Site icon TheUnmute.com

ਮੋਹਾਲੀ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਭਾਰਤ ਬਨਾਮ ਆਸਟ੍ਰੇਲੀਆ ਵਨਡੇ ਮੈਚ ਦੇ ਪ੍ਰਬੰਧਾਂ ਦਾ ਜਾਇਜ਼ਾ

Mohali

ਐਸ.ਏ.ਐਸ.ਨਗਰ, 21 ਸਤੰਬਰ 2023: ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐੱਸ ਤਿੜਕੇ ਨੇ ਪੀ.ਸੀ.ਏ. ਸਟੇਡੀਅਮ ਮੋਹਾਲੀ (Mohali) ਵਿਖੇ 22 ਸਤੰਬਰ ਨੂੰ ਭਾਰਤ ਬਨਾਮ ਆਸਟ੍ਰੇਲੀਆ ਵਨ ਡੇਅ ਮੈਚ ਦੇ ਪ੍ਰਬੰਧਾਂ ਦਾ ਬੀਤੇ ਦਿਨ ਇੱਕ ਉਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਪੁਲੀਸ ਨੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਤ੍ਰਤ ਜਾਣਕਾਰੀ ਦਿੱਤੀ।

ਵਧੀਕ ਡਿਪਟੀ ਕਮਿਸ਼ਨਰ ਨੇ ਸੜਕਾਂ ਦੀ ਸਾਫ ਸਫਾਈ, ਸੀਵਰੇਜ, ਲਾਈਟਾਂ, ਰਿਫ਼ਲੈਕਟਰਜ਼, ਪਾਰਕਿੰਗ ਦੇ ਢੁਕਵੇਂ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਹਨਾਂ ਦੱਸਿਆ ਕਿ ਮੈਚ ਦੇਖਣ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸ਼ਟਲ ਸੇਵਾ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਵਣ ਭਵਨ ਨੇੜਿਓਂ ਇਹ ਸ਼ਟਲ ਸੇਵਾ ਦਿੱਤੀ ਜਾਵੇਗੀ। ਉਸ ਦਿਨ ਸੈਕਟਰ 68 ਵਿਚ ਲੱਗਣ ਵਾਲੀ ਆਪਣੀ ਮੰਡੀ/ ਕਿਸਾਨ ਮੰਡੀ ਬੰਦ ਰਹੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਕ੍ਰਿਕਟ ਮੈਚ ਦੇ ਪ੍ਰਬੰਧਾਂ ਵਿੱਚ ਕੋਈ ਵੀ ਘਾਟ ਨਾ ਆਉਣ ਦੇਣ ਦੀ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪੂਰੀ ਮੁਸਤੈਦੀ ਨਾਲ ਸੁਰੱਖਿਆ ਪ੍ਰਬੰਧ ਕਰਨ ਲਈ ਆਖਿਆ। ਉਨ੍ਹਾਂ ਨੇ ਮੈਚਾਂ ਦੌਰਾਨ ਅਮਨ ਅਤੇ ਕਾਨੂੰਨ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾਲ ਸਖਤੀ ਨਾਲ ਨਿਪਟਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਟ੍ਰੈਫਿਕ ਨੂੰ ਪੂਰੀ ਤਰ੍ਹਾਂ ਸਚਾਰੂ ਬਨਾਉਣ ਅਤੇ ਲੋਕਾਂ ਨੂੰ ਆਉਣ ਜਾਣ ਵੇਲੇ ਪੂਰੀ ਸਹੂਲਤ ਮੁਹੱਈਆ ਕਰਵਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਸ ਮੌਕੇ ਸ਼ਾਂਤੀ ਬਣਾਈ ਰੱਖਣਾ ਮੁੱਖ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਫਾਇਰ ਬ੍ਰਗੇਡ ਨਾਲ ਸਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਲੋੜੀਂਦੇ ਪ੍ਰਬੰਧਾਂ ਲਈ ਵੀ ਹਦਾਇਤ ਕੀਤੀ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਡੀਕਲ ਟੀਮਾਂ ਮੈਚ ਵਾਲੇ ਸਥਾਨ ‘ਤੇ ਤਇਨਾਤ ਕਰਨ ਲਈ ਵੀ ਕਿਹਾ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਵੇਲੇ ਮੌਕੇ ’ਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਇਸ ਮੀਟਿੰਗ ਦੌਰਾਨ ਐੱਸ ਡੀ ਐਮ ਮੋਹਾਲੀ (Mohali) ਚੰਦਰ ਜੋਤੀ ਸਿੰਘ, ਸਹਾਇਕ ਕਮਿਸ਼ਨਰ ਹਰਜੋਤ ਕੌਰ, ਸੰਯੁਕਤ ਕਮਿਸ਼ਨਰ ਨਗਰ ਨਿਗਮ ਕਿਰਨ ਸ਼ਰਮਾ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Exit mobile version