Business Blaster program

ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਸਰਕਾਰੀ ਸਕੂਲਾਂ ਦੇ 1.38 ਲੱਖ ਤੋਂ ਵੱਧ ਵਿਦਿਆਰਥੀ ਨੇ ਕਰਵਾਈ ਰਜਿਸਟ੍ਰੇਸ਼ਨ

ਚੰਡੀਗੜ੍ਹ, 3 ਅਕਤੂਬਰ 2024: ਪੰਜਾਬ ਸਰਕਾਰ ਦੇ ਬਿਜ਼ਨਸ ਬਲਾਸਟਰ ਪ੍ਰੋਗਰਾਮ (Business Blaster program) ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ‘ਚ ਪ੍ਰਸਿੱਧੀ ਹਾਸਲ ਕੀਤੀ ਹੈ। ਇਸ ਬਾਰੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੰਬਰ 2022 ‘ਚ ਯੰਗ ਐਂਟਰਪ੍ਰੀਨਿਓਰ ਪ੍ਰੋਗਰਾਮ ਸਕੀਮ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਰਾਹੀਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਸੀ |

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਵਪਾਰਕ ਵਿਚਾਰਾਂ ਦਾ ਵਿਸ਼ਲੇਸ਼ਣ ਕੀਤਾ ਗਿਆ, ਜਿਸ ‘ਚੋਂ 52,050 ਵਿਦਿਆਰਥੀ (ਜੋ ਹੁਣ 12ਵੀਂ ਜਮਾਤ ‘ਚ ਹਨ) ਵੱਖ-ਵੱਖ ਵਪਾਰਕ ਵਿਚਾਰਾਂ ‘ਤੇ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਸੀਡ ਮਨੀ ਪ੍ਰਦਾਨ ਕਰਨ ਲਈ ਸ਼ਾਰਟਲਿਸਟ ਕੀਤਾ ਹੈ।

ਇਸਦੇ ਨਾਲ ਹੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ 10 ਕਰੋੜ 41 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ ਕਿ ਸਾਰੇ ਯੋਗ ਵਿਦਿਆਰਥੀ ਆਪਣੇ ਕਾਰੋਬਾਰੀ ਵਿਚਾਰਾਂ ‘ਤੇ ਕੰਮ ਕਰ ਸਕਣ ਅਤੇ ਆਪਣਾ ਉੱਦਮੀ ਸਫ਼ਰ ਸ਼ੁਰੂ ਕਰ ਸਕਣ। ਉਨ੍ਹਾਂ ਕਿਹਾ ਕਿ 1 ਅਕਤੂਬਰ 2024 ਤੱਕ, 9,38,20,000 ਰੁਪਏ ਦੀ ਸੀਡ ਮਨੀ 46,910 ਵਿਦਿਆਰਥੀਆਂ ਦੇ ਬੈਂਕ ਖਾਤਿਆਂ ‘ਚ ਜਮ੍ਹਾਂ ਹੋ ਚੁੱਕੀ ਹੈ ਅਤੇ ਇਹ ਪ੍ਰਕਿਰਿਆ ਅਜੇ ਵੀ ਜਾਰੀ ਹੈ। ਬਾਕੀ ਬਚੀ ਰਕਮ ਆਉਣ ਵਾਲੇ ਕੁਝ ਦਿਨਾਂ ‘ਚ ਵਿਦਿਆਰਥੀਆਂ ਦੇ ਖਾਤਿਆਂ ‘ਚ ਜਮ੍ਹਾਂ ਕਰ ਦਿੱਤੀ ਜਾਵੇਗੀ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ (Business Blaster program) ਪੰਜਾਬ ਦੇ 9 ਜ਼ਿਲ੍ਹਿਆਂ ਦੇ 32 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 11ਵੀਂ ਜਮਾਤ ਦੇ 11,041 ਵਿਦਿਆਰਥੀਆਂ ਨਾਲ ਸ਼ੁਰੂ ਕੀਤਾ ਗਿਆ ਸੀ। ਇਸ ਪ੍ਰੋਗਰਾਮ ਦਾ ਉਦੇਸ਼ ਪੰਜਾਬ ਦੇ ਨੌਜਵਾਨ ਵਿਦਿਆਰਥੀਆਂ ਨੂੰ ਰੁਜ਼ਗਾਰ ਪੈਦਾ ਕਰਨ ਵਾਲੇ ਅਤੇ ਸਮੱਸਿਆਵਾਂ ਦਾ ਹੱਲ ਕਰਨ ਵਾਲਾ ਬਣਾ ਕੇ ਪੰਜਾਬ ਨੂੰ ਉੱਦਮੀਆਂ ਦਾ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਕਾਦਮਿਕ ਸੈਸ਼ਨ 2023-2024 ਦੌਰਾਨ ਇਸ ਸਕੀਮ ਦਾ ਲਾਭ ਵੱਧ ਤੋਂ ਵੱਧ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਇਸ ਸਕੀਮ ਨੂੰ ਵੱਡੇ ਪੱਧਰ ‘ਤੇ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਪ੍ਰੋਗਰਾਮ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 1,920 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ‘ਚ ਸ਼ੁਰੂ ਕੀਤਾ ਗਿਆ ਹੈ, ਜਿਸ ‘ਚ 7,813 ਅਧਿਆਪਕ 1,83,192 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰੋਗਰਾਮ ਪੜ੍ਹਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ (Business Blaster program) ‘ਚ ਵਿਦਿਆਰਥੀਆਂ ਦੀ ਵਿਸ਼ੇਸ਼ ਰੁਚੀ ਹੈ, ਜਿਸ ਕਾਰਨ ਇਸ ਸਾਲ 1,38,676 ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਲਈ ਆਪਣੀ ਰਜਿਸਟ੍ਰੇਸ਼ਨ ਕਰਵਾਈ ਹੈ।

Scroll to Top