ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 02 ਜਨਵਰੀ 2026: ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਸ਼ੁੱਕਰਵਾਰ ਨੂੰ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ‘ਚ ਨਵੀਆਂ ਸਰਕਾਰੀ ਲਾਇਬ੍ਰੇਰੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਆਮ ਲੋਕਾਂ ‘ਚ ਚੰਗਾ ਸਾਹਿਤ ਅਤੇ ਕਿਤਾਬਾਂ ਪੜ੍ਹਨ-ਲਿਖਣ ਦੇ ਸਭਿਆਚਾਰ ਨੂੰ ਉਤਸ਼ਾਹਿਤ ਕੀਤਾ ਜਾ ਸਕੇ |
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਭਰ ‘ਚ ਲਾਇਬ੍ਰੇਰੀਆਂ ਸਥਾਪਤ ਕਰਨ ਦੀ ਇਹ ਪਹਿਲ ਨੌਜਵਾਨਾਂ ਅਤੇ ਬੱਚਿਆਂ ‘ਚ ਪੜ੍ਹਨ ਦੀ ਆਦਤ ਵਿਕਸਿਤ ਕਰਨ ਲਈ ਬਹੁਤ ਹੀ ਸਾਰਥਕ ਕਦਮ ਸਾਬਤ ਹੋਵੇਗੀ। ਵਿਧਾਇਕ ਨੇ ਕਿਹਾ ਕਿ ਇਹ ਯੋਜਨਾ ਸਿੱਖਿਆ ਅਤੇ ਬੌਧਿਕ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਇਸ ਯੋਜਨਾ ਤਹਿਤ ਮੋਹਾਲੀ ਦੇ ਸੈਕਟਰ-77, 78, 79 ਅਤੇ 80 ‘ਚ ਇੱਕ-ਇੱਕ ਲਾਇਬ੍ਰੇਰੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਨ੍ਹਾਂ ਲਾਇਬ੍ਰੇਰੀਆਂ ਲਈ ਪੰਜਾਬ ਸਰਕਾਰ ਵੱਲੋਂ ਮਿਊਂਸਪਲ ਡਿਵੈਲਪਮੈਂਟ ਫੰਡ (MDF) ਅਧੀਨ ਕੁੱਲ 140 ਲੱਖ ਰੁਪਏ ਜਾਰੀ ਕੀਤੇ ਹਨ, ਜਿਸ ਮੁਤਾਬਕ ਹਰ ਇਕ ਲਾਇਬ੍ਰੇਰੀ ’ਤੇ ਲਗਭੱਗ 35 ਲੱਖ ਰੁਪਏ ਖਰਚ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਹਰ ਲਾਇਬ੍ਰੇਰੀ ਦਾ ਕੁੱਲ ਖੇਤਰਫਲ 1800 ਵਰਗ ਫੁੱਟ ਹੋਵੇਗਾ, ਜਿਸ ‘ਚ 32×27 ਫੁੱਟ ਦਾ ਵਿਸ਼ਾਲ ਹਾਲ, ਮਹਿਲਾਵਾਂ ਅਤੇ ਪੁਰਸ਼ਾਂ ਲਈ ਵੱਖ-ਵੱਖ ਬਾਥਰੂਮ, ਦਫ਼ਤਰ, ਪੈਂਟਰੀ ਅਤੇ ਸਟੋਰ ਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ।
ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਲਾਇਬ੍ਰੇਰੀਆਂ ਦਾ ਨਿਰਮਾਣ ਕਾਰਜ ਲਗਭੱਗ ਤਿੰਨ ਮਹੀਨਿਆਂ ‘ਚ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਾਲੇ ਨੌਜਵਾਨਾਂ ਅਤੇ ਆਮ ਨਾਗਰਿਕਾਂ ਲਈ ਗਿਆਨ ਦੇ ਕੇਂਦਰ ਸਾਬਤ ਹੋਣਗੀਆਂ।
Read More: ਮੋਹਾਲੀ ਦੇ ਸੈਕਟਰ 76-80 ਦੇ ਅਲਾਟੀਆ ਨੂੰ ਪੰਜਾਬ ਸਰਕਾਰ ਵੱਲੋਂ ਵੱਡੀ ਰਾਹਤ




