ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਅਪ੍ਰੈਲ 2024: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ (against drugs) ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ |
ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾਲ ਮਨੁੱਖੀ ਸ਼ਰੀਰ ਨੂੰ ਹੋਣ ਵਾਲੇ ਨੁਕਸਾਨ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਲੋਂ ਜਾਣਕਾਰੀ ਦਿੱਤੀ ਗਈ ਕਿ ਸਰਕਾਰ ਵਲੋਂ ਵਿਦਿਅਕ ਸੰਸਥਾਵਾਂ ਦੇ 100 ਗਜ ਦੇ ਘੇਰੇ ਅੰਦਰ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਵੇਚਣ ਤੇ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਦਿਵਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਜਿਹੜਾ ਕਿ ਨਸ਼ਿਆਂ ਦਾ ਆਦੀ ਹੋਵੇ, ਆਪਣਾ ਇਲਾਜ ਕਰਵਾਉਣਾ ਚਾਹੁੰਦਾ ਹੈ, ਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਉਸ ਦੇ ਇਲਾਜ ਦਾ ਪ੍ਰਬੰਧ, ਰੀਹੈਬਲੀਟੇਸ਼ਨ (ਮੁੜ-ਵਸੇਬਾ ਕੇਂਦਰ) ਸੈਂਟਰ ਵਿਚ ਮੁਫਤ ਵਿਚ ਕਰਵਾਉਣ ਦਾ ਪ੍ਰਬੰਧ ਕਰੇਗਾ ਅਤੇ ਉਸ ਦੀ ਪਹਿਚਾਣ ਵੀ ਗੁਪਤ ਰੱਖੀ ਜਾਵੇਗੀ। ਸਕੂਲ ਦੇ ਵਿਦਿਆਰਥੀਆਂ ਵਲੋਂ ਸੋਹਾਣਾ ਪਿੰਡ ਵਿਚ ਨਸ਼ਿਆਂ ਵਿਰੁੱਧ (against drugs) ਰੈਲੀ ਵੀ ਕੀਤੀ ਗਈ, ਜਿਸ ਵਿਚ ਸਕੂਲ ਦੇ ਅਧਿਆਪਕਾਂ ਨੇ ਭਾਗ ਲਿਆ ਅਤੇ ਆਮ ਨਾਗਰਿਕਾਂ ਨੂੰ ਨਸ਼ੇ ਨਾ ਕਰਨ ਲਈ ਪੇ੍ਰਿਤ ਕੀਤਾ।
ਇਸ ਤੋਂ ਇਲਾਵਾ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਵਲੋਂ ਸੈਮੀਨਾਰ ਵਿਚ ਹਾਜ਼ਰ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਮਿਤੀ 11.05.2024 ਨੂੰ ਲਗਾਈ ਜਾਣ ਵਾਲੀ ਰਾਸ਼ਟਰੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਦਾ ਮਕਸਦ ਲੋਕਾਂ ਨੂੰ ਸਸਤਾ ਅਤੇ ਛੇਤੀ ਇਨਸਾਫ਼ ਦਿਵਾਉਣਾ ਹੈ।
ਲੋਕ ਅਦਾਲਤ ਵਿਚ ਅਦਾਲਤਾਂ ਵਿਚ ਲੰਬਤ ਕੇਸਾਂ ਦੇ ਨਾਲ-ਨਾਲ ਪ੍ਰੀਲਿਟੀਗੇਟਿਵ ਕੇਸ ਵੀ ਇੱਕ ਸਾਦੇ ਕਾਗਜ਼ ਤੇ ਦਰਖਾਸਤ ਦੇ ਕੇ ਲਗਾਏ ਜਾ ਸਕਦੇ ਹਨ। ਲੋਕ ਅਦਾਲਤ ਵਿਚ ਕੇਸਾਂ ਦਾ ਫੈਸਲਾ ਸਬੰਧਤ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੀਤਾ ਜਾਂਦਾ ਹੈ ਅਤੇ ਇਹ ਫੈਸਲਾ ਆਖਰੀ ਹੁੰਦਾ ਹੈ। ਇਸ ਫੈਸਲੇ ਦੇ ਖਿਲਾਫ਼ ਕੋਈ ਅਪੀਲ ਜਾਂ ਨਜ਼ਰਸਾਨੀ ਆਦਿ ਦਾਇਰ ਨਹੀਂ ਕੀਤੀ ਜਾ ਸਕਦੀ। ਸਬੰਧਤ ਧਿਰਾਂ ਵਲੋਂ ਲਗਾਈ ਗਈ ਅਦਾਲਤੀ ਫੀਸ ਵੀ ਵਾਪਸ ਕੀਤੀ ਜਾਂਦੀ ਹੈ।