ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 08 ਅਕਤੂਬਰ 2026: ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਕੱਚੇ ਘਰਾਂ ਨੂੰ ਪੱਕਾ ਕਰਨ ਲਈ 5 ਲਾਭਪਾਤਰੀਆਂ ਨੂੰ 2-2 ਲੱਖ ਰੁਪਏ ਦੇ ਚੈੱਕ ਵੰਡੇ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਕਰੀਬ 150 ਕੱਚੇ ਘਰਾਂ ਨੂੰ ਪੱਕਾ ਕਰਨ ਲਈ ਲਾਭਪਾਤਰੀਆਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।
ਚੈੱਕ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ‘ਚ ਪਿੰਡ ਰੁੜਕਾ ਦੀਆਂ ਪਰਮਜੀਤ ਕੌਰ ਅਤੇ ਮਲਕੀਤ ਕੌਰ, ਪਿੰਡ ਲਖਨੌਰ ਦੇ ਅਸ਼ੋਕ ਕੁਮਾਰ ਪੁੱਤਰ ਦਿਲਬਾਰਾ ਸਿੰਘ, ਪਿੰਡ ਕੁੰਭੜਾ ਦੇ ਮਿਹਰ ਸਿੰਘ ਪੁੱਤਰ ਹਰੀਸ਼ ਸਿੰਘ ਅਤੇ ਬਲੌਂਗੀ ਦੇ ਮੰਗਤ ਸਿੰਘ ਪੁੱਤਰ ਹਰੀ ਸਿੰਘ ਸ਼ਾਮਲ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕੱਚੇ ਘਰਾਂ ਨੂੰ ਪੱਕਾ ਕਰਨ ਲਈ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਇਹ ਪਹਿਲ ਲੋਕਾਂ ਨੂੰ ਬਿਹਤਰ ਰਿਹਾਇਸ਼ੀ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਸਿਲਸਿਲਾ ਅੱਗੇ ਵੀ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਿੱਜੀ ਤੌਰ ’ਤੇ ਵੀ ਉਨ੍ਹਾਂ ਵੱਲੋਂ 100 ਤੋਂ ਵੱਧ ਕੱਚੇ ਘਰਾਂ ਦੀ ਮੁਰੰਮਤ ਅਤੇ ਸੁਧਾਰ ਕਰਵਾਇਆ ਗਿਆ ਹੈ, ਜਿਸ ‘ਚ ਕਈ ਘਰਾਂ ਦੀਆਂ ਛੱਤਾਂ ਵੀ ਬਦਲੀਆਂ ਗਈਆਂ ਹਨ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਅਜਿਹੇ ਕਈ ਕੰਮ ਵੀ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਚੋਣਾਂ ਲੜਨ ਲਈ ਕੋਈ ਸਪੱਸ਼ਟ ਏਜੰਡਾ ਨਹੀਂ ਰਿਹਾ।
ਕੂੜੇ ਦੀ ਸਮੱਸਿਆ ਸਬੰਧੀ ਵਿਧਾਇਕ ਨੇ ਕਿਹਾ ਕਿ ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਰਜਿੰਦਰ ਪ੍ਰਸਾਦ ਸ਼ਰਮਾ ਅਤੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਦੀ ਅਗਵਾਈ ਹੇਠ ਟੀਮ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਕੂੜੇ ਦੀ ਸਮੱਸਿਆ ਤੋਂ ਸਥਾਈ ਤੌਰ ’ਤੇ ਰਾਹਤ ਦਿਵਾਉਣ ਲਈ ਉਪਰਾਲੇ ਜਾਰੀ ਹਨ।
ਉਨ੍ਹਾਂ ਮੋਹਾਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਦੇ ਕੰਮਾਂ ‘ਚ ਪਹਿਲ ਕਰਨ ਦੀ ਲੋੜ ਹੁੰਦੀ ਹੈ ਅਤੇ ਜਦੋਂ ਕੋਈ ਵਿਅਕਤੀ ਲੋੜਵੰਦਾਂ ਦੀ ਮੱਦਦ ਲਈ ਅੱਗੇ ਆਉਂਦਾ ਹੈ ਤਾਂ ਹੋਰ ਲੋਕ ਵੀ ਇਸ ਕਾਰਜ ਨਾਲ ਜੁੜਦੇ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਮੋਹਾਲੀ ਦੀਆਂ ਲਿੰਕ ਸੜਕਾਂ ਨੂੰ ਨਵੇਂ ਸਿਰੇ ਤੋਂ ਬਣਾਉਣ ਦਾ ਕੰਮ ਜਾਰੀ ਹੈ ਅਤੇ ਬਹੁਤੀ ਸਾਰੀਆਂ ਸੜਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਇਸੇ ਤਰ੍ਹਾਂ ਮੋਹਾਲੀ ਸ਼ਹਿਰ ‘ਚ ਕਈ ਨਵੇਂ ਚੌਕ ਤਿਆਰ ਕੀਤੇ ਜਾ ਚੁੱਕੇ ਹਨ ਅਤੇ ਕਈਆਂ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਦੇ ਮੁਕੰਮਲ ਹੋਣ ਨਾਲ ਸ਼ਹਿਰ ‘ਚ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ‘ਚ ਮੱਦਦ ਮਿਲੇਗੀ।




