Patiala

MLA ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਦੀਆਂ ਸੜਕਾਂ ਦੀ ਮੁਰੰਮਤ ਤੇ ਨਹਿਰੀ ਪਾਣੀ ਪ੍ਰਾਜੈਕਟ ਦੇ ਕੰਮ ਦਾ ਲਿਆ ਜਾਇਜ਼ਾ

ਪਟਿਆਲਾ, 01 ਅਕਤੂਬਰ 2024: ਪਟਿਆਲਾ (Patiala) ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਅਤੇ ਨਹਿਰੀ ਪਾਣੀ ਪ੍ਰਾਜੈਕਟ ਦੇ ਕੰਮ ਦਾ ਜਾਇਜ਼ਾ ਲਿਆ ਹੈ | ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਖੇਤਰਾਂ ‘ਚ ਪਾਈਪ ਲਾਈਨ ਪੈਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਉਥੇ ਤੁਰੰਤ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇ। ਇਸ ਬੈਠਕ ਦੌਰਾਨ ਨਗਰ ਨਿਗਮ ਕਮਿਸ਼ਨਰ ਡਾ. ਰਜ਼ਤ ਓਬਰਾਏ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਤੇ ਦੀਪਜੋਤ ਕੌਰ ਵੀ ਹਾਜ਼ਰ ਰਹੇ |

ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸੜਕਾਂ ਦੀ ਮੁਰੰਮਤ ਦੇ ਕੰਮ ‘ਚ ਕਿਸੇ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਬਰਸਾਤਾਂ ਕਾਰਨ ਸੜਕਾਂ ਦੀ ਮੁਰੰਮਤ ਦੇ ਕੰਮ ‘ਚ ਦੇਰੀ ਹੋਈ ਹੈ | ਹੁਣ ਮੌਸਮ ਠੀਕ ਹੋ ਗਿਆ ਹੈ ਅਤੇ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਕੋਹਲੀ ਨੇ ਕਿਹਾ ਕਿ ਪਟਿਆਲਾ ਵਾਸੀਆਂ ਨੂੰ ਆ ਰਹੀ ਟਰੈਫ਼ਿਕ ਦੀ ਮੁਸ਼ਕਿਲਾਂ ਦੇ ਹੱਲ ਲਈ ਐਲ.ਐਂਡ.ਟੀ, ਨਗਰ ਨਿਗਮ ਤੇ ਲੋਕ ਨਿਰਮਾਣ ਵਿਭਾਗ ਆਪਣੇ ਅਧੀਨ ਆਉਂਦੀਆਂ ਸੜਕਾਂ ਦਾ ਕੰਮ ਤੁਰੰਤ ਸ਼ੁਰੂ ਕਰਨ ਅਤੇ ਦਸੰਬਰ ਤੱਕ ਸੜਕਾਂ ਦਾ ਕੰਮ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।

Read More: DGP ਗੌਰਵ ਯਾਦਵ ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਸਮੇਤ 7 ਅਧਿਕਾਰੀਆਂ ਨੂੰ ਕਰਨਗੇ ਸਨਮਾਨਿਤ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਅਗਲੇ ਹਫ਼ਤੇ ਤੋਂ ਐਲ.ਐਂਡ.ਟੀ ਦੁਆਰਾ ਸ਼ੇਰਾਂ ਵਾਲਾ ਗੇਟ (Patiala) ਵਾਲੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਪੁਰਾਣੇ ਬੱਸ ਸਟੈਂਡ ਤੋਂ ਲੈਕੇ ਪੀਆਰਟੀਸੀ ਵਰਕਸ਼ਾਪ ਤੱਕ, ਠੀਕਰੀਵਾਲਾ ਚੌਕ ਤੋਂ ਨਿਊ ਲਾਲ ਬਾਗ ਤੱਕ, 21 ਨੰਬਰ ਫਾਟਕ ਤੋਂ ਲਹਿਲ ਚੌਂਕ ਤੱਕ ਵਾਲੀਆਂ ਸੜਕਾਂ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ।

ਇਸਦੇ ਨਾਲ ਹੀ ਵਿਧਾਇਕ ਨੇ ਕਿਹਾ ਕਿ ਨਗਰ ਨਿਗਮ ਨੂੰ ਵੀ ਅਬਲੋਵਾਲ ਤੋਂ ਥਾਪਰ ਤੱਕ ਆਉਂਦੀ ਸੜਕ ਦੀ ਮੁਰੰਮਤ ਦਾ ਕੰਮ 1 ਹਫ਼ਤੇ ਦੇ ਵਿੱਚ ਸ਼ੁਰੂ ਕਰਨ ਦੇ ਹੁਕਮ ਦੇ ਦਿੱਤੇ ਹਨ। ਸ਼ਹਿਰ ਦੀਆਂ ਅੰਦਰਲੀਆਂ ਸੜਕਾਂ ਦਾ ਕੰਮ ਵੀ ਛੇਤੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਾਟਰ ਟਰੀਟਮੈਂਟ ਪਲਾਂਟ ਦਾ 90 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਤੇ ਪਾਈਪ ਲਾਈਨ ਪਾਉਣ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ।

ਇਸ ਮੌਕੇ ਅਜੀਤਪਾਲ ਸਿੰਘ ਕੋਹਲੀ ਨੇ ਕਿ ਪਟਿਆਲਾ (Patiala) ਦੀਆਂ ਸੜਕਾਂ ਦੀ ਮੁਰੰਮਤ ਲਈ ਲੋਕ ਨਿਰਮਾਣ ਵਿਭਾਗ, ਨਗਰ ਨਿਗਮ ਤੇ ਐਲ.ਐਂਡ.ਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸ਼ਹਿਰ ਦੀ ਬਿਹਤਰੀ ਲਈ ਕੰਮ ਕਰਨ। ਵਿਧਾਇਕ ਨੇ ਐਲ ਐਂਡ ਟੀ ਵੱਲੋਂ ਪਾਈਪਾਂ ਪਾਉਣ ‘ਚ ਕੀਤੀ ਦੇਰੀ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ |

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਪਟਿਆਲਾ ਸ਼ਹਿਰ ਦੇ ਨਹਿਰੀ ਪਾਣੀ ਸੰਬੰਧੀ ਜਲ ਸਪਲਾਈ ਸਕੀਮ ਨੂੰ ਸਮੇਂ ਸਿਰ ਪੂਰਾ ਕਰਨ ਲਈ ਵਚਨਬੱਧ ਹੈ |
ਉਨ੍ਹਾਂ ਕਿਹਾ ਕਿ ਜ਼ਮੀਨਦੋਜ਼ ਸਰਵਿਸ ਜਲ ਭੰਡਾਰਨ ਸਮੇਤ ਪਾਣੀ ਦੀਆਂ ਟੈਂਕੀਆਂ ਦੀ ਉਸਾਰੀ ਸਮੇਤ ਪਾਣੀ ਦੀ ਪੂਰਤੀ ਲਈ ਨਵੀਆਂ ਲਾਇਨਾਂ ਵਿਛਾਉਣ ਦਾ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

Scroll to Top