Site icon TheUnmute.com

ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਦੀ ਸਲਾਹ, ਗਰਮੀ ਤੋਂ ਬਚਣ ਲਈ ਕਰੋ ਇਹ ਉਪਾਅ

ਗਰਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਈ, 2024: ਜ਼ਿਲ੍ਹਾ ਪ੍ਰਸ਼ਾਸਨ (Mohali) ਨੇ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਦੀ ਸਲਾਹ ਦਿੱਤੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਮੌਸਮ ਆਮ ਤੌਰ ’ਤੇ ਕਾਫ਼ੀ ਗਰਮ ਹੁੰਦਾ ਹੈ, ਇਸ ਲਈ ਗਰਮੀ ਤੋਂ ਬਚਾਅ ਜ਼ਰੂਰੀ ਹੈ।

ਲੂ ਤੋਂ ਬਚਾਅ ਲਈ ਸਾਵਧਾਨੀਆਂ ਜਾਰੀ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਬੈਠਕ ਦੌਰਾਨ ਉਨ੍ਹਾਂ ਕਿਹਾ ਕਿ ਗਰਮੀ ਕਾਰਨ ਤਾਪਮਾਨ ਵੱਧ ਜਾਂਦਾ ਹੈ ਜਿਸ ਕਾਰਨ ਸਰੀਰ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ, ਵਿਅਕਤੀ ਨੂੰ ਚੱਕਰ ਆ ਸਕਦੇ ਹਨ, ਬੇਹੋਸ਼ ਹੋ ਕੇ ਡਿੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਅਤੇ ਲੂ ਦਾ ਅਸਰ ਬਜ਼ੁਰਗਾਂ, ਬੱਚਿਆਂ, ਨਵਜਨਮੇ ਬੱਚਿਆਂ, ਗਰਭਵਤੀ ਔਰਤਾਂ, ਖੁੱਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਮਜ਼ਦੂਰਾਂ, ਕਿਸਾਨਾਂ, ਬੇਘਰੇ ਲੋਕਾਂ, ਸੜਕਾਂ-ਫ਼ੁੱਟਪਾਥਾਂ ਕੰਢੇ ਰਹਿਣ ਵਾਲੇ ਲੋਕਾਂ, ਮਾਨਸਿਕ ਜਾਂ ਸਰੀਰਕ ਬੀਮਾਰੀਆਂ ਤੋਂ ਪੀੜਤ ਲੋਕਾਂ ਖ਼ਾਸਕਰ ਦਿਲ ਦੀ ਬੀਮਾਰੀ ਅਤੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ, ਮੋਟਾਪੇ ਤੋਂ ਪੀੜਤ ਲੋਕਾਂ, ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀਆਂ ਆਦਿ ’ਤੇ ਜ਼ਿਆਦਾ ਹੋ ਸਕਦਾ ਹੈ। ਇਸ ਲਈ ਇਨ੍ਹਾਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਅਜਿਹੇ ਵਿਅਕਤੀਆਂ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ ਜਿਸ ਕਾਰਨ ਉਹ ਗਰਮੀ ਤੇ ਲੂ ਦੀ ਲਪੇਟ ਵਿਚ ਛੇਤੀ ਆ ਸਕਦੇ ਹਨ।

ਬੈਠਕ ’ਚ ਮੌਜੂਦ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਲੂ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਮੀ ਕਾਰਨ ਪਿੱਤ ਹੋਣਾ ਜਾਂ ਚੱਕਰ ਆਉਣੇ, ਬਹੁਤ ਪਸੀਨਾ ਆਉਣਾ ਤੇ ਥਕਾਣ ਹੋਣਾ, ਸਿਰ ਦਰਦ ਤੇ ਉਲਟੀਆਂ ਲੱਗਣੀਆਂ, ਗਰਮੀ ਦੇ ਬਾਵਜੂਦ ਘੱਟ ਪਸੀਨਾ ਆਉਣਾ, ਲਾਲ, ਗਰਮ ਤੇ ਖ਼ੁਸ਼ਕ ਚਮੜੀ, ਪੁਰਾਣੀਆਂ ਬੀਮਾਰੀਆਂ, ਮਾਸਪੇਸ਼ੀਆਂ ਵਿਚ ਕਮਜ਼ੋਰੀ ਆਦਿ ਇਸ ਦੇ ਲੱਛਣ ਹੋ ਸਕਦੇ ਹਨ।

ਗਰਮੀ ਤੋਂ ਬਚਾਅ ਲਈ ਵਰਤੋਂ ਇਹ ਸਾਵਧਾਨੀਆਂ:-

ਅਪਣੇ ਘਰ ਨੂੰ ਠੰਢਾ ਰੱਖੋ। ਦਿਨ ਵੇਲੇ ਤਾਕੀਆਂ ਅਤੇ ਦਰਵਾਜ਼ੇ ਬੰਦ ਰੱਖੋ। ਪਾਣੀ ਜ਼ਿਆਦਾ ਪੀਉ, ਲੱਸੀ, ਨਿੰਬੂ ਪਾਣੀ, ਓ.ਆਰ.ਐਸ. ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਕਰੋ, (ਜਿਨ੍ਹਾਂ ਮਰੀਜ਼ਾਂ ਨੂੰ ਪਾਣੀ/ਤਰਲ ਦੀ ਸੀਮਤ ਵਰਤੋਂ ਲਈ ਕਿਹਾ ਗਿਆ ਹੈ, ਉਹ ਆਪਣੇ ਡਾਕਟਰ ਦੀ ਸਲਾਹ ਲੈਣ)। ਸਰੀਰ ਨੂੰ ਠੰਢਾ ਰੱਖੋ। ਹਲਕੇ ਰੰਗ ਦੇ ਕਪੜੇ ਪਾਉ। ਬਾਹਰ ਜਾਣ ’ਤੇ ਐਨਕ ਲਾਉ ਤੇ ਸਿਰ ਢੱਕ ਕੇ ਰੱਖੋ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ ਜਿਵੇਂ ਰੁੱਖ ਜਾਂ ਹੋਰ ਛਾਂਦਾਰ ਥਾਂ। ਮੌਸਮੀ ਫਲ ਖਾਉ। ਨੰਗੇ ਪੈਰ ਬਾਹਰ ਨਾ ਜਾਉ। ਹਰ ਅੱਧੇ ਘੰਟੇ ਬਾਅਦ ਪਾਣੀ ਪੀਉ। ਧੁੱਪ ਵਿਚ ਜਾਣ ਵੇਲੇ ਪਾਣੀ ਨਾਲ ਲੈ ਕੇ ਜਾਉ।

ਇਹ ਨਾ ਕਰੋ:-

ਆਮ ਤੌਰ ’ਤੇ ਦੁਪਹਿਰ 12 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤਕ ਬਾਹਰ ਜਾਣ ਤੋਂ ਬਚੋ। ਗਰਮੀ ਦੇ ਸਿਖਰ ਦੇ ਸਮੇਂ ਖਾਣਾ ਬਣਾਉਣ ਤੋਂ ਬਚੋ। ਰਸੋਈ ਦੇ ਖੇਤਰ ਨੂੰ ਹਵਾਦਾਰ ਰੱਖੋ। ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿਚ ਨਾ ਛੱਡੋ। ਤਿੱਖੀ ਧੁੱਪ ਵਿਚ ਨਾ ਜਾਉ। ਸ਼ਰਾਬ, ਚਾਹ, ਕੌਫ਼ੀ ਆਦਿ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਉ। ਜਿੰਨਾ ਹੋ ਸਕੇ, ਸਖ਼ਤ ਸਰੀਰਕ ਸਰਗਰਮੀ ਤੋਂ ਬਚੋ।

ਡਿਪਟੀ ਕਮਿਸ਼ਨਰ ਨੇ ਬੈਠਕ ’ਚ ਹਾਜ਼ਰ ਐਮ.ਸੀ ਮੋਹਾਲੀ ਦੇ ਕਮਿਸ਼ਨਰ ਨਵਜੋਤ ਕੌਰ ਅਤੇ ਏ ਡੀ ਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੂੰ ਇਨ੍ਹਾਂ ਸਾਵਧਾਨੀਆਂ ਬਾਰੇ ਆਮ ਲੋਕਾਂ ਨੂੰ ਸਥਾਨਕ ਸਰਕਾਰ ਸੰਸਥਾਂਵਾਂ ਰਾਹੀਂ ਜਾਣੂ ਕਰਵਾਉਣ ਦੇ ਨਾਲ-ਨਾਲ ਇਨ੍ਹਾਂ ’ਚ ਪੰਛੀਆਂ ਅਤੇ ਪਸ਼ੂਆਂ ਲਈ ਪੀਣ ਦੇ ਪਾਣੀ ਦਾ ਪ੍ਰਬੰਧ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੂ ਪ੍ਰਭਾਵਿਤ ਮਰੀਜ਼ਾਂ ਦੇ ਹਸਪਤਾਲ ’ਚ ਇਲਾਜ ਲਈ ਢੁਕਵੇਂ ਪ੍ਰਬੰਧ ਕਰਨ ਲਈ ਆਖਿਆ। ਮੀਟਿੰਗ ’ਚ ਏ ਡੀ ਸੀ (ਜ) ਵਿਰਾਜ ਐਸ ਤਿੜਕੇ ਅਤੇ ਏ ਡੀ ਸੀ (ਵਿਕਾਸ) ਸੋਨਮ ਚੌਧਰੀ ਵੀ ਮੌਜੂਦ ਸਨ।

Exit mobile version