Development works

ਮੋਹਾਲੀ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਵਿਕਾਸ ਕਾਰਜਾਂ ਸੰਬੰਧੀ ਸਮੀਖਿਆ

ਐਸ.ਏ.ਐਸ ਨਗਰ, 30 ਅਗਸਤ 2023 : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੇ ਚੱਲ ਰਹੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜ (Development works) ਜਲਦੀ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਂਦੇ ਹੋਏ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਕਿਹਾ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਨਗਰ ਕੌਸਲਾਂ ਦੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਵੱਲ ਖ਼ਾਸ ਧਿਆਨ ਦੇਣ ਲਈ ਨਿਰਦੇਸ਼ ਦਿੱਤੇ ਅਤੇ ਉਪ ਮੰਡਲ ਮੈਜਿਸਟ੍ਰੇਟਸ ਨੂੰ ਟਿਊਬਵੈਲ ਲਗਾਉਣ ਸਬੰਧੀ ਲੰਬਿਤ ਪਏ ਕੰਮ ਨਿੱਜੀ ਤੌਰ ਤੇ ਧਿਆਨ ਦੇ ਕੇ ਜਲਦੀ ਨਿਪਟਾਉਣ ਦੇ ਆਦੇਸ਼ ਦਿੱਤੇ।

ਇਸ ਤੋਂ ਇਲਾਵਾ ਸ਼ਹਿਰੀ ਖੇਤਰਾਂ ਵਿਚ ਸਾਫ਼ ਸਫਾਈ ਕਰਵਾਉਣ ਲਈ ਵਿਸ਼ੇਸ ਧਿਆਨ ਦੇਣ ਲਈ ਜ਼ੋਰ ਦਿੰਦੇ ਹੋਏ ਮਾਨ ਨੇ ਕਿਹਾ ਕਿ ਇਸ ਕਾਰਜ ਵਿਚ ਰੈਜ਼ੀਡੈਂਟ ਵੈਲਫੇਅਰ ਐਸੋਸ਼ੀਏਸ਼ਨਾਂ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ । ਇਸ ਦੇ ਨਾਲ ਨਾਲ ਉਹਨਾਂ ਨੇ ਸੌਲਿਡ ਵੇਸਟ ਮੈਨੇਜਮੈਂਟ ਦੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਦੇ ਨਾਲ ਨਾਲ ਬਲਕ ਵੇਸਟ ਜਨਰੇਟਰਜ਼ ਸਬੰਧੀ ਵੀ ਦਿਸ਼ਾ ਨਿਰਦੇਸ਼ ਦਿੱਤੇ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਲੰਬਿਤ ਪਏ ਕੰਮਾਂ ਨੂੰ ਮਿੱਥੇ ਸਮੇਂ ਵਿਚ ਨਿਪਟਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੰਮ (Development works) ਕਰਨ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਆ ਰਹੀ ਹੈ ਤਾਂ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹਨਾਂ ਕਾਰਜਾਂ ਦੀ ਗੁਣਵੱਤਾ ਸਬੰਧੀ ਕਿਸੇ ਕਿਸਮ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਨੇ ਪੰਜਾਬ ਅਰਬਨ ਇਨਵਾਇਰਨਮੈਂਟ ਇੰਪਰੂਵਮੈਂਟ ਪਲਾਨ ਅਧੀਨ ਆਉਂਦੇ ਪ੍ਰੋਜੈਕਟਾਂ ਦੀ ਸਮੀਖਿਆ ਵੀ ਕੀਤੀ ਤੇ ਪ੍ਰੋਜੈਕਟਾਂ ਨੂੰ ਤੈਅ ਸਮੇਂ ਵਿਚ ਮੁਕੰਮਲ ਕਰਨ ਲਈ ਕਿਹਾ ਅਤੇ ਅਲਾਟ ਕੀਤੇ ਗਏ ਕੰਮਾਂ ਨੂੰ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ।

ਸ. ਦਮਨਜੀਤ ਸਿੰਘ ਮਾਨ ਨੇ ਨਗਰ ਨਿਗਮ ਮੋਹਾਲੀ ਅਤੇ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਤੇ ਇਸ ਸਬੰਧੀ ਵੱਧ ਤੋਂ ਵੱਧ ਚੈਕਿੰਗ ਯਕੀਨੀ ਬਣਾ ਕੇ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਉਨ੍ਹਾ ਕਿਹਾ ਕਿ ਜ਼ਿਲ੍ਹੇ ਵਿੱਚ ਵੱਖੋ-ਵੱਖ ਥਾਈਂ ਸੀਵਰੇਜ ਟ੍ਰੀਟਮੈਂਟ ਪਲਾਂਟ (ਐੱਸ.ਟੀ.ਪੀ.) ਲਾਉਣ ਦੀ ਪ੍ਰਕਿਰਿਆ ਜਾਰੀ ਹੈ ਤੇ ਇਨ੍ਹਾਂ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ਉੱਤੇ ਤਿਆਰ ਕਰਵਾਉਣ ਬਾਬਤ ਜੋ ਵੀ ਕਾਰਜ ਲੋੜੀਂਦੇ ਹਨ, ਉਹ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਤੈਅ ਪ੍ਰੋਜੈਕਟਾਂ ਦੀ ਪੂਰਤੀ ਨਾਲ ਨਾ ਕੇਵਲ ਸੀਵਰੇਜ ਦੇ ਪਾਣੀ ਦਾ ਢੁਕਵਾਂ ਪ੍ਰਬੰਧਨ ਹੋਵੇਗਾ ਸਗੋਂ ਹੜ੍ਹਾਂ ਵਰਗੀ ਸਥਿਤੀ ਨੂੰ ਨਜਿੱਠਣ ਵਿਚ ਮਦਦ ਮਿਲੇਗੀ। ਟ੍ਰੀਟ ਕੀਤਾ ਪਾਣੀ ਵੱਖੋ-ਵੱਖ ਥਾਂ ਸਿੰਜਾਈ ਕਾਰਜਾਂ ਲਈ ਵਰਤਿਆ ਜਾਵੇਗਾ।

ਉਨ੍ਹਾ ਨੇ ਖੁੱਲ੍ਹੇ ਵਿੱਚ ਸ਼ਰਾਬ ਪੀਕੇ ਗੱਡੀ ਚਲਾਉਣ ਵਾਲੇ ਲੋਕਾਂ ਦੇ ਚਾਲਾਨ ਕੱਟਣ ਲਈ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਤਾਂ ਜੋ ਦੁਰਘਟਨਾਵਾ ਤੋ ਬਚਿਆ ਜਾ ਸਕੇ। ਇਸ ਮੌਕੇ ਮੀਟਿੰਗ, ਐੱਸ.ਡੀ.ਐੱਮ. ਮੋਹਾਲੀ ਚੰਦਰ ਜੋਤੀ ਸਿੰਘ, ਐੱਸ.ਡੀ.ਐੱਮ. ਡੇਰਾਬਸੀ ਹਿਮਾਂਸ਼ੂ ਗੁਪਤਾ, ਐੱਸ.ਡੀ.ਐੱਮ. ਖਰੜ ਰਵਿੰਦਰ ਸਿੰਘ ਸਮੇਤ ਜ਼ਿਲ੍ਹੇ ਵਿਚਲੇ ਸਾਰੇ ਕਾਰਜਸਾਧਕ ਅਫ਼ਸਰ ਤੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Scroll to Top