ਚੰਡੀਗੜ੍ਹ, 19 ਅਗਸਤ 2023: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਦੇ ਬਹੁਗਿਣਤੀ ਰਾਜ ਸਭਾ ਮੈਂਬਰਾਂ ‘ਤੇ ਪੰਜਾਬ ਲਈ ਨਖਿੱਧ ਅਤੇ ਪ੍ਰਭਾਵਹੀਣ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ‘ਆਪ’ ਦੇ ਕੁਝ ਰਾਜ ਸਭਾ ਮੈਂਬਰ ‘ਡਮੀ’ ਤੋਂ ਵੱਧ ਕੁਝ ਨਹੀਂ ਹਨ ਅਤੇ ਇਸ ਤਰਾਂ ਸੰਕਟ ਦੇ ਸਮੇਂ ਪੰਜਾਬੀਆਂ ਦੇ ਨਾਲ ਖੜ੍ਹੇ ਹੋਣ ‘ਚ ਬੁਰੀ ਤਰਾਂ ਅਸਫਲ ਰਹੇ ਹਨ।
ਉਨ੍ਹਾਂ ਕਿਹਾ ਕਿ ‘ਆਪ’ ਦੇ ਰਾਜ ਸਭਾ ਮੈਂਬਰਾਂ ਨੇ ਕਦੇ ਵੀ ਪੰਜਾਬ ਦੇ ਹੱਕ ‘ਚ ਸਦਨ ‘ਚ ਜਾਂ ਸਦਨ ਤੋਂ ਬਾਹਰ ਆਵਾਜ਼ ਨਹੀਂ ਉਠਾਈ। ਬਾਜਵਾ ਨੇ ਕਿਹਾ ਕਿ ਪੰਜਾਬ ਪਿਛਲੇ ਮਹੀਨੇ ਤੋਂ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ, ਫਿਰ ਵੀ ‘ਆਪ’ ਦੇ ਰਾਜ ਸਭਾ ਮੈਂਬਰਾਂ ਨੇ ਪੰਜਾਬੀਆਂ ਦਾ ਹਾਲ-ਚਾਲ ਵੀ ਨਹੀਂ ਪੁੱਛਿਆ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਇਹ ਸੰਸਦ ਮੈਂਬਰ ਬੇਕਾਰ ਸਨ ਅਤੇ ਆਮ ਆਦਮੀ ਪਾਰਟੀ ਲਈ ਰਬੜ ਦੀ ਮੋਹਰ ਦਾ ਕੰਮ ਕਰਦੇ ਸਨ ਅਤੇ ਹੁਣ ਉਹ ਸ਼ਾਇਦ ਹੀ ਸਦਨ ਦੇ ਸੈਸ਼ਨਾਂ ਵਿੱਚ ਹਾਜ਼ਰ ਹੁੰਦੇ ਹਨ। ਉਨ੍ਹਾਂ ਨੂੰ ਪੰਜਾਬ ਅਤੇ ਪੰਜਾਬੀਆਂ ਨਾਲ ਕੋਈ ਪਿਆਰ ਨਹੀਂ ਹੈ। ਅਜਿਹੇ ਲੋਕਾਂ ਨੂੰ ਪੰਜਾਬ ਤੋਂ ਰਾਜ ਸਭਾ ਲਈ ਨਾਮਜ਼ਦ ਕਰਨ ਦਾ ਕੀ ਮਤਲਬ ਸੀ ਕਿਉਂਕਿ ਉਨ੍ਹਾਂ ਦੀ ਪੰਜਾਬ ਪ੍ਰਤੀ ਕੋਈ ਵਫ਼ਾਦਾਰੀ ਨਹੀਂ ਹੈ?
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 6 ਲੱਖ ਏਕੜ ਤੋਂ ਵੱਧ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕ ਆਪਣੀ ਜਾਣ ਬਚਾਉਣ ਲਈ ਆਪਣੇ ਘਰ ਛੱਡਣ ਲਈ ਮਜਬੂਰ ਹਨ ਅਤੇ ਆਪਣੇ ਰਿਸ਼ਤੇਦਾਰਾਂ ਨਾਲ ਰਾਤ ਬਿਤਾ ਰਹੇ ਹਨ। ਔਰਤਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਨੂੰ, ਖ਼ਾਸ ਕਰ ਕੇ, ਲੋੜੀਂਦੀ ਸਿਹਤ ਸੰਭਾਲ ਅਤੇ ਦਵਾਈ ਤੋਂ ਬਿਨਾਂ ਛੱਡ ਦਿੱਤਾ ਗਿਆ ਹੈ। ਸੈਂਕੜੇ ਦੁਧਾਰੂ ਪਸ਼ੂ ਹੜ੍ਹ ਦੇ ਪਾਣੀ ‘ਚ ਰੂੜ੍ਹ ਗਏ ਹਨ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਖੇਤੀਬਾੜੀ ਖੇਤਰ ‘ਤੇ ਨਿਰਭਰ ਕਰਦੀ ਹੈ। ਹੁਣ ਪੰਜਾਬੀਆਂ ਨੇ ਹੜ੍ਹਾਂ ਕਾਰਨ ਆਪਣਾ ਸਭ ਕੁਝ ਗੁਆ ਦਿੱਤਾ ਹੈ ਜਦਕਿ ‘ਆਪ’ ਸਰਕਾਰ ਨੇ ਅਜੇ ਤੱਕ ਕੋਈ ਰਾਹਤ ਨਹੀਂ ਦਿੱਤੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਦੇ ਹਰ ਕਦਮ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਉਹ ਸਹੀ ਸਮੇਂ ‘ਤੇ ‘ਆਪ’ ਨੂੰ ਸਬਕ ਸਿਖਾਉਣਗੇ।