ਆਂਗਣਵਾੜੀ ਹੈਲਪਰ

ਵਿਧਾਇਕ ਕੁਲਵੰਤ ਸਿੰਘ ਵੱਲੋਂ 30 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ(ਮੋਹਾਲੀ), 01 ਸਤੰਬਰ 2026: ਪੰਜਾਬ ਸਰਕਾਰ ਵੱਲੋਂ ਯੋਗ ਉਮੀਦਵਾਰਾਂ ਨੂੰ ਮੈਰਿਟ ਦੇ ਆਧਾਰ ’ਤੇ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਮੋਹਾਲੀ ਦੇ ਸੈਕਟਰ-79 ਸਥਿਤ ਆਪਣੇ ਦਫ਼ਤਰ ਵਿਖੇ 30 ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ।

ਇਸ ਮੌਕੇ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਵਧਾਈ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣ ਦੀ ਅਪੀਲ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤੱਕ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦਿਆਂ ਨਿਯੁਕਤੀਆਂ ਬਿਨਾਂ ਕਿਸੇ ਭੇਦਭਾਵ, ਸਿਫ਼ਾਰਸ਼ ਜਾਂ ਰਿਸ਼ਵਤ ਦੇ ਕੇਵਲ ਮੈਰਿਟ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਯੋਗਤਾ ਅਤੇ ਮੈਰਿਟ ਦੇ ਆਧਾਰ ’ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦਾ ਸਿਲਸਿਲਾ ਜਾਰੀ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਲਈ ਨਿੱਜੀ ਖੇਤਰ ਵਿੱਚ ਵੀ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਕਿਸੇ ਵੀ ਸਰਕਾਰ ਵੱਲੋਂ ਇੰਨੇ ਵੱਡੇ ਪੱਧਰ ’ਤੇ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰੋਜ਼ਗਾਰ ਮੁਹੱਈਆ ਕਰਵਾਉਣਾ ਆਪਣੇ ਆਪ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਹੈ।

ਆਂਗਣਵਾੜੀ ਸੇਵਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਆਂਗਣਵਾੜੀ ਕੇਂਦਰਾਂ ਨੂੰ ਹੋਰ ਅਪਗ੍ਰੇਡ ਕੀਤਾ ਜਾਵੇਗਾ ਅਤੇ ਲੋੜ ਅਨੁਸਾਰ ਨਵੇਂ ਆਂਗਣਵਾੜੀ ਕੇਂਦਰ ਵੀ ਸਥਾਪਤ ਕੀਤੇ ਜਾਣਗੇ, ਤਾਂ ਜੋ ਮਹਿਲਾਵਾਂ ਅਤੇ ਬੱਚਿਆਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਸੂਬੇ ਭਰ ਵਿੱਚ 1000 ਤੋਂ ਵੱਧ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਡਾਕਟਰੀ ਸਲਾਹ, ਲੋੜੀਂਦੇ ਟੈਸਟ ਅਤੇ ਦਵਾਈਆਂ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਬੁਨਿਆਦੀ ਢਾਂਚਾਗਤ ਸਥਿਤੀ ਅਤੇ ਸਿੱਖਿਆ ਦੇ ਮਿਆਰ ਵਿੱਚ ਸੁਧਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਜਿਨ੍ਹਾਂ ਸਕੂਲਾਂ ਵਿੱਚ ਚਾਰਦੀਵਾਰੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਸੀ, ਉੱਥੇ ਲੋੜੀਂਦੇ ਕੰਮ ਕਰਵਾਏ ਗਏ ਹਨ। ਇਸ ਤੋਂ ਇਲਾਵਾ ਸਕੂਲਾਂ ਵਿੱਚ ਲੋੜੀਂਦਾ ਸਟਾਫ਼, ਆਧੁਨਿਕ ਸਾਜ਼ੋ-ਸਾਮਾਨ, ਐਲ.ਈ.ਡੀ. ਅਤੇ ਕੰਪਿਊਟਰ ਆਦਿ ਮੁਹੱਈਆ ਕਰਵਾ ਕੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਨਾਲ ਜੋੜਨ ਲਈ ਯਤਨ ਕੀਤੇ ਜਾ ਰਹੇ ਹਨ।

Read More: ਮੋਹਾਲੀ ‘ਚ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਦੀ ਸ਼ੁਰੂਆਤ

ਵਿਦੇਸ਼

Scroll to Top