Panchayat elections

ਪੰਜਾਬ ‘ਚ ਪੰਚਾਇਤ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ

ਚੰਡੀਗੜ੍ਹ, 25 ਸਤੰਬਰ 2024: ਪੰਜਾਬ ਰਾਜ ਕਮਿਸ਼ਨ ਨੇ ਪੰਜਾਬ ‘ਚ 15 ਅਕਤੂਬਰ 2024 ਨੂੰ ਗ੍ਰਾਮ ਪੰਚਾਇਤ ਚੋਣਾਂ (Panchayat elections) ਦਾ ਐਲਾਨ ਕੀਤਾ ਹੈ | ਇਸਦੇ ਨਾਲ ਹੀ ਗ੍ਰਾਮ ਪੰਚਾਇਤ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ |

ਜਿਕਰਯੋਗ ਹੈ ਕਿ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਪੰਜਾਬ ਪੰਚਾਇਤੀ ਰਾਜ ਐਕਟ, 1994 ਦੇ ਸੈਕਸ਼ਨ-209 ਤਹਿਤ ਜਾਰੀ ਨੋਟੀਫਿਕੇਸ਼ਨ ਮੁਤਾਬਕ ਰਾਜ ਚੋਣ ਕਮਿਸ਼ਨ ਨੇ 19 ਸਤੰਬਰ 2024 ਨੂੰ ਆਮ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ।

ਇਸ ਸੰਬੰਧੀ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਚੋਣ ਪ੍ਰੋਗਰਾਮ ਦੇ ਐਲਾਨ ਨਾਲ ਹੀ ਉਮੀਦਵਾਰਾਂ ਅਤੇ ਪੰਜਾਬ ਦੇ ਮਾਰਗਦਰਸ਼ਨ ਲਈ ਗ੍ਰਾਮ ਪੰਚਾਇਤ ਚੋਣਾਂ (Panchayat elections) ਬਾਬਤ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਇਹ ਜ਼ਾਬਤਾ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਜਾਰੀ ਰਹੇਗਾ।

ਚੋਣ ਕਮਿਸ਼ਨਰ ਨੇ ਦੱਸਿਆ ਕਿ ਉਮੀਦਵਾਰਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 27 ਸਤੰਬਰ, 2024 ਨੂੰ ਸ਼ੁਰੂ ਹੋਵੇਗੀ ਅਤੇ ਉਮੀਦਵਾਰ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ‘ਚ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਆਪਣੀਆਂ ਨਾਮਜ਼ਦਗੀਆਂ ਭਰ ਸਕਦੇ ਹਨ | ਇਸਦੇ ਨਾਲ ਹੀ ਨਾਮਜ਼ਦਗੀਆਂ ਭਰਨ ਦੀ ਆਖਰੀ ਤਾਰੀਖ਼ 04 ਅਕਤੂਬਰ ਹੋਵੇਗੀ | ਇਸਦਾ ਨਾਲ ਹੀ 28 ਸਤੰਬਰ ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਜਨਤਕ ਛੁੱਟੀ ‘ਸੀ ਕੋਈ ਨਾਮਜ਼ਦਗੀ ਸਵੀਕਾਰ ਨਹੀਂ ਹੋਵੇਗੀ |

ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 05 ਅਕਤੂਬਰ 2024 (ਸ਼ਨੀਵਾਰ) ਨੂੰ ਕੀਤੀ ਜਾਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਤਾਰੀਖ਼ 07 ਅਕਤੂਬਰ 2024 (ਸੋਮਵਾਰ) ਦੁਪਹਿਰ 03:00 ਵਜੇ ਤੱਕ ਹੈ। ਇਨ੍ਹਾਂ ਚੋਣਾਂ ਲਈ ਸਮਾਂ ਸਵੇਰ 08.00 ਵਜੇ ਤੋਂ ਸ਼ਾਮ 4.00 ਵਜੇ ਤੱਕ ਹੋਵੇਗਾ | ਵੋਟਿੰਗ ਖਤਮ ਹੋਣ ਉਪਰੰਤ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਹੋਵੇਗੀ।

ਚੋਣ ਕਮਿਸ਼ਨਰ ਨੇ ਦੱਸਿਆ ਕਿ ਲੋੜ ਮੁਤਾਬਕ 13,237 ਸਰਪੰਚਾਂ ਅਤੇ 83,437 ਪੰਚਾਂ ਲਈ ਪੋਲਿੰਗ ਕਰਵਾਈ ਜਾਵੇਗੀ। ਇਨ੍ਹਾਂ ਚੋਣ ਲਈ ਕੁੱਲ 1,33,97,922 ਰਜਿਸਟਰਡ ਵੋਟਰ ਹਨ | ਇਨ੍ਹਾਂ ‘ਚ 70,51,722 ਪੁਰਸ਼, 63,46,008 ਬੀਬਾ ਅਤੇ 192 ਹੋਰ ਸ਼ਾਮਲ ਹਨ।

ਚੋਣ ਕਮਿਸ਼ਨਰ ਮੁਤਾਬਕ ਇਨ੍ਹਾਂ ਚੋਣਾਂ ‘ਚ ਸਰਪੰਚ ਲਈ ਚੋਣ ਲੜ ਰਹੇ ਉਮੀਦਵਾਰ 40,000 ਖਰਚ ਕਰ ਸਕਦੇ ਹਨ ਅਤੇ ਪੰਚ ਲਈ 30,000 ਰੁਪਏ ਨਿਰਧਾਰਤ ਕੀਤੀ ਹੈ। ਉਨ੍ਹਾਂ ਕਿਹਾ ਕਿ 19,110 ਪੋਲਿੰਗ ਬੂਥਾਂ ‘ਤੇ ਚੋਣਾਂ ਨੂੰ ਲਈ ਲਗਭਗ 96,000 ਕਰਮਚਾਰੀ ਚੋਣ ਡਿਊਟੀ ‘ਤੇ ਤਾਇਨਾਤ ਕੀਤੇ ਜਾਣਗੇ |

ਇਸਦੇ ਨਾਲ ਹੀ ਜ਼ਿਲ੍ਹਿਆਂ ‘ਚ 23 ਸੀਨੀਅਰ ਆਈ.ਏ.ਐਸ./ਪੀ.ਸੀ.ਐਸ. ਅਫਸਰਾਂ ਨੂੰ ਜਨਰਲ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਜਾਵੇਗਾ। ਕਮਿਸ਼ਨ ਵੱਲੋਂ ਚੋਣਾਂ ਨੂੰ ਨਿਰਪੱਖ, ਆਜ਼ਾਦ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਹਨ।

Scroll to Top