July 7, 2024 12:28 pm
Sekhan Majra

MLA ਕੁਲਵੰਤ ਸਿੰਘ ਨੇ ਸਬ-ਡਿਵੀਜ਼ਨ ਮੋਹਾਲੀ ਦੇ ਪਿੰਡ ਸੈਖਣ ਮਾਜਰਾ ਵਿਖੇ ਲੱਗੇ ਸੁਵਿਧਾ ਕੈਂਪ ਦਾ ਲਿਆ ਜ਼ਾਇਜ਼ਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਫਰਵਰੀ 2024: ਵਿਧਾਇਕ ਕੁਲਵੰਤ ਸਿੰਘ ਵੱਲੋਂ ‘ਆਪ’ ਦੀ ਸਰਕਾਰ, ਆਪ ਦਾ ਦੁਆਰ ਮੁਹਿੰਮ ਤਹਿਤ ਜ਼ਿਲ੍ਹੇ ਦੀ ਸਬ-ਡਿਵੀਜ਼ਨ ਮੋਹਾਲੀ ਦੇ ਪਿੰਡ ਸੈਖਣ ਮਾਜਰਾ (Sekhan Majra) ਵਿੱਚ ਲਗਾਏ ਗਏ ਵਿਸ਼ੇਸ਼ ਕੈਂਪ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਪਹੁੰਚ ਕੇ ਲਾਭ ਉਠਾਉਣ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 6 ਫਰਵਰੀ ਨੂੰ ਨਾਗਰਿਕ ਸੇਵਾਵਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਹਨਾਂ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਰੋਜ਼ਾਨਾ ਲੋਕਾਂ ਦੇ ਘਰ-ਘਰ ਜਾ ਕੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕੈਂਪ ਉਨ੍ਹਾਂ ਨੂੰ ਮੌਕੇ ‘ਤੇ ਹੀ 44 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਉਨ੍ਹਾਂ ਦਾ ਵਿਤੀ ਖਰਚ ਅਤੇ ਕੀਮਤੀ ਸਮਾਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੈਲਪਲਾਈਨ ਨੰਬਰ 1076 ਵੀ ਸ਼ੁਰੂ ਕੀਤਾ ਗਿਆ ਹੈ, ਜਿੱਥੋਂ ਲੋਕ ਘਰ ਬੈਠੇ ਹੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।