MLA Kulwant Singh

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ‘ਚ ਮੋਹਾਲੀ ਵਿਖੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਤੇ ਟ੍ਰੈਫਿਕ ਸਮੱਸਿਆ ਦਾ ਮੁੱਦਾ ਚੁੱਕਿਆ

ਐਸ.ਏ.ਐਸ. ਨਗਰ 07 ਮਾਰਚ 2024: ਪੰਜਾਬ ਵਿਧਾਨ ਸਭਾ ‘ਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਐਸ.ਏ.ਐਸ. ਨਗਰ ਦੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਐਸ.ਏ.ਐਸ. ਨਗਰ ਸ਼ਹਿਰ ਦੇ ਨਿਵਾਸੀਆਂ ਅਤੇ ਇੱਥੇ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਤੋਂ ਰੋਜ਼ਾਨਾ ਆਉਂਦੇ ਹਜ਼ਾਰਾਂ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਅਤੇ ਸ਼ਹਿਰ ਵਿੱਚ ਦਿਨ-ਬ-ਦਿਨ ਵੱਧ ਰਹੀ ਟ੍ਰੈਫਿਕ ਕਾਰਨ ਆ ਰਹੀਆਂ ਮੁਸ਼ਕਿਲਾਂ ਦਾ ਮੁੱਦਾ ਚੁੱਕਿਆ |

ਵਿਧਾਇਕ ਸ. ਕੁਲਵੰਤ ਸਿੰਘ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਐਸ.ਏ.ਐਸ. ਨਗਰ ਵਿਖੇ ਚੰਡੀਗੜ੍ਹ ਦੀ ਤਰਜ਼ ‘ਤੇ ਸੜਕ ਦੇ ਇੰਟਰਸੈਕਸ਼ਨਾਂ ‘ਤੇ ਹਾਈਟੈੱਕ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ 10 ਕਰੋੜ ਰੁਪਏ ਦੀ ਰਾਸ਼ੀ ਦਾ ਪ੍ਰਬੰਧ ਪਹਿਲਾਂ ਹੀ ਹੋਣ ਤੋਂ ਇਲਾਵਾ ਸਾਲ 2023-24 ਦੇ ਬਜ਼ਟ ਵਿੱਚ ਵੀ ਇਸ ਮੰਤਵ ਲਈ 5 ਕਰੋੜ ਰੁਪਏ ਦੀ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ | ਜੇਕਰ ਅਜਿਹਾ ਹੈ ਤਾਂ ਐਸ.ਏ.ਐਸ.ਨਗਰ ‘ਚ ਉਕਤ ਕੈਮਰੇ ਕਦੋਂ ਤੱਕ ਲੱਗ ਜਾਣਗੇ ? ਉਨ੍ਹਾਂ ਨੇ ਮੁੱਖ ਮੰਤਰੀ, ਪੰਜਾਬ ਨੂੰ ਵੇਰਵੇ ਸਾਂਝੇ ਕਰਨ ਦੀ ਬੇਨਤੀ ਕੀਤੀ।

ਹਲਕਾ ਵਿਧਾਇਕ (MLA Kulwant Singh) ਦੇ ਇਸ ਸਵਾਲ ‘ਤੇ ਮਾਣਯੋਗ ਮੁੱਖ ਮੰਤਰੀ ਪੰਜਾਬ ਨੇ ਜਵਾਬ ਦਿੱਤਾ ਕਿ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਵੱਖ-ਵੱਖ ਥਾਵਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਅਤੇ ਕਮਾਂਡ ਕੰਟਰੋਲ ਸੈਂਟਰ ਸਥਾਪਿਤ ਕਰਨ ਦਾ ਕੰਮ ਸਤੰਬਰ 2024 ਤੱਕ ਪੂਰਾ ਹੋ ਜਾਵੇਗਾ। ਜਵਾਬ ਮਿਲਣ ਸੰਤੁਸ਼ਟੀ ਜ਼ਾਹਿਰ ਕਰਦਿਆਂ ਸ. ਕੁਲਵੰਤ ਸਿੰਘ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸੀ.ਸੀ.ਟੀ.ਵੀ. ਕੈਮਰੇ ਲੱਗਣ ਨਾਲ ਸ਼ਹਿਰ ਵਿੱਚ ਚੋਰੀ ਅਤੇ ਲੁੱਟ ਖੋਹ ਵਰਗੀਆਂ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਵੇਗੀ, ਬੀਬੀਆਂ, ਬੱਚਿਆਂ ਅਤੇ ਹਰ ਸ਼ਾਂਤੀ ਪਸੰਦ ਵਿਅਕਤੀ ਦੀ ਸੁਰੱਖਿਆ ਵਿੱਚ ਵਾਧਾ ਹੋਵੇਗਾ | ਇਸ ਨਾਲ ਪੁਲਿਸ ਫੋਰਸ ‘ਤੇ ਕੰਮ ਦਾ ਬੋਝ ਘਟੇਗਾ |

ਵਿਧਾਇਕ ਨੇ ਕਿਹਾ ਕਿ ਇਸ ਨਾਲ ਸੜਕੀ ਹਾਦਸਿਆਂ ਵਿੱਚ ਕਮੀ ਆਵੇਗੀ ਅਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ | ਸੀ.ਸੀ.ਟੀ.ਵੀ. ਕੈਮਰੇ ਲੱਗਣ ਨਾਲ ਸ਼ਹਿਰ ‘ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕਾਬੂ ਪਾਇਆ ਜਾ ਸਕੇਗਾ ਕਿਉਂਕਿ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਆਟੋਮੈਟਿਕ ਚਲਾਨ ਹੋਵੇਗਾ | ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਗਏ ਚਲਾਨਾਂ ਰਾਹੀਂ ਪੰਜਾਬ ਸਰਕਾਰ ਨੂੰ ਕਾਫ਼ੀ ਮਾਲੀਆ ਪ੍ਰਾਪਤ ਹੋਵੇਗਾ।

 

Scroll to Top