ਕੁਰਾਲੀ/ ਐੱਸ.ਏ.ਐੱਸ. ਨਗਰ, 16 ਅਕਤੂਬਰ 2023: ਜ਼ਿਲ੍ਹੇ ਵਿੱਚ ਸਵੱਛ ਭਾਰਤ ਮਿਸ਼ਨ (Swachh Bharat Mission) ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮਨੋਜ ਜੋਸ਼ੀ ਸਕੱਤਰ, ਸਕੱਤਰ, ਮਕਾਨ ਅਤੇ ਸ਼ਹਿਰੀ ਮਾਮਲੇ ਮੰਤਰਾਲਾ, ਭਾਰਤ ਸਰਕਾਰ ਨੇ ਪੰਜਾਬ ਰਾਜ ਅਤੇ ਜ਼ਿਲ੍ਹਾ ਅਧਿਕਾਰੀਆਂ ਦੇ ਨਾਲ ਨਗਰ ਕੌਂਸਲ ਕੁਰਾਲੀ, ਐਸ.ਏ.ਐਸ. ਨਗਰ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਕੰਮ ਤੇ ਸੰਤੁਸ਼ਟੀ ਪ੍ਰਗਟਾਈ।
ਇਹ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ, ਐਸ.ਏ.ਐਸ.ਨਗਰ ਨੇ ਦੱਸਿਆ ਕਿ ਭਾਰਤ ਸਰਕਾਰ ਦੀ ਇਸ ਟੀਮ ਨੇ ਮੋਹਾਲੀ ਸ਼ਹਿਰ ਚ ਗਮਾਡਾ ਅਧੀਨ ਪੈਂਦੇ ਇਲਾਕਿਆਂ ਏਅਰੋਟਰੋਪੋਲਿਸ ਤੇ ਏਅਰੋਸਿਟੀ, ਡੇਰਾਬੱਸੀ ਚ ‘ਵੇਸਟ ਪ੍ਰੋਸੈਸਿੰਗ ਪਲਾਂਟ’, ਸੈਕਟਰ 123 ਮੋਹਾਲੀ (ਸਿੰਹਪੁਰ ਪਿੰਡ) ਦੇ ‘ਵੇਸਟ ਟ੍ਰੀਟਮੈਂਟ ਪਲਾਂਟ’ ਅਤੇ ਮੋਹਾਲੀ ਦੇ ਫੇਸ 3 ਏ ਦੇ ਐਮ ਆਰ ਐੱਫ ਸਾਈਟ ਦਾ ਜਾਇਜ਼ਾ ਵੀ ਲਿਆ।
ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੀ ਇਸ ਉੱਚ ਪੱਧਰੀ ਟੀਮ ਵੱਲੋਂ ਸਵੱਛ ਭਾਰਤ ਮਿਸ਼ਨ (Swachh Bharat Mission) (ਗ੍ਰਾਮੀਣ) ਤਹਿਤ ਜ਼ਿਲ੍ਹੇ ਵਿੱਚ ਹੋ ਰਹੇ ਕੰਮ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ। ਡਿਪਟੀ ਕਮਿਸ਼ਨਰ ਅਨੁਸਾਰ ਟੀਮ ਨਾਲ ਨੋਡਲ ਅਫ਼ਸਰ ਵਜੋਂ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਮੌਜੂਦ ਰਹੇ।
ਇਸ ਦੌਰੇ ਮੌਕੇ ਪੰਜਾਬ ਰਾਜ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕੁਰਾਲੀ ਵਿਖੇ ਰਹਿੰਦ-ਖੂੰਹਦ ਦੀ ਪ੍ਰੋਸੈਸਿੰਗ ਸਾਈਟ ਦਾ ਡੂੰਘਾਈ ਨਾਲ ਨਿਰੀਖਣ ਕੀਤਾ ਗਿਆ। ਇਸ ਦੌਰੇ ਦਾ ਉਦੇਸ਼ ਸਵੱਛ ਭਾਰਤ ਮਿਸ਼ਨ ਅਧੀਨ ਚੱਲ ਰਹੀਆਂ ਪਹਿਲਕਦਮੀਆਂ ਦੀ ਸਮੀਖਿਆ ਕਰਨਾ ਸੀ।
ਕੇਂਦਰੀ ਟੀਮ ਨੇ ਪ੍ਰੋਗਰਾਮ ਦੇ ਉਦੇਸ਼ਾਂ ਦੀ ਪ੍ਰਾਪਤੀ ਅਤੇ ਪੰਜਾਬ ਰਾਜ ਵਿੱਚ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਰਾਜ ਦੇ ਅਧਿਕਾਰੀਆਂ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਇਹ ਦੌਰਾ ਮਿਸ਼ਨ ਦੀ ਪ੍ਰਗਤੀ ਵਧਾਉਣ ਲਈ ਰਾਜ ਦੇ ਅਧਿਕਾਰੀਆਂ ਨਾਲ ਸਹਿਯੋਗ ਕਰਨ ਲਈ ਕੇਂਦਰੀ ਮਕਾਨ ਤੇ ਸ਼ਹਿਰੀ ਮਾਮਲੇ ਮੰਤਰਾਲੇ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕ ਜੈਨ ਅਨੁਸਾਰ ਜ਼ਿਲ੍ਹੇ ਵਿੱਚ ਸਵੱਛ ਭਾਰਤ ਮਿਸ਼ਨ ਦੇ ਟੀਚਿਆਂ ਦੀ ਪ੍ਰਾਪਤੀ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤੇ ਇਸ ਦਿਸ਼ਾ ਵਿੱਚ ਦਿਨ ਰਾਤ ਇਕ ਕਰ ਕੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।