July 7, 2024 1:36 pm
Rahul Gandhi

ਮੋਦੀ ਸਰਨੇਮ ਮਾਮਲਾ: ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਦੀ ਸਜ਼ਾ ‘ਤੇ ਲਾਈ ਰੋਕ

ਚੰਡੀਗੜ੍ਹ, 04 ਅਗਸਤ 2023: ਸੁਪਰੀਮ ਕੋਰਟ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨੂੰ ਮੋਦੀ ਸਰਨੇਮ ਮਾਮਲੇ ‘ਚ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਦੀ ਦੋ ਸਾਲ ਲਈ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ | ਇਸ ਦੌਰਾਨ ਜਸਟਿਸ ਬੀਆਰ ਗਵਈ, ਜਸਟਿਸ ਪੀਐਸ ਨਰਸਿਮਹਾ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਬੈਂਚ ਨੇ ਹੁਕਮਾਂ ਵਿੱਚ ਕਿਹਾ ਕਿ ਹੇਠਲੀ ਅਦਾਲਤ ਦੇ ਜੱਜ ਨੂੰ ਆਪਣੇ ਫੈਸਲੇ ਵਿੱਚ ਵੱਧ ਤੋਂ ਵੱਧ ਸਜ਼ਾ ਸੁਣਾਉਣ ਦੇ ਕਾਰਨ ਦੱਸੇ ਜਾਣੇ ਚਾਹੀਦੇ ਸਨ। ਰਾਹੁਲ ਗਾਂਧੀ ਦੀ ਤਰਫੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਲੀਲਾਂ ਪੇਸ਼ ਕੀਤੀਆਂ।

ਸ਼ਿਕਾਇਤਕਰਤਾ ਪੂਰਨੇਸ਼ ਮੋਦੀ ਦੀ ਤਰਫੋਂ ਸੀਨੀਅਰ ਵਕੀਲ ਮਹੇਸ਼ ਜੇਠਮਲਾਨੀ ਨੇ ਦਲੀਲ ਦਿੱਤੀ। ਬੈਂਚ ਨੇ ਰਾਹੁਲ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਅਦਾਲਤ ਨੇ ਦੋਵਾਂ ਧਿਰਾਂ ਨੂੰ 15-15 ਮਿੰਟ ਦਾ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਰਾਹੁਲ ਨੂੰ 1 ਸਾਲ 11 ਮਹੀਨੇ ਦੀ ਸਜ਼ਾ ਹੋਈ ਹੁੰਦੀ ਤਾਂ ਉਹ ਸੰਸਦ ਮੈਂਬਰ ਦੇ ਤੌਰ ‘ਤੇ ਅਯੋਗ ਨਹੀਂ ਹੁੰਦੇ। ਰਾਹੁਲ ਨੇ ‘ਮੋਦੀ ਸਰਨੇਮ’ ਮਾਣਹਾਨੀ ਮਾਮਲੇ ‘ਚ ਸਜ਼ਾ ਮੁਅੱਤਲ ਕਰਨ ਤੋਂ ਇਨਕਾਰ ਕਰਨ ਦੇ ਗੁਜਰਾਤ ਹਾਈਕੋਰਟ ਨੂੰ ਚੁਣੌਤੀ ਦਿੱਤੀ ਸੀ।