ਚੰਡੀਗੜ੍ਹ, 29 ਜਨਵਰੀ 2024: ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹਿਆਂ ਵਿਚ ਕੰਮ ਕਰ ਰਹੇ ਗਰੁੱਪ-ਡੀ ਦੀਆਂ ਖਾਲੀ ਅਸਾਮੀਆਂ (Group-D vacancies) ਦੀ ਗਿਣਤੀ ਤਿੰਨ ਦਿਨਾਂ ਦੇ ਅੰਦਰ ਪੋਰਟਲ ‘ਤੇ ਅਪਲੋਡ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਸਕੱਤਰ ਅੱਜ ਇੱਥੇ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਦੀ ਪ੍ਰਧਾਨਗੀ ਕਰ ਰਹੇ ਸਨ। ਜ਼ਿਲ੍ਹਾ ਅਧਿਕਾਰੀ ਵੀਡੀਓ ਕਾਨਫਰੰਸਿੰਗ ਰਾਹੀਂ ਜੁੜੇ। ਵਰਨਣਯੋਗ ਹੈ ਕਿ ਇਸ ਸਬੰਧੀ ਮਨੁੱਖੀ ਸਰੋਤ ਵਿਭਾਗ ਦੇ ਡਾਇਰੈਕਟਰ ਜਨਰਲ ਨੂੰ ਨਿਯੁਕਤੀ ਅਥਾਰਟੀ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਕੌਸ਼ਲ ਨੇ ਕਿਹਾ ਕਿ ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ ਦੁਆਰਾ ਗਰੁੱਪ-ਡੀ ਦੀਆਂ 13 ਹਜ਼ਾਰ ਤੋਂ ਵੱਧ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਵਿੱਚ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਲਈ 500 ਅਸਾਮੀਆਂ ਵੀ ਸ਼ਾਮਲ ਹਨ। ਇਸ ਦੇ ਲਈ ਵਿਭਾਗਾਂ ਵੱਲੋਂ ਕਮਿਸ਼ਨ ਨੂੰ ਮੰਗ ਪੱਤਰ ਭੇਜਿਆ ਗਿਆ ਹੈ। ਇਨ੍ਹਾਂ ਮੁਲਾਜ਼ਮਾਂ ਦਾ ਇੱਕ ਸਾਂਝਾ ਕਾਡਰ ਹੋਵੇਗਾ, ਜਿਸ ਨੂੰ ਵੱਖ-ਵੱਖ ਵਿਭਾਗਾਂ ਅਤੇ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ।
ਮੁੱਖ ਸਕੱਤਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਹਦਾਇਤ ਕੀਤੀ ਕਿ ਵਿਭਾਗਾਂ ਵੱਲੋਂ ਕਮਿਸ਼ਨ ਨੂੰ ਪਹਿਲਾਂ ਹੀ ਭੇਜੀਆਂ ਗਈਆਂ ਮੰਗਾਂ ਨੂੰ ਹੀ ਦੁਬਾਰਾ ਭੇਜਣਾ ਯਕੀਨੀ ਬਣਾਇਆ ਜਾਵੇ। ਵਿਭਾਗਾਂ ਵੱਲੋਂ ਮੰਗ ਪੱਤਰ ਵਿੱਚ ਭੇਜੀਆਂ ਗਈਆਂ ਅਸਾਮੀਆਂ (Group-D vacancies) ਦੀ ਗਿਣਤੀ ਵੀ ਪਹਿਲਾਂ ਵਾਂਗ ਹੀ ਹੋਣੀ ਚਾਹੀਦੀ ਹੈ। ਜੇਕਰ ਅਸਾਮੀਆਂ ਦੀ ਗਿਣਤੀ ਵਧੀ ਹੈ ਤਾਂ ਇਸ ਨੂੰ ਸੋਧਿਆ ਜਾ ਸਕਦਾ ਹੈ। ਇਸ ਵਾਰ ਹਰ ਜ਼ਿਲ੍ਹੇ ਦੇ ਅਹੁਦੇ ਦਾ ਨਾਮ ਅਤੇ ਅਹੁਦਾ ਸਿਰਫ਼ HKCL ਦੁਆਰਾ ਵਿਕਸਤ ਕੀਤੇ ਪੋਰਟਲ ਰਾਹੀਂ ਹੀ ਨਿਰਧਾਰਤ ਕੀਤਾ ਜਾਵੇਗਾ।
ਇਸ ਮੌਕੇ ਵਿਕਾਸ ਤੇ ਪੰਚਾਇਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨਿਲ ਮਲਿਕ, ਮਨੁੱਖੀ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਸੁਰੇਸ਼, ਮਾਲ ਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਸਕੱਤਰ ਰਵੀ ਪ੍ਰਕਾਸ਼ ਗੁਪਤਾ, ਉਚੇਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਰਾਜੀਵ ਰਤਨ ਸਮੇਤ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ | .