Lok Sabha Elections

ਮੋਹਾਲੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਲੀਗਲ ਅਵੇਅਰਨੈਸ ਪ੍ਰੋਗਰਾਮ ਦੀ ਸੁ਼ਰੂਆਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਜਨਵਰੀ 2024: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ ਜਾਰੀ ਹਦਾਇਤਾਂ ਅਤੇ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ ਨਗਰ ਨਗਰ ਦੀ ਯੋਗ ਅਗਵਾਈ ਅਧੀਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ 18 ਜਨਵਰੀ ਤੋਂ 31 ਜਨਵਰੀ ਤੱਕ ਲੀਗਲ ਅਵੇਅਰਨੈਸ ਪ੍ਰੋਗਰਾਮ (Legal Awareness Program) ਦੀ ਸੁ਼ਰੂਆਤ ਕੀਤੀ ਗਈ।

ਇਸ ਮੌਕੇ ਤੇ ਸੁਰਭੀ ਪ੍ਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੀਗਲ ਅਵੇਅਰਨੈਸ ਪ੍ਰੋਗਰਾਮ (Legal Awareness Program) ਲਈ ਪੈਨਲ ਦੇ ਵਕੀਲ, ਪੈਰਾ-ਲੀਗਲ ਵਲੰਟੀਅਰ ਅਤੇ ਐਨ.ਜੀ.ਓਜ਼ ਦੀ ਟੀਮ ਬਣਾਈ ਗਈ ਜੋ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਗੇ।

ਲੀਗਲ ਅਵੇਅਰਨੈਸ ਪ੍ਰੋਗਰਾਮ ਦੇ ਆਯੋਜਨ ਦਾ ਮੁੱਖ ਮੰਤਵ ਉਨ੍ਹਾਂ ਲੋਕਾਂ ਤੱਕ ਪਹੁੰਚ ਕਰਨੀ ਹੈ ਜਿਹੜੇ ਕਿਸੇ ਕਾਰਨ ਕਰਕੇ ਲੀਗਲ ਸਰਵਿਸਿਜ਼ ਸੰਸਥਾਵਾਂ ਤੱਕ ਨਹੀਂ ਪਹੁੰਚ ਸਕਦੇ। ਇਸ ਪ੍ਰੋਗਰਾਮ ਅਧੀਨ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਪਹੁੰਚਾਉਣ ਲਈ ਘਰ-ਘਰ ਪੈਂਫ਼ਲੈਟ ਵੀ ਵੰਡੇ ਜਾਣਗੇ। ਇਸ ਮੌਕੇ ਤੇ ਉਨ੍ਹਾਂ ਵਲੋਂ ਅਵੇਰਨੈਸ ਪ੍ਰੋਗਰਾਮ ਲਈ ਬੱਸ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਤੇ ਉਨ੍ਹਾਂ ਵਲੋਂ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਔਰਤਾਂ, ਬੱਚੇ, ਮਾਨਸਿਕ ਰੋਗੀ, ਬੇਗਾਰ ਦੇ ਮਾਰੇ, ਉਦਯੋਗਿਕ ਕਾਮੇ, ਹਿਰਾਸਤ ਵਿਚ ਵਿਅਕਤੀ, ਜੇਲ੍ਹਾਂ ਵਿਚ ਬੰਦ ਹਵਾਲਾਤੀ ਅਤੇ ਕੈਦੀ ਅਤੇ ਹਰ ਉਹ ਵਿਅਕਤੀ ਜਿਸ ਦੀ ਸਾਲਾਨਾ ਆਮਦਨ ਤਿੰਨ ਲੱਖ ਰੁਪਏ ਤੋਂ ਘੱਟ ਹੈ, ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦਾ ਹੱਕਦਾਰ ਹੈ। ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਮੁਫਤ ਕਾਨੂੰਨੀ ਸਹਾਇਤਾ ਵਿਚ ਅਦਾਲਤਾਂ ਵਿਚ ਵਕੀਲਾਂ ਦੀਆਂ ਮੁਫਤ ਸੇਵਾਵਾਂ, ਮੁਫਤ ਕਾਨੂੰਨੀ ਸਲਾਹ ਮਸ਼ਵਰਾ, ਕੋਰਟ ਫੀਸ, ਤਲਬਾਨਾਂ ਫੀਸ ਅਤੇ ਗਵਾਹਾਂ ਆਦਿ ਤੇ ਹੋਣ ਵਾਲੇ ਖਰਚਿਆਂ ਦੀ ਅਦਾਇਗੀ ਜ਼ਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਵਲੋਂ ਕੀਤੀ ਜਾਂਦੀ ਹੈ।

Scroll to Top