PM Modi to visit Punjab on December 8

8 ਦਸੰਬਰ ਨੂੰ ‘ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ’ ਤੇ ਪੰਜਾਬ ਆਉਣਗੇ PM ਮੋਦੀ, ਸੁਖਬੀਰ ਦਾ ਵੱਡਾ ਐਲਾਨ

24 ਨਵੰਬਰ 2026 : ਪੰਜਾਬ ਦੀ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (BJP) ਦੇ ਮੁੜ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਦਸੰਬਰ ਨੂੰ ਪੰਜਾਬ ਆਉਣਗੇ। ਉਹ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਪੰਜਾਬ ਪਹੁੰਚਣਗੇ।

ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਨਹੁੰ-ਮਾਸ ਦਾ ਰਿਸ਼ਤਾ

ਗੱਠਜੋੜ ਬਾਰੇ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਰਿਸ਼ਤਾ ਸਿਰਫ਼ ਸਿਆਸੀ ਸਮਝੌਤੇ ਤੱਕ ਸੀਮਤ ਨਹੀਂ ਹੈ। ਉਨ੍ਹਾਂ ਮੁਤਾਬਕ, ਸ. ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਇਸ ਗੱਠਜੋੜ ਨੂੰ ਨਹੁੰ-ਮਾਸ ਦਾ ਰਿਸ਼ਤਾ ਕਹਿੰਦੇ ਸਨ। ਇਸ ਦੀ ਨੀਂਹ ਪ੍ਰਕਾਸ਼ ਸਿੰਘ ਬਾਦਲ ਅਤੇ ਲਾਲ ਕ੍ਰਿਸ਼ਨ ਅਡਵਾਨੀ ਵੱਲੋਂ ਰੱਖੀ ਗਈ ਸੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ 106 ਸਾਲ ਪੁਰਾਣੀ ਖੇਤਰੀ ਪਾਰਟੀ ਹੈ, ਜਿਸ ਨੇ ਪੰਜਾਬ ਅਤੇ ਦੇਸ਼ ਲਈ ਕਈ ਕੁਰਬਾਨੀਆਂ ਦਿੱਤੀਆਂ ਹਨ।

ਕਾਂਗਰਸ ਅਤੇ ‘ਆਪ’ ਸਰਕਾਰ ‘ਤੇ ਸਾਧੇ ਨਿਸ਼ਾਨੇ

ਇਸ ਦੌਰਾਨ ਸੁਖਬੀਰ ਬਾਦਲ ਨੇ ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ 10 ਸਾਲਾਂ ਦੌਰਾਨ ਦੋਵਾਂ ਸਰਕਾਰਾਂ ਦੇ ਕਾਰਜਕਾਲ ਵਿੱਚ ਪੰਜਾਬ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਮੌਜੂਦਾ ਹਾਲਾਤ ਲਈ ਗੈਂਗਸਟਰਵਾਦ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ਵੀ ਚੁੱਕੇ।

ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣ ਦੀ ਗੱਲ

ਸੁਖਬੀਰ ਬਾਦਲ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਨੂੰ ਸੋਨੇ ਦੀ ਚਿੜੀ ਕਿਹਾ ਜਾਂਦਾ ਸੀ। ਹੁਣ ਸੂਬੇ ਦੀ ਜਵਾਨੀ, ਕਿਸਾਨੀ ਅਤੇ ਰੁਜ਼ਗਾਰ ਨੂੰ ਬਚਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਅਤੇ ਪੰਜਾਬ ਨੂੰ ਮੁੜ ਤਰੱਕੀ ਦੀ ਰਾਹ ‘ਤੇ ਲਿਜਾਣ ਲਈ ਕੇਂਦਰ ਸਰਕਾਰ ਦੇ ਸਹਿਯੋਗ ਦੀ ਲੋੜ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ 8 ਦਸੰਬਰ ‘ਤੇ ਟਿਕੀਆਂ ਹੋਈਆਂ ਹਨ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਸਿਆਸੀ ਹਲਚਲ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।

READ MORE : ਬਦਲਦੇ ਮੌਸਮ ਦਾ ਬੱਚਿਆਂ ’ਤੇ ਅਸਰ! ਖੰਘ-ਜ਼ੁਕਾਮ ਤੇ ਵਾਇਰਲ ਦਾ ਵਧਿਆ ਖ਼ਤਰਾ, ਡਾਕਟਰਾਂ ਦੀ ਖ਼ਾਸ ਸਲਾਹ!

ਵਿਦੇਸ਼

Scroll to Top