Site icon TheUnmute.com

ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਹਾਈਕੋਰਟ ਦਾ ਕੀਤਾ ਰੁਖ, ਗ੍ਰਿਫਤਾਰੀ ਨੂੰ ਦੱਸਿਆ ਗੈਰ-ਕਾਨੂੰਨੀ

Sukhpal Singh Khaira

ਚੰਡੀਗੜ੍ਹ, 06 ਅਕਤੂਬਰ 2023: ਪੰਜਾਬ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦੀਆਂ ਮੁਸ਼ਕਿਲਾਂ ਵੱਧਦੀਆਂ ਜਾ ਰਹੀਆਂ ਹਨ। ਜਾਂਚ ਕਮੇਟੀ ਦੇ ਹੁਕਮਾਂ ‘ਤੇ ਆਪਣੀ ਗ੍ਰਿਫ਼ਤਾਰੀ ਅਤੇ ਹੇਠਲੀ ਅਦਾਲਤ ਵੱਲੋਂ ਹਿਰਾਸਤ ਵਧਾਉਣ ਦੇ ਹੁਕਮਾਂ ਤੋਂ ਬਾਅਦ ਹੁਣ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲ ਰੁਖ ਕੀਤਾ ਹੈ ।

ਸੁਖਪਾਲ ਸਿੰਘ ਖਹਿਰਾ ਨੇ ਦਾਅਵਾ ਕੀਤਾ ਹੈ ਕਿ ਮਾਰਚ 2015 ਵਿੱਚ ਦਰਜ ਐਫਆਈਆਰ (FIR) ਵਿੱਚ ਉਸ ਨੂੰ ਗੈਰ-ਕਾਨੂੰਨੀ ਢੰਗ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ਨੂੰ ਕੇਸ ਵਿੱਚੋਂ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਇਹ ਕੇਸ ਅਸਲਾ ਐਕਟ ਤੋਂ ਇਲਾਵਾ ਐਨਡੀਪੀਐਸ ਤਹਿਤ ਦਰਜ ਕੀਤਾ ਗਿਆ ਸੀ। ਸੁਖਪਾਲ ਖਹਿਰਾ ਨੇ ਆਪਣੀ ਮੰਗ ‘ਚ ਕਿਹਾ ਕਿ ਉਨ੍ਹਾਂ ਨੇ ਇੱਜ਼ਤ-ਮਾਣ ਦੀ ਜ਼ਿੰਦਗੀ ਬਤੀਤ ਕੀਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਰੀ ਉਮਰ ਉਨ੍ਹਾਂ ਨੇ ਲੋਕ ਸੇਵਾ ਕੀਤੀ ਹੈ, ਪਰ ਸਪੱਸ਼ਟ ਤੌਰ ‘ਤੇ ਅਸਿੱਧੇ, ਰਾਜਨੀਤਿਕ ਤੌਰ ‘ਤੇ ਪ੍ਰੇਰਿਤ, ਬਦਨੀਤੀ ਵਾਲੇ ਵਿਚਾਰਾਂ ਲਈ ਉਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੁਖਪਾਲ ਖਹਿਰਾ (Sukhpal Singh Khaira) ਵੱਲੋਂ ਹਾਈਕੋਰਟ ਵਿੱਚ ਸੁਪਰੀਮ ਕੋਰਟ ਦੀ ਕਾਰਵਾਈ ਦਾ ਹਵਾਲਾ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 2017 ਵਿੱਚ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਵਾਧੂ ਮੁਲਜ਼ਮ ਵਜੋਂ ਸੰਮਨ ਜਾਰੀ ਕਰਕੇ ਉਸ ਖ਼ਿਲਾਫ਼ ਹੇਠਲੀ ਅਦਾਲਤ ਦੀ ਕਾਰਵਾਈ ’ਤੇ ਰੋਕ ਲਾ ਦਿੱਤੀ ਸੀ।

ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 2021 ਵਿੱਚ 2015 ਦੇ ਡਰੱਗਜ਼ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਪਰ ਉਨ੍ਹਾਂ ਨੂੰ 2022 ਵਿੱਚ ਜ਼ਮਾਨਤ ਮਿਲ ਗਈ ਸੀ। ਫਰਵਰੀ 2023 ਵਿੱਚ, ਸੁਪਰੀਮ ਕੋਰਟ ਨੇ ਨਸ਼ਿਆਂ ਦੇ ਮਾਮਲੇ ਵਿੱਚ ਉਨ੍ਹਾਂ ਦੇ ਖਿਲਾਫ ਸੰਮਨ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਇਸ ਤੋਂ ਬਾਅਦ 28 ਸਤੰਬਰ ਨੂੰ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ।

ਇਸ ਦੌਰਾਨ ਇਹ ਮਾਮਲਾ ਸੁਣਵਾਈ ਲਈ ਜੱਜ ਵਿਕਾਸ ਬਹਿਲ ਕੋਲ ਪਹੁੰਚਿਆ, ਪਰ ਉਨ੍ਹਾਂ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕੇਸ ਨੂੰ ਵਾਪਸ ਚੀਫ਼ ਜਸਟਿਸ ਕੋਲ ਭੇਜ ਦਿੱਤਾ। ਜੱਜ ਬਹਿਲ ਨੇ ਕਿਹਾ ਕਿ ਇੱਕ ਵਕੀਲ ਵਜੋਂ ਉਹ ਇੱਕ ਅਜਿਹੇ ਕੇਸ ਵਿੱਚ ਪੇਸ਼ ਹੋਏ ਸਨ, ਜਿਸ ਵਿੱਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਜਵਾਬਦੇਹ ਸਨ।

 

 

Exit mobile version