MLA Kulwant Singh

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ‘ਚ ਦੋ ਨਵੇਂ ਖੇਡ ਮੈਦਾਨਾਂ ਦਾ ਉਦਘਾਟਨ

ਮੋਹਾਲੀ, 04 ਸਤੰਬਰ 2023: ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਮੋਹਾਲੀ ਦੇ ਸੈਕਟਰ-70 ਵਿੱਚ ਦੋ ਨਵੇਂ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ | ਜਿੰਨ੍ਹਾ ਵਿੱਚ ਇੱਕ ਬੈਡਮਿੰਟਨ ਅਤੇ ਦੂਜਾ ਵਾਲੀਵਾਲ ਕੋਰਟ ਬਣਾਇਆ ਗਿਆ ਹੈ | ਖਾਸ ਗੱਲ ਹੈ ਕਿ ਇਨ੍ਹਾਂ ਦੋਵੇਂ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਕੋਚ ਵੱਲੋਂ ਮੁਫ਼ਤ ਕੋਚਿੰਗ ਵੀ ਦਿੱਤੀ ਜਾਵੇਗੀ | ਇਸ ਮੌਕੇ ਵਿਧਾਇਕ ਸ. ਕੁਲਵੰਤ ਸਿੰਘ ਵੀ ਵਾਲੀਵਾਲ ਖੇਡਦੇ ਨਜ਼ਰ ਆਏ |

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਨੀਤੀ ਉਲੀਕੀ ਗਈ ਹੈ | ਪੰਜਾਬ ਭਰ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਖੇਡਾਂ ਕਰਵਾਈਆਂ ਜਾ ਰਹੀਆਂ ਹਨ | ਇਸ ਨਾਲ ਸੂਬੇ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੰਜਾਬ ਦੇ ਹਰ ਪਿੰਡ ਵਿੱਚ ਖੇਡ ਮੈਦਾਨ ਬਣਾਏ ਜਾਣਗੇ |

mohali

ਸ. ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਖੇਡਾਂ ਨਾਲ ਬੱਚੇ ਅਤੇ ਨੌਜਵਾਨ ਮਾਨਸਿਕ ਤੌਰ ‘ਤੇ ਵੀ ਤੰਦਰੁਸਤ ਰਹਿੰਦੇ ਹਨ, ਜਿਸ ਨਾਲ ਪੜ੍ਹਾਈ ਵਿੱਚ ਵੀ ਮਨ ਲੱਗਦਾ ਹੈ | ਇਸ ਨਾਲ ਬੱਚੇ ਅਤੇ ਨੌਜਵਾਨ ਵਧੀਆ ਪੜ੍ਹਾਈ ਕਰਕੇ ਆਪਣੇ ਮਾਪਿਆਂ, ਪੰਜਾਬ ਅਤੇ ਦੇਸ਼ ਦਾ ਨਾਂ ਰੋਸ਼ਨ ਕਰ ਸਕਦੇ ਹਨ | ਇਸ ਦੌਰਾਨ ਉਨ੍ਹਾਂ ਨੇ ਨਗਰ ਨਿਗਮ ਮੋਹਾਲੀ ਅਤੇ ਪਟਵਾਰੀ ਸੁਖਦੇਵ ਸਿੰਘ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਕਾਰਨ ਇਹ ਖੇਡ ਮੈਦਾਨ ਬਣ ਸਕੇ |

mohali

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਕਈ ਸਾਲਾਂ ਤੋਂ ਖੇਡਾਂ ਦੇ ਨਾਂ ‘ਤੇ ਕੁਝ ਵੀ ਨਹੀਂ ਹੋ ਰਿਹਾ ਸੀ | ਪਰ ਆਮ ਆਦਮੀ ਪਾਰਟੀ ਸਰਕਾਰ ਨੇ ਖੇਡਾਂ ਸੱਭਿਅਚਾਰ ਨੂੰ ਮੁੜ ਸੁਰਜੀਤ ਕਰਨ ਦਾ ਕੰਮ ਕੀਤਾ ਹੈ | ਇੱਕ ਵਾਰ ਫਿਰ ਤੋਂ ਸੂਬੇ ਭਰ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਸੀਜਨ-2’ ਤਹਿਤ ਮੁਕਾਬਲੇ ਕਰਵਾਏ ਜਾ ਰਹੇ ਹਨ | ਜਿਸ ਵਿੱਚ ਨੌਜਵਾਨ ਵੱਧ ਚੜ ਕੇ ਹਿੱਸਾ ਲੈ ਰਹੇ ਹਨ | ਮਾਨ ਸਰਕਾਰ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਵਿਸ਼ੇਸ਼ ਧਿਆਨ ਦੇ ਰਹੀ ਹੈ | ਉਨ੍ਹਾਂ ਕਿਹਾ ਸਿੱਖਿਆ ਪੱਧਰ ਨੂੰ ਹੋਰ ਵੀ ਉੱਚਾ ਚੁੱਕਣ ਲਈ ਸਰਕਾਰੀ ਸਕੂਲ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਬਾਹਰ ਭੇਜਿਆ ਜਾ ਰਿਹਾ ਹੈ |

mohali

ਇਸਦੇ ਨਾਲ ਹੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਇਸਰੋ ਦੇ ਸ਼੍ਰੀਹਰੀਕੋਟਾ ਵਿਖੇ ਚੰਦਰਯਾਨ-3 ਦੀ ਲਾਂਚਿੰਗ ਅਤੇ ਪੀ.ਐਸ.ਐਲ.ਵੀ.-ਸੀ 57 ਅਦਿੱਤਆ ਐਲ1 (Aditya L1) ਦੀ ਲਾਂਚ ਦੇ ਗਵਾਹ ਬਣਨ ਲਈ ਭੇਜਿਆ ਗਿਆ ਸੀ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਨ ਵਿਚ ਸਾਇੰਸ ਵਿਸ਼ੇ ਸਬੰਧੀ ਚੇਟਕ ਪੈਦਾ ਕਰਨ ਲਈ ਇਹ ਉਪਰਾਲਾ ਕਰ ਰਹੀ ਹੈ।

ਇਸ ਮੌਕੇ ਸੁਖਦੇਵ ਸਿੰਘ ਪਟਵਾਰੀ, ਰਜੀਵ ਵਸ਼ਿਸ਼ਟ, ਰਣਦੀਪ ਸਿੰਘ, ਗੁਰਪ੍ਰੀਤ ਕੌਰ, ਗੁਰਮੀਤ ਕੌਰ, ਹਰਪਾਲ ਸਿੰਘ ਚੰਨਾ, ਜਸਪਾਲ ਮਟੌਰ, ਹਰਮੇਸ਼ ਸਿੰਘ, ਬਲਰਾਜ ਗਿੱਲ, ਗੁਰਜੀਤ ਸਿੰਘ, ਡਾ. ਕੁਲਦੀਪ ਸਿੰਘ, ਬਚਨ ਸਿੰਘ ਬੋਪਾਰਾਏ ਹਾਜ਼ਰ ਰਹੇ |

Scroll to Top