ਪੁਲਿਸ ਸ਼ਹੀਦੀ ਯਾਦਗਾਰੀ ਦਿਵਸ

ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਮੋਹਾਲੀ ਪੁਲਿਸ ਵੱਲੋਂ ਦੇਸ਼ ਦੇ ਸ਼ਹੀਦ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਭੇਟ

ਮੋਹਾਲੀ, 21 ਅਕਤੂਬਰ 2026: ਦੇਸ਼ ਦੀ ਰੱਖਿਆ, ਨਾਗਰਿਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਬਹਾਲੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੁਲਿਸ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ (ਮੋਹਾਲੀ ਪੁਲਿਸ) ਵੱਲੋਂ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਬਹਾਦਰ ਜਵਾਨਾਂ ਦੇ ਹੌਂਸਲੇ, ਸਮਰਪਣ ਅਤੇ ਦੇਸ਼ ਪ੍ਰਤੀ ਨਿਸ਼ਕਾਮ ਸੇਵਾ ਨੂੰ ਯਾਦ ਕੀਤਾ ਗਿਆ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਸੀਨੀਅਰ ਪੁਲਿਸ ਕਪਤਾਨ ਵਰੁਣ ਸ਼ਰਮਾ ਨੇ ਸ਼ਹੀਦ ਪੁਲਿਸ ਜਵਾਨਾਂ ਨੂੰ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਦੀ ਬਹਾਦਰੀ ਅਤੇ ਫਰਜ਼ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਯਾਦ ਕਰਦਿਆਂ ਸ਼ਹੀਦਾਂ ਦੇ ਪਰਿਵਾਰਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਦਾ ਪ੍ਰਗਟਾਵਾ ਕੀਤਾ ਗਿਆ।

ਸਮਾਗਮ ਦੌਰਾਨ ਪੁਲਿਸ ਕਪਤਾਨ (ਐੱਚ) ਨਵਰੀਤ ਸਿੰਘ ਵਿਰਕ ਨੇ ਪਿਛਲੇ ਇੱਕ ਸਾਲ ਦੌਰਾਨ ਦੇਸ਼ ਭਰ ‘ਚ ਸ਼ਹੀਦ ਹੋਏ 154 ਪੁਲਿਸ ਜਵਾਨਾਂ/ਅਰਧ ਸੈਨਿਕ ਬਲਾਂ ਦੇ ਨਾਂ ਪੜ੍ਹ ਕੇ ਸੁਣਾਏ ਅਤੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਨਮਨ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਐੱਸ ਐੱਸ ਪੀ ਵਰੁਣ ਸ਼ਰਮਾ ਨੇ ਕਿਹਾ ਕਿ ਪੁਲਿਸ ਯਾਦਗਾਰੀ ਦਿਵਸ ਦੇਸ਼ ਭਰ ‘ਚ ਪੁਲਿਸ ਅਤੇ ਨੀਮ-ਫ਼ੌਜੀ ਬਲਾਂ ਦੇ ਉਨ੍ਹਾਂ ਜਵਾਨਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕਰਨ ਲਈ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ ਲੋਕਾਂ ਦੀ ਸੁਰੱਖਿਆ ਅਤੇ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਹਾਦਰੀ, ਫਰਜ਼ ਪ੍ਰਤੀ ਸਮਰਪਣ ਅਤੇ ਸੇਵਾ ਦੀ ਭਾਵਨਾ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਬਣੀ ਰਹੇਗੀ।

ਉਨ੍ਹਾਂ ਕਿਹਾ ਕਿ 21 ਅਕਤੂਬਰ 1959 ਨੂੰ ਲੱਦਾਖ ਦੇ ਹਾਟ ਸਪਰਿੰਗਜ਼ ਵਿਖੇ ਗਸ਼ਤ ਕਰਦੀ ਭਾਰਤੀ (ਸੀ ਆਰ ਪੀ ਐਫ ਜੁਆਨਾਂ ਦੀ) ਟੁਕੜੀ ਨੂੰ ਚੀਨੀ ਸੈਨਿਕਾਂ ਵੱਲੋਂ ਘਾਤ ਲਾ ਕੇ ਸ਼ਹੀਦ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਬਲਾਂ ਅਤੇ ਅਰਧ ਸੈਨਿਕ ਬਲਾਂ ਨੂੰ ਅੱਜ ਦੇ ਦਿਨ ਯਾਦ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ 35 ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰ ਉਨ੍ਹਾਂ ਮਹਾਨ ਕੁਰਬਾਨੀਆਂ ਦੀ ਵਿਰਾਸਤ ਨੂੰ ਸੰਭਾਲ ਰਹੇ ਹਨ, ਜਿਨ੍ਹਾਂ ਨੇ ਦੇਸ਼ ਅਤੇ ਲੋਕਾਂ ਦੀ ਸੁਰੱਖਿਆ ਲਈ ਆਪਣੇ ਪ੍ਰਾਣ ਨਿਛਾਵਰ ਕੀਤੇ। ਇਨ੍ਹਾਂ ਪਰਿਵਾਰਾਂ ਦਾ ਸਬਰ, ਹੌਸਲਾ ਅਤੇ ਕੁਰਬਾਨੀ ਸਮਾਜ ਲਈ ਸਦਾ ਸਤਿਕਾਰਯੋਗ ਰਹੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਨਿਆਂਇਕ ਅਧਿਕਾਰੀ ਰਵਨੀਤ ਸਿੰਘ, ਚੀਫ਼ ਜੁਡੀਸ਼ਲ ਮੈਜਿਸਟ੍ਰੇਟ, ਅਤੇ ਰੁਪਿੰਦਰ ਸਿੰਘ, ਸਿਵਲ ਜੱਜ (ਸੀਨੀਅਰ ਡਿਵੀਜ਼ਨ), ਪੁਲਿਸ ਕਪਤਾਨ ਦਿਲਪ੍ਰੀਤ ਸਿੰਘ, ਰਮਨਦੀਪ ਸਿੰਘ, ਦੀਪਿਕਾ ਸਿੰਘ, ਆਕਾਸ਼ਦੀਪ ਸਿੰਘ ਔਲਖ ਅਤੇ ਜਸਪਿੰਦਰ ਸਿੰਘ ਗਿੱਲ, ਉਪ ਪੁਲਿਸ ਕਪਤਾਨ ਹਰਸਿਮਰਨ ਸਿੰਘ ਬੱਲ, ਗੁਰਚਰਨ ਸਿੰਘ ਵੜੈਚ, ਹਰਕੀਰਤ ਸਿੰਘ, ਅਮਰਦੀਪ ਸਿੰਘ, ਅਜੀਤਪਾਲ ਸਿੰਘ ਅਤੇ ਵਰਿੰਦਰ ਸਿੰਘ ਖੋਸਾ, ਸਾਬਕਾ ਪੁਲਿਸ ਕਪਤਾਨ ਜਗਜੀਤ ਸਿੰਘ ਜੱਲ੍ਹਾ, ਸਰਬਜੀਤ ਸਿੰਘ ਪੰਧੇਰ ਅਤੇ ਹਰਕਿਸ਼ਨ ਸਿੰਘ ਕਾਹਲੋਂ, ਥਾਣਾ ਮੁਖੀ, ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਅਤੇ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ। ਇਸ ਮੌਕੇ ਸੋਗ ਸਲਾਮੀ ਡੀ ਐੱਸ ਪੀ ਈਸ਼ਾਨ ਸਿੰਗਲਾ ਦੀ ਅਗਵਾਈ ਵਾਲੀ ਪੁਲਿਸ ਟੁਕੜੀ ਨੇ ਦਿੱਤੀ। ਇਸ ਦੌਰਾਨ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

Read More: ਵਿਧਾਇਕ ਕੁਲਵੰਤ ਸਿੰਘ ਵੱਲੋਂ ਤੰਗੋਰੀ ਵਿਖੇ ਮੋਹਾਲੀ ਹਲਕੇ ਦੇ 10ਵੇਂ ਮੁਹੱਲਾ ਕਲੀਨਿਕ ਦਾ ਉਦਘਾਟਨ

ਵਿਦੇਸ਼

Scroll to Top