July 7, 2024 1:21 pm
Sangrur

MLA ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਸੰਗਰੂਰ, 1 ਨਵੰਬਰ, 2023: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ (Sangrur) ਵਿਖੇ ਅੱਜ ਜ਼ਿਲ੍ਹੇ ਦੀਆਂ ਸਮੂਹ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਪਿੰਡਾਂ ਤੇ ਸ਼ਹਿਰਾਂ ਦੇ ਬਹੁ ਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਵਿਭਾਗੀ ਪੱਧਰ ’ਤੇ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਸੰਗਰੂਰ ਨੂੰ ਹਰ ਪੱਖੋਂ ਮੋਹਰੀ ਬਣਾਉਣ ਲਈ ਉਹ ਦਿਨ ਰਾਤ ਸਰਗਰਮ ਹਨ ਅਤੇ ਸੰਗਰੂਰ ਤੇ ਭਵਾਨੀਗੜ੍ਹ ਵਿੱਚ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਸਮੇਂ ਸਿਰ ਹੱਲ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਤਹਿਤ ਜਲਦੀ ਹੀ ਕੈਂਪਾਂ ਦੀ ਲੜੀ ਮੁੜ ਆਰੰਭ ਕਰਕੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਸਥਾਈ ਹੱਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਚੇਅਰਮੈਨ ਮਾਰਕੀਟ ਕਮੇਟੀ ਅਵਤਾਰ ਸਿੰਘ ਈਲਵਾਲ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸੰਗਰੂਰ  (Sangrur) ਤੇ ਭਵਾਨੀਗੜ੍ਹ ਦੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ, ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ, ਮੰਡੀ ਬੋਰਡ, ਪੰਚਾਇਤੀ ਰਾਜ, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਸੀਵਰੇਜ ਬੋਰਡ, ਭੂਮੀ ਰੱਖਿਆ ਆਦਿ ਵਿਭਾਗਾਂ ਰਾਹੀਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕਰਦਿਆਂ ਸਮੁੱਚੇ ਕਾਰਜ ਪਾਰਦਰਸ਼ੀ ਪ੍ਰਣਾਲੀ ਨਾਲ ਨਿਰਧਾਰਿਤ ਸਮੇਂ ਦੇ ਅੰਦਰ ਅੰਦਰ ਮੁਕੰਮਲ ਕਰਨੇ ਯਕੀਨੀ ਬਣਾਉਣ ਲਈ ਆਖਿਆ।

ਵਿਧਾਇਕ ਭਰਾਜ ਨੇ ਸੰਗਰੂਰ ਸ਼ਹਿਰ ਦੇ ਤਿੰਨੇ ਪ੍ਰਮੁੱਖ ਚੌਂਕਾਂ ਨਾਨਕਿਆਣਾ ਚੌਂਕ, ਸ਼ਹੀਦ ਭਗਤ ਸਿੰਘ ਚੌਂਕ ਅਤੇ ਬਰਨਾਲਾ ਕੈਂਚੀਆਂ ਚੌਂਕ ਦੇ ਸੁੰਦਰੀਕਰਨ ਨੂੰ ਵੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਫ਼ਾਈ ਵਿਵਸਥਾ ਨੂੰ ਸੁਚਾਰੂ ਰੱਖਦੇ ਹੋਏ ਸੀਵਰੇਜ ਵਿਵਸਥਾ ਵਿੱਚ ਵੀ ਲੋੜੀਂਦੇ ਸੁਧਾਰਾਂ ਨੂੰ ਯਕੀਨੀ ਬਣਾਇਆ ਜਾਵੇ।

ਵਿਧਾਇਕ ਨੇ ਹਲਕੇ ਵਿੱਚ ਨਵੀਂਆਂ ਬਣ ਰਹੀਆਂ ਪੇਂਡੂ ਲਾਇਬ੍ਰੇਰੀਆਂ, ਆਮ ਆਦਮੀ ਕਲੀਨਿਕਾਂ, ਜਲ ਸਪਲਾਈ ਸਕੀਮਾਂ, ਜ਼ਮੀਨਦੋਜ਼ ਪਾਈਪਾਂ ਦੇ ਪ੍ਰੋਜੈਕਟਾਂ ਆਦਿ ਦੀ ਸਥਿਤੀ ਬਾਰੇ ਵੀ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੇ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਸਮੂਹ ਕਾਰਜਕਾਰੀ ਏਜੰਸੀਆਂ ਦੇ ਐਕਸੀਅਨ, ਬੀ.ਡੀ.ਪੀ.ਓਜ਼ ਤੇ ਈ.ਓਜ਼ ਵੀ ਹਾਜ਼ਰ ਸਨ।