ਚੰਡੀਗੜ੍ਹ, 01 ਫਰਵਰੀ 2024: ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ । ਗ੍ਰਿਫਤਾਰੀ ਤੋਂ ਬਾਅਦ ਸੋਰੇਨ ਨੇ ਐਕਸ ‘ਤੇ ਇਕ ਟਵੀਟ ਕੀਤਾ। ਉਨ੍ਹਾਂ ਟਵੀਟ ‘ਚ ਕਿਹਾ ਕਿ ਮੈਂ ਹਾਰ ਸਵੀਕਾਰ ਨਹੀਂ ਕਰਾਂਗਾ। ਮੈਂ ਹਰ ਪਲ ਲੜਿਆ ਹਾਂ, ਹਰ ਪਲ ਲੜਾਂਗਾ। ਹੇਮੰਤ ਨੂੰ ਬੁੱਧਵਾਰ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਹੁਣ ਟਰਾਂਸਪੋਰਟ ਮੰਤਰੀ ਚੰਪਈ ਸੋਰੇਨ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣਗੇ। ਉਨ੍ਹਾਂ ਨੂੰ ਵਿਧਾਇਕ ਦਲ ਦੀ ਬੈਠਕ ‘ਚ ਸੂਬੇ ਦਾ ਨਵਾਂ ਮੁੱਖ ਮੰਤਰੀ ਚੁਣਿਆ ਗਿਆ ਹੈ।
ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੇ ਬੁੱਧਵਾਰ ਰਾਤ ਨੂੰ ਝਾਰਖੰਡ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ। ਸੋਰੇਨ ਦੀ ਪਟੀਸ਼ਨ ‘ਤੇ ਕਾਰਜਕਾਰੀ ਚੀਫ਼ ਜਸਟਿਸ ਚੰਦਰਸ਼ੇਖਰ ਅਤੇ ਜਸਟਿਸ ਅਨੁਭਾ ਰਾਵਤ ਚੌਧਰੀ ਦੀ ਬੈਂਚ ਅੱਜ ਸਵੇਰੇ 10.30 ਵਜੇ ਸੁਣਵਾਈ ਕਰੇਗੀ।
ਜਿਕਰਯੋਗ ਹੈ ਕਿ ਬੁੱਧਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸੋਰੇਨ ਤੋਂ ਸੱਤ ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੇ ਹੇਮੰਤ ਸੋਰੇਨ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਇਸ ਦੇ ਨਾਲ ਹੀ ਅਧਿਕਾਰਤ ਸੂਤਰਾਂ ਦੀ ਮੰਨੀਏ ਤਾਂ ਈਡੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਤੁਰੰਤ ਬਾਅਦ ਹੇਮੰਤ ਸੋਰੇਨ ਨੂੰ ਗ੍ਰਿਫਤਾਰ ਕਰ ਲਿਆ ਸੀ।