Site icon TheUnmute.com

ਮੋਹਾਲੀ ਪ੍ਰਸ਼ਾਸਨ ਜ਼ਰੂਰੀ ਵਸਤਾਂ ਤੋਂ ਇਲਾਵਾ ਪੈਟਰੋਲ-ਡੀਜ਼ਲ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ: DC ਆਸ਼ਿਕਾ ਜੈਨ

petrol-diesel

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜਨਵਰੀ, 2024: ਡਰਾਈਵਰਾਂ ਅਤੇ ਟਰਾਂਸਪੋਰਟਰਾਂ ਦੀ ਹੜਤਾਲ ਦੇ ਦਰਮਿਆਨ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਆਮ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਸਥਿਤੀ ਕਾਬੂ ਹੇਠ ਹੈ ਅਤੇ ਉਨ੍ਹਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਹ ਵੀ ਅਪੀਲ ਕੀਤੀ ਹੈ ਕਿ ਪੈਟਰੋਲ-ਡੀਜ਼ਲ (petrol-diesel) ਦਾ ਬਿਨਾਂ ਲੋੜ ਤੋਂ ਭੰਡਾਰ ਕਰਕੇ ਇਸ ਦੀ ਕਮੀ ਪੈਦਾ ਨਾ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ਨੂੰ ਦੇਖਦਿਆਂ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ (petrol-diesel) ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਟਰਾਂਸਪੋਰਟ ਯੂਨੀਅਨਾਂ ਅਤੇ ਤੇਲ ਕੰਪਨੀਆਂ ਦੇ ਸੇਲਜ਼ ਮੈਨੇਜਰਾਂ ਨਾਲ ਬੈਠਕ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਪੱਧਰ ‘ਤੇ ਸਥਿਤੀ ਨੂੰ ਸੰਭਾਲਣ ਅਤੇ ਟਰਾਂਸਪੋਰਟ ਆਪਰੇਟਰਾਂ ਦਾ ਭਰੋਸਾ ਜਿੱਤਣ ਲਈ ਕੋਸ਼ਿਸ਼ ਕਰ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਇਸ ਸਮੇਂ ਦੌਰਾਨ ਤੇਲ ਦਾ ਭੰਡਾਰ ਨਾ ਕਰਨ ਦੀ ਜ਼ੋਰਦਾਰ ਅਪੀਲ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ‘ਤੇ ਭਾਗੀਦਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਚਾਹੇ ਉਹ ਤੇਲ ਕੰਪਨੀਆਂ, ਟਰਾਂਸਪੋਰਟ ਯੂਨੀਅਨਾਂ ਜਾਂ ਪੈਟਰੋਲੀਅਮ ਡੀਲਰ ਹੋਣ ਤਾਂ ਜੋ ਸਥਿਤੀ ਨੂੰ ਸਹੀ ਲੀਹ ‘ਤੇ ਲਿਆਂਦਾ ਜਾ ਸਕੇ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਿਰਫ਼ ਤੇਲ ਹੀ ਨਹੀਂ, ਹੋਰ ਜ਼ਰੂਰੀ ਵਸਤਾਂ ਜਿਵੇਂ ਐਲਪੀਜੀ ਅਤੇ ਦਵਾਈਆਂ ਦੀ ਸਪਲਾਈ ਵਿੱਚ ਵੀ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਫਵਾਹਾਂ ਰਾਹੀਂ ਦਹਿਸ਼ਤ ਫੈਲਾਉਣ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨੂੰ ਵੀ ਪੈਟਰੋਲ ਪੰਪਾਂ ‘ਤੇ ਗਸ਼ਤ ਵਧਾਉਣ ਦੀ ਤਾਕੀਦ ਕੀਤੀ ਗਈ ਹੈ ਤਾਂ ਜੋ ਉਥੇ ਗੜਬੜ ਵਰਗੀ ਸਥਿਤੀ ਨਾ ਬਣੇ ਅਤੇ ਅਮਨ-ਕਾਨੂੰਨ ਕਾਇਮ ਰੱਖਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਜਿਵੇਂ ਐਂਬੂਲੈਂਸਾਂ ਅਤੇ ਹੋਰਾਂ ਲਈ, ਕਿਸੇ ਵੀ ਅਣਚਾਹੇ ਸਥਿਤੀ ਨੂੰ ਰੋਕਣ ਲਈ ਲੋੜੀਂਦੀ ਮਾਤਰਾ ਵਿੱਚ ਸਟਾਕ ਰਾਖਵਾਂ ਰੱਖਿਆ ਗਿਆ ਹੈ।

Exit mobile version