ਚੰਡੀਗੜ੍ਹ, 19 ਨਵੰਬਰ 2024: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (MP Charanjit Singh Channi) ਨੂੰ ਬੀਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਔਰਤਾਂ ਵਿਰੁੱਧ ਵਿਵਾਦਤ ਟਿੱਪਣੀ ਕਰਨ ਲਈ ਨੋਟਿਸ ਜਾਰੀ ਕੀਤਾ ਸੀ। ਇਸ ਮਾਮਲੇ ‘ਚ ਚਰਨਜੀਤ ਸਿੰਘ ਚੰਨੀ ਨੇ ਅੱਜ ਮੁਆਫ਼ੀ ਮੰਗਦਿਆਂ ਕਿਹਾ ਕਿ ਮੈਂ ਸਿਰਫ਼ ਇੱਕ ਚੁਟਕਲਾ ਸੁਣਾਇਆ ਸੀ, ਜੇਕਰ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫ਼ੀ ਚਾਹੁੰਦਾ ਹਾਂ।
ਦਰਅਸਲ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ‘ਚ ਚਰਨਜੀਤ ਸਿੰਘ ਚੰਨੀ ਨੂੰ ਦੋ ਕੁੱਤਿਆਂ ਵਿਚਕਾਰ ਆਪਸੀ ਗੱਲਬਾਤ ਦੀ ਗੱਲ ਕਰਦੇ ਸੁਣਿਆ ਜਾ ਸਕਦਾ ਹੈ, ਜਿਨ੍ਹਾਂ ‘ਚੋਂ ਇਕ ਜੱਟ ਅਤੇ ਦੂਜਾ ਬ੍ਰਾਹਮਣ ਦੱਸਿਆ ਹੈ। ਦੋਵਾਂ ਭਾਈਚਾਰਿਆਂ ਦੀ ਜੀਵਨ ਸ਼ੈਲੀ ਦੀ ਤੁਲਨਾ ਕਰਦਿਆਂ ਉਨ੍ਹਾਂ ਕਿਹਾ ਕਿ ਜੱਟ ਦੀਆਂ ਦੋ ਪਤਨੀਆਂ ਹਨ | ਇਸ ਟਿੱਪਣੀ ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਮਾਮਲਿਆਂ ਦਾ ਖੁਦ ਨੋਟਿਸ ਲਿਆ |
ਗਿੱਦੜਬਾਹਾ ਇਲਾਕੇ ‘ਚ ਸੰਬੋਧਨ ਕਰਦਿਆਂ ਔਰਤਾਂ ਵਿਰੁੱਧ ਕੀਤੀ ਗਈ ਬੇਹੱਦ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀ ਦੇ ਮਾਮਲੇ ‘ਚ ਮੌਜੂਦਾ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ।
ਮਹਿਲਾ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ (MP Charanjit Singh Channi) ਨੂੰ 19 ਨਵੰਬਰ 2024 ਨੂੰ ਸਵੇਰੇ 11 ਵਜੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਫ਼ਤਰ ਐਸ.ਏ.ਐਸ ਨਗਰ (ਮੋਹਾਲੀ) ਵਿਖੇ ਨਿੱਜੀ ਤੌਰ ‘ਤੇ ਹਾਜ਼ਰ ਹੋਣ ਲਈ ਕਿਹਾ ਸੀ |