ਚੰਡੀਗੜ੍ਹ, 1 ਅਕਤੂਬਰ 2024: ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਪਰਾਲੀ ਸਾੜਨ (Stubble burning) ਦੀਆਂ ਘਟਨਾਵਾਂ ਨੂੰ ਰੋਕਣ ਲਈ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਹ ਨੋਡਲ ਅਫਸਰ ਖਾਸ ਤੌਰ ‘ਤੇ ਉਨ੍ਹਾਂ ਖੇਤਰਾਂ ‘ਤੇ ਲਗਾਤਾਰ ਨਜ਼ਰ ਰੱਖਣਗੇ ਜਿੱਥੇ ਪਰਾਲੀ ਸਾੜਨ ਦੀਆਂ ਘਟਨਾਵਾਂ ਜ਼ਿਆਦਾ ਹਨ।
ਇਸ ਸਬੰਧੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ (Stubble burning) ਦੀਆਂ ਘਟਨਾਵਾਂ ਨੂੰ ਰੋਕਣ ਲਈ 79 ਐਸ.ਡੀ.ਐਮ, 108 ਤਹਿਸੀਲਦਾਰ, 108 ਡੀ.ਐਸ.ਪੀ, 1140 ਕਲੱਸਟਰ ਅਫ਼ਸਰ ਅਤੇ ਹੋਰ ਸਟਾਫ਼ ਤਾਇਨਾਤ ਕੀਤਾ ਗਿਆ ਹੈ |
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਨੋਡਲ ਅਫ਼ਸਰਾਂ ਨੂੰ ਵਾਢੀ ਤੋਂ ਬਾਅਦ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖਣ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਇਹ ਅਧਿਕਾਰੀ ਅਤੇ ਕਰਮਚਾਰੀ ਪਰਾਲੀ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਦੀ ਵਰਤੋਂ ਬਾਰੇ ਕਿਸਾਨਾਂ ਨਾਲ ਬੈਠਕਾਂ ਕਰਨ ਸਮੇਤ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ‘ਚ ਸ਼ਾਮਲ ਹੋਣਗੇ।
ਖੇਤੀਬਾੜੀ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਅਤੇ ਦੱਸਿਆ ਕਿ ਪੰਜਾਬ ਸਰਕਾਰ ਨੇ ‘ਉਨਤ ਕਿਸਾਨ’ ਮੋਬਾਈਲ ਐਪ ਲਾਂਚ ਕੀਤੀ ਹੈ, ਜਿਸ ਦਾ ਉਦੇਸ਼ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸੀਆਰਐਮ ਮਸ਼ੀਨਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ‘ਤੇ 1.30 ਲੱਖ ਤੋਂ ਵੱਧ CRM ਮਸ਼ੀਨਾਂ ਸੂਚੀਬੱਧ ਹਨ, ਜਿਨ੍ਹਾਂ ਨੂੰ ਕਿਸਾਨ ਆਸਾਨੀ ਨਾਲ ਬੁੱਕ ਕਰ ਸਕਦੇ ਹਨ।
ਇਸਦੇ ਨਾਲ ਹੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੇ ਕੁੱਲ 8,635 ਸੀ.ਆਰ.ਐਮ ਮਸ਼ੀਨਾਂ ਦੀ ਖਰੀਦ ਕੀਤੀ ਹੈ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ‘ਤੇ ਸੀ.ਆਰ.ਐਮ ਮਸ਼ੀਨਾਂ ਦੀ ਖਰੀਦ ਲਈ 16,205 ਪ੍ਰਵਾਨਗੀ ਪੱਤਰ ਜਾਰੀ ਕੀਤੇ ਗਏ ਹਨ।