ਮੋਗਾ, 22 ਮਈ 2025: ਮੋਗਾ ਪੁਲਿਸ (Moga Police) ਨੇ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਇੱਕ ਹੋਰ ਸਫਲਤਾ ਹਾਸਲ ਕੀਤੀ ਹੈ। ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਮੋਗਾ ਪੁਲਿਸ ਨੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਵੱਡੀ ਮਾਤਰਾ ‘ਚ ਹਥਿਆਰ, ਜ਼ਿੰਦਾ ਕਾਰਤੂਸ, ਸੋਨਾ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਐਸਐਸਪੀ ਮੋਗਾ ਦੇ ਹੁਕਮਾਂ ‘ਤੇ ਡੀਐਸਪੀ ਡੀ ਸੁਖ ਅੰਮ੍ਰਿਤਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਇਹ ਵਿਸ਼ੇਸ਼ ਕਾਰਵਾਈ ਕੀਤੀ ਗਈ। ਇੱਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਮੋਗਾ ‘ਚ ਇੱਕ ਘਰ ‘ਤੇ ਛਾਪਾ ਮਾਰਿਆ ਅਤੇ ਇੱਕ 12 ਬੋਰ ਦੀ ਬੰਦੂਕ, ਇੱਕ ਪਿਸਤੌਲ, 324 ਜ਼ਿੰਦਾ ਕਾਰਤੂਸ, 5 ਤੋਲੇ ਸੋਨਾ ਅਤੇ 45,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਇਸ ਦੌਰਾਨ ਪੁਲਿਸ (Moga Police) ਨੇ ਲਖਵੀਰ ਸਿੰਘ ਅਤੇ ਨਵਜੋਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੇ ਘਰਾਂ ਤੋਂ 3 ਲੱਖ 74 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ 519,100 ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ, ਜੋ ਕਿ ਡਰੱਗ ਵਪਾਰ ਨਾਲ ਸਬੰਧਤ ਸੀ। ਪੁਲਿਸ ਮੁਤਾਬਕ ਇਹ ਤਸਕਰ ਵੱਡੇ ਪੱਧਰ ‘ਤੇ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਸਨ।
ਡੀਐਸਪੀ ਰੰਧਾਵਾ ਨੇ ਕਿਹਾ ਕਿ ਮੋਗਾ ਪੁਲਿਸ ਦਾ ਉਦੇਸ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਹੈ ਅਤੇ ਇਸ ਦਿਸ਼ਾ ‘ਚ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੋ ਹੋਰ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਪੁਲਿਸ ਨੇ ਦੱਸਿਆ ਕਿ ਬਲਰਾਜ ਸਿੰਘ ਅਤੇ ਦਵਿੰਦਰ ਸਿੰਘ ਵਿਰੁੱਧ ਪਹਿਲਾਂ ਹੀ ਕਈ ਮਾਮਲੇ ਦਰਜ ਹਨ। ਬਲਰਾਜ ਸਿੰਘ ਵਿਰੁੱਧ ਪੰਜ ਮਾਮਲੇ ਦਰਜ ਹਨ ਅਤੇ ਦਵਿੰਦਰ ਸਿੰਘ ਵਿਰੁੱਧ ਸੱਤ ਮਾਮਲੇ ਦਰਜ ਹਨ, ਪਰ ਉਨ੍ਹਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
Read More: ਪੰਜਾਬ ਪੁਲਿਸ ਵੱਲੋਂ ਨਾਰਕੋ-ਹਵਾਲਾ ਸਿੰਡੀਕੇਟ ਦਾ ਪਰਦਾਫਾਸ਼, ਲੱਖਾਂ ਰੁਪਏ ਦੀ ਹੈਰੋਇਨ ਸਣੇ 3 ਗ੍ਰਿਫਤਾਰ