July 8, 2024 1:06 am
Sukhpal Singh Khaira

ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਸੁਰੱਖਿਆ ਵਧਾਉਣ ਦੀ ਕੀਤੀ ਮੰਗ

ਚੰਡੀਗ੍ਹੜ 01 ਜੂਨ 2022: ਪੰਜਾਬੀ ਗਾਇਕ ਅਤੇ ਕਾਂਗਰਸ ਆਗੂ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸੂਬਾ ਸਰਕਾਰ ਤੋਂ ਸੁਰੱਖਿਆ ਦੀ ਮੰਗ ‘ਚ ਵਾਧਾ ਹੋਇਆ ਹੈ । ਇਸਦੇ ਚੱਲਦੇ ਹੁਣ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨੂੰ ਪੱਤਰ ਲਿਖ ਕੇ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ । ਸੁਖਪਾਲ ਖਹਿਰਾ ਨੇ ਪੰਜਾਬ ‘ਚ ਵਿਗੜ ਰਹੇ ਹਾਲਾਤਾਂ ਦੇ ਮੱਦੇਨਜ਼ਰ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਇੰਨਾ ਹੀ ਨਹੀਂ ਸੁਖਪਾਲ ਸਿੰਘ ਖਹਿਰਾ ਨੇ ਪੱਤਰ ਵਿੱਚ ਸਪਸ਼ਟ ਕਿਹਾ ਹੈ ਕਿ ਜੇਕਰ ਉਨ੍ਹਾਂ ਦਾ ਜਾਂ ਉਨ੍ਹਾਂ ਦੇ ਪਰਿਵਾਰ ਦਾ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਪੁਲੀਸ ਹੋਵੇਗੀ।

ਇਸਦੇ ਨਾਲ ਹੀ ਟ੍ਰਿਬਿਊਨ ਦੀ ਰਿਪੋਰਟ ਮੁਤਾਬਿਕ ਸੁਖਪਾਲ ਖਹਿਰਾ ਨੇ ਕਿਹਾ ਕਿ ਕੁਝ ਹਫ਼ਤਿਆਂ ਵਿੱਚ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਹੀ ਨਾਜ਼ੁਕ ਬਣ ਚੁੱਕੀ ਹੈ, ਜਿਸ ਦੀ ਉਦਾਹਰਨ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕਤਲ ਹੈ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਹੁੰਦੇ ਸਮੇਂ ਤੋਂ ਹੀ ਉਹ ਪੰਜਾਬੀਆਂ ਦੇ ਹੱਕਾਂ ਦੀ ਗੱਲ ਜ਼ੋਰਦਾਰ ਢੰਗ ਨਾਲ ਉਠਾਉਂਦੇ ਰਹੇ। ਭਾਵੇਂ ਉਹ ਭੂ ਮਾਫ਼ੀਆ, ਡਰੱਗ ਮਾਫ਼ੀਆ, ਰੇਤ ਮਾਫ਼ੀਆ, ਕੇਬਲ ਮਾਫ਼ੀਆ, ਗੈਂਗਸਟਰਾਂ ਜਾਂ ਡੇਰਾਵਾਦ ਵਿਰੁੱਧ ਹੋਵੇ।