Site icon TheUnmute.com

ਮੋਹਾਲੀ: ਡੀਸੀ ਆਸ਼ਿਕਾ ਜੈਨ ਨੇ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ

DC Aashika Jain

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ, 2024: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ (DC Aashika Jain) ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਵੱਧ ਨਮੀ ਵਾਲੇ ਅਨਾਜ ਨੂੰ ਮੰਡੀਆਂ ਵਿੱਚੋਂ ਦੂਰ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਸ਼੍ਰੀਮਤੀ ਜੈਨ ਨੇ ਕਿਸਾਨ ਭਾਈਚਾਰੇ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਨਮੀ ਦੀ ਜ਼ਿਆਦਾ ਮਾਤਰਾ ਕਾਰਨ ਫ਼ਸਲ ਨੂੰ ਸੁੱਕਣ ਵਿੱਚ ਵਾਧੂ ਸਮਾਂ ਲੱਗੇਗਾ, ਜਿਸ ਕਾਰਨ ਅਨਾਜ ਮੰਡੀਆਂ ਵਿੱਚ ਭੀੜ ਲੱਗ ਜਾਵੇਗੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਹਨ, ਇਸ ਲਈ ਉਹ ਨਮੀ ਵਾਲੀ ਕਣਕ ਦਾਣਾ ਮੰਡੀਆਂ ਵਿੱਚ ਜਲਦਬਾਜ਼ੀ ਵਿੱਚ ਨਾ ਲਿਆਉਣ। ਉਨ੍ਹਾਂ ਕਿਹਾ ਕਿ ਹੁਣ ਤੱਕ ਬਨੂੜ, ਖਰੜ, ਲਾਲੜੂ ਅਤੇ ਡੇਰਾਬੱਸੀ ਮੰਡੀਆਂ ਵਿੱਚ ਕਣਕ ਦੀ ਆਮਦ ਹੋਈ ਹੈ ਪਰ ਨਮੀ ਦੀ ਮਾਤਰਾ ਜ਼ਿਆਦਾ ਹੈ ਜਿਸ ਕਾਰਨ ਖਰੀਦ ਵਿੱਚ ਮੁਸ਼ਕਲਾਂ ਆ ਰਹੀਆਂ ਹਨ।

ਉਨ੍ਹਾਂ (DC Aashika Jain) ਕਿਹਾ ਕਿ ਖਰੀਦ ਏਜੰਸੀਆਂ ਮਾਪਦੰਡਾਂ ਦੇ ਅੰਦਰ ਹੀ ਅਨਾਜ ਖਰੀਦਣ ਲਈ ਪਾਬੰਦ ਹਨ, ਇਸ ਲਈ ਕਿਸਾਨਾਂ ਨੂੰ ਨਮੀ ਦੀ ਮਾਤਰਾ ਦਾ ਧਿਆਨ ਰੱਖਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਐਂਟਰੀ ਪੁਆਇੰਟਾਂ ‘ਤੇ ਉਪਲਬਧ ਨਮੀ ਦੇ ਮੀਟਰ ਰੱਖਣ ਅਤੇ ਕਿਸਾਨਾਂ ਨੂੰ ਨਿਰਧਾਰਤ ਨਮੀ ਦੀ ਮਾਤਰਾ ਬਾਰੇ ਜਾਗਰੂਕ ਕਰਨ ਲਈ ਕਿਹਾ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਲ ਜ਼ਿਲ੍ਹੇ ਵਿੱਚ ਕਣਕ ਦੀ ਫ਼ਸਲ ਦੀ ਖ਼ਰੀਦ ਲਈ 17 ਖ਼ਰੀਦ ਕੇਂਦਰ ਹਨ। ਉਨ੍ਹਾਂ ਖਰੀਦ ਏਜੰਸੀਆਂ ਨੂੰ ਫੀਲਡ ਵਿੱਚ ਆਉਣ ਅਤੇ ਖਰੀਦ ਨੂੰ ਤੇਜ਼ ਕਰਨ ਲਈ ਵੀ ਕਿਹਾ। ਮੀਟਿੰਗ ਵਿੱਚ ਏ ਡੀ ਸੀ (ਜ) ਵਿਰਾਜ ਐਸ ਤਿੜਕੇ, ਐਸ ਡੀ ਐਮ ਮੁਹਾਲੀ ਦੀਪੰਕਰ ਗਰਗ, ਡੀ ਐਫ ਐਸ ਸੀ ਵਿਜੇ ਕੁਮਾਰ ਸਿੰਗਲਾ, ਜਦਕਿ ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਜ਼ਿਲ੍ਹਾ ਮੰਡੀ ਅਫਸਰ ਗਗਨਦੀਪ ਸਿੰਘ ਅਤੇ ਏਜੰਸੀਆਂ ਦੇ ਡੀ ਐਮਜ਼ ਨੇ ਆਨਲਾਈਨ ਸ਼ਮੂਲੀਅਤ ਕੀਤੀ।

Exit mobile version