ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫਰਵਰੀ 2024: ਆਸ਼ਿਕਾ ਜੈਨ, ਜ਼ਿਲ੍ਹਾ ਮੈਜਿਸਟ੍ਰੇਟ (District Magistrate) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 11 ਫਰਵਰੀ 2024 ਤੋਂ 10 ਅਪ੍ਰੈਲ 2024 ਤੱਕ ਲਾਗੂ ਰਹਿਣਗੇ।
ਇਥੇ ਇਹ ਵਰਨਣਯੋਗ ਹੈ ਕਿ ਸੀਨੀਅਰ ਕਪਤਾਨ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ (District Magistrate) ਐਸ.ਏ.ਐਸ ਨਗਰ ਦੇ ਇਹ ਧਿਆਨ ਵਿਚ ਲਿਆਂਦਾ ਗਿਆ ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ, ਬੇਰੁਜ਼ਗਾਰ ਆਦਿ ਯੂਨੀਅਨ/ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫ਼ੋਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ ਉੱਤੇ ਚੜ੍ਹਕੇ ਅਤੇ ਸੜਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।