਤਾਂ ਨੂੰ ਆਪਣੀ ਸਮਝਦੇ ਹੋਏ 24×7 ਕਰ ਰਹੇ ਕੰਮ

ਚੰਡੀਗੜ੍ਹ 2 ਸਤੰਬਰ 2025 : ਪੰਜਾਬ ਸਰਕਾਰ (punjab government) ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਮਨੁੱਖੀ ਜਾਨਾਂ ਅਤੇ ਪਸ਼ੂਆਂ ਦੀ ਰੱਖਿਆ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਕੈਬਨਿਟ ਮੰਤਰੀ ਨਿਯਮਿਤ ਤੌਰ ‘ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋੜੀਂਦੀ ਸਹਾਇਤਾ ਜਲਦੀ ਤੋਂ ਜਲਦੀ ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚੇ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਅਜਨਾਲਾ ਸਬ-ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਨਾਲ ਭਰੇ ਪੰਜ ਟਰੱਕਾਂ ਨੂੰ ਮੋਹਾਲੀ ਤੋਂ ਹਰੀ ਝੰਡੀ ਦਿਖਾਈ। ਰਾਹਤ ਟਰੱਕਾਂ ਵਿੱਚ 1,000 ਰਾਸ਼ਨ ਕਿੱਟਾਂ, ਪੀਣ ਵਾਲੇ ਪਾਣੀ ਦੇ 600 ਪੈਕੇਟ, 400 ਮੱਛਰਦਾਨੀ, 400 ਗੱਦੇ ਅਤੇ 200 ਫੋਲਡਿੰਗ ਬੈੱਡ ਸ਼ਾਮਲ ਸਨ।

ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਪੰਜਾਬ ਦੇ ਲੋਕਾਂ ਦਾ ਰਾਹਤ ਕਾਰਜਾਂ ਵਿੱਚ ਵੱਡੇ ਯੋਗਦਾਨ ਲਈ ਧੰਨਵਾਦ ਕਰਦੇ ਹੋਏ ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਨੇ ਦੇਸ਼ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ, ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਆਪਣੇ ਲੋਕਾਂ ਨਾਲ ਖੜ੍ਹੀ ਹੋਵੇ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਾਬੂਆਣਾ ਅਤੇ ਮੜੀਵਾਲਾ ਪਿੰਡਾਂ ਦਾ ਦੌਰਾ ਕੀਤਾ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (harjot singh bains) ਨੇ ਸ੍ਰੀ ਆਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਕਾਰਜਾਂ ਦੀ ਜ਼ਿੰਮੇਵਾਰੀ ਸੰਭਾਲੀ ਅਤੇ ਆਪਣੇ ਹਲਕੇ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਪ੍ਰਭਾਵਿਤ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਹ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਚਾਅ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।

ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਇੱਕ ਹੈਲਪਲਾਈਨ ਨੰਬਰ 91 87279-62441 ਜਾਰੀ ਕੀਤਾ ਹੈ, ਜੋ ਕਿ 24×7 ਉਪਲਬਧ ਰਹੇਗਾ।

ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਸਥਿਤੀ ਦਾ ਜਾਇਜ਼ਾ ਲੈਣ ਅਤੇ ਰਾਹਤ ਸਮੱਗਰੀ ਵੰਡਣ ਲਈ ਪਠਾਨਕੋਟ ਜ਼ਿਲ੍ਹੇ ਦੇ ਭੋਆ ਵਿਧਾਨ ਸਭਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਲਗਾਤਾਰ ਦੌਰਾ ਕਰ ਰਹੇ ਹਨ। ਉਨ੍ਹਾਂ ਨੇ ਪਿੰਡ ਤਾਸ਼, ਮੱਖਣਪੁਰ, ਬਸੌ ਬਰਵਾਂ, ਕੋਲੀਆਂ ਅੱਡਾ ਅਤੇ ਬਮਿਆਲ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਪਿੰਡ ਤਾਸ਼ ਦੇ ਚਾਰ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਅਤੇ ਪਸ਼ੂਆਂ ਲਈ ਚਾਰਾ ਵੀ ਵੰਡਿਆ। ਪਿੰਡ ਮੱਖਣਪੁਰ ਵਿੱਚ ਵੀ ਚਾਰਾ ਵੰਡਿਆ ਗਿਆ। ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਮੁਸ਼ਕਲ ਸਮੇਂ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਹੈ।

ਜੇਲ੍ਹਾਂ ਅਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ  ਤਰਨਤਾਰਨ ਜ਼ਿਲ੍ਹੇ ਦੇ ਖਡੂਰ ਸਾਹਿਬ, ਫਤਿਹਾਬਾਦ ਅਤੇ ਧੂੰਦਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਲੋੜਵੰਦ ਲੋਕਾਂ ਨੂੰ ਰਾਸ਼ਨ, ਭੋਜਨ ਕਿੱਟਾਂ, ਪੀਣ ਵਾਲਾ ਪਾਣੀ ਅਤੇ ਪਸ਼ੂਆਂ ਲਈ ਚਾਰਾ ਵੰਡਿਆ। ਭੁੱਲਰ ਨੇ ਕਿਹਾ ਕਿ ਸਾਡੀ ਸਰਕਾਰ ਆਫ਼ਤ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਨਾਲ ਹੈ ਅਤੇ ਫਸਲਾਂ ਦੇ ਨੁਕਸਾਨ (ਗਿਰਦਾਵਰੀ) ਦਾ ਮੁਲਾਂਕਣ ਕਰਨ ਤੋਂ ਬਾਅਦ ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਤਰਨਤਾਰਨ ਜ਼ਿਲ੍ਹੇ ਦੇ ਹਰੀਕੇ ਕਸਬੇ ਨੇੜੇ ਮਰਾਰ ਪਿੰਡ ਵਿੱਚ ਜ਼ਮੀਨ ਖਿਸਕਣ ਕਾਰਨ ਬਣੇ 50 ਫੁੱਟ ਡੂੰਘੇ ਅਤੇ 200 ਮੀਟਰ ਚੌੜੇ ਸਿੰਕਹੋਲ ਨੂੰ ਭਰਨ ਵਿੱਚ ਪਿੰਡ ਵਾਸੀਆਂ ਦੀ ਮਦਦ ਕੀਤੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਕੀਰੀ ਪਿੰਡ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਵੀ ਦੌਰਾ ਕੀਤਾ ਅਤੇ ਚੱਲ ਰਹੇ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ। ਉਨ੍ਹਾਂ ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਕੈਬਨਿਟ ਮੰਤਰੀਆਂ ਹਰਦੀਪ ਸਿੰਘ ਮੁੰਡੀਆਂ ਅਤੇ ਮਹਿੰਦਰ ਭਗਤ ਨੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਕਰੇਗੀ।

ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਦੇ ਚੋਗਾਵਾਂ ਰੋਡ ‘ਤੇ ਦਾਣਾ ਮੰਡੀ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਚੱਲ ਰਹੇ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਪੀੜਤਾਂ ਨੂੰ ਮੈਡੀਕਲ ਕਿੱਟਾਂ, ਜਾਨਵਰਾਂ ਲਈ ਚਾਰਾ ਅਤੇ ਹੋਰ ਜ਼ਰੂਰੀ ਚੀਜ਼ਾਂ ਵੰਡੀਆਂ ਗਈਆਂ।

Read More: 15,688 ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ: ਹਰਦੀਪ ਸਿੰਘ ਮੁੰਡੀਆਂ

Scroll to Top