July 5, 2024 9:37 pm
MP Manish Tiwari

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪ੍ਰਦੂਸ਼ਣ ਮੁੱਦੇ ‘ਤੇ ਕੇਂਦਰੀ ਵਾਤਾਵਰਣ ਮੰਤਰੀ ਨੂੰ ਲਿਖਿਆ ਪੱਤਰ

ਗੜ੍ਹਸ਼ੰਕਰ 03 ਜਨਵਰੀ 2023 : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕੇਂਦਰੀ ਵਾਤਾਵਰਨ ਮੰਤਰੀ ਭੂਪੇਂਦਰ ਯਾਦਵ ਨੂੰ ਪੱਤਰ ਲਿਖ ਕੇ ਪੇਪਰ ਮਿੱਲ, ਕੁਆਂਟਮ ਪੇਪਰ ਲਿਮਟਿਡ ਵੱਲੋਂ ਪ੍ਰਦੂਸ਼ਣ ਫੈਲਾਉਣ ਦੇ ਦੋਸ਼ਾਂ ਦੀ ਜਾਂਚ ਕਰਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਜਿਸ ਵਲੋਂ ਫੈਲਾਏ ਜਾ ਰਹੇ ਪਾਣੀ ਅਤੇ ਹਵਾ ਦੇ ਪ੍ਰਦੂਸ਼ਣ ਕਾਰਨ ਆਸ-ਪਾਸ ਦੇ ਪਿੰਡਾਂ ਦੇ ਲੋਕ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।

ਵਾਤਾਵਰਣ ਮੰਤਰੀ ਨੂੰ ਲਿਖੇ ਪੱਤਰ ਵਿੱਚ ਐਮ.ਪੀ ਤਿਵਾੜੀ ਨੇ ਕਿਹਾ ਹੈ ਕਿ ਸੈਲਾ ਖੁਰਦ ਵਿੱਚ ਚੱਲ ਰਹੀ ਉਕਤ ਪੇਪਰ ਮਿੱਲ ਦੇ ਨੇੜੇ ਰਹਿੰਦੇ ਲੋਕਾਂ ਪਾਸੋਂ ਉਨ੍ਹਾਂ ਨੂੰ ਸ਼ਿਕਾਇਤਾਂ ਮਿਲੀਆਂ ਹਨ, ਜਿਸ ਵਿੱਚ ਇਲਾਕਾ ਵਾਸੀਆਂ ਨੇ ਦੋਸ਼ ਲਾਇਆ ਹੈ ਕਿ ਉਕਤ ਮਿੱਲ ਵੱਲੋਂ ਫੈਲਾਏ ਜਾ ਰਹੇ ਪਾਣੀ ਅਤੇ ਹਵਾ ਦੇ ਪ੍ਰਦੂਸ਼ਣ ਕਾਰਨ ਉਨ੍ਹਾਂ ਦਾ ਜਿਊਣਾ ਔਖਾ ਹੋ ਗਿਆ ਹੈ। ਪਿਛਲੇ ਸਾਲਾਂ ਦੌਰਾਨ ਲੋਕਾਂ ਨੇ ਵੱਖ-ਵੱਖ ਅਧਿਕਾਰੀਆਂ ਨੂੰ ਸ਼ਿਕਾਇਤਾਂ ਵੀ ਦਿੱਤੀਆਂ ਹਨ, ਪਰ ਕੋਈ ਕਾਰਵਾਈ ਨਹੀਂ ਹੋਈ।

ਸੰਸਦ ਮੈਂਬਰ ਤਿਵਾੜੀ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਵੀ ਲਿਖਿਆ ਸੀ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਮਿੱਲ ਨੇੜੇ ਪਿੰਡਾਂ ਦੇ ਹਾਲਾਤਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦੇਣ ਦੀ ਅਪੀਲ ਕੀਤੀ ਸੀ। ਪਰ ਅਫਸੋਸ ਦੀ ਗੱਲ ਹੈ ਕਿ ਪੀਪੀਸੀਬੀ ਨੇ ਮੁੱਖ ਮੰਤਰੀ ਦੀਆਂ ਹਦਾਇਤਾਂ ਦੀ ਸਹੀ ਪਾਲਣਾ ਨਹੀਂ ਕੀਤੀ।

ਇਸੇ ਲੜੀ ਤਹਿਤ, ਹਾਲ ਹੀ ਵਿੱਚ ਜਦੋਂ ਉਹ ਆਪਣੇ ਲੋਕ ਸਭਾ ਹਲਕੇ ਦਾ ਦੌਰਾ ਕਰ ਰਹੇ ਸਨ, ਤਾਂ ਸਬੰਧਤ ਪਿੰਡਾਂ ਦੇ ਕਈ ਨੁਮਾਇੰਦਿਆਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਇੱਕ ਵਾਰ ਫਿਰ ਇਸ ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਦੀ ਅਪੀਲ ਕੀਤੀ। ਕਿਉਂਕਿ ਉਥੇ ਪ੍ਰਦੂਸ਼ਣ ਦਾ ਪੱਧਰ, ਖਾਸ ਕਰਕੇ ਧਰਤੀ ਹੇਠਲੇ ਪਾਣੀ ਦੀ ਹਾਲਤ, ਨਾ ਸਿਰਫ਼ ਸਥਾਨਕ ਲੋਕਾਂ ਲਈ ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਿਆ ਹੈ।

ਇਸ ਲਈ, ਉਹ ਤੁਹਾਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਇੱਕ ਟੀਮ ਭੇਜਣ ਅਤੇ ਕੁਆਂਟਮ ਪੇਪਰ ਲਿਮਟਿਡ ਦੁਆਰਾ ਫੈਲਾਏ ਜਾ ਰਹੇ ਪ੍ਰਦੂਸ਼ਣ ਸੰਬੰਧੀ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਸਮੱਸਿਆ ਦਾ ਨਿਪਟਾਰਾ ਯਕੀਨੀ ਬਣਾਉਣ ਦੀ ਅਪੀਲ ਕਰਦੇ ਹਨ। ਇਸ ਤਹਿਤ ਮਿੱਲ ਵੱਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਨੂੰ ਜਾਂ ਤਾਂ ਕਾਨੂੰਨ ਅਨੁਸਾਰ ਨਿਰਧਾਰਤ ਸੀਮਾ ਤੱਕ ਪਹੁੰਚਾਇਆ ਜਾਵੇ ਜਾਂ ਨੇੜਲੇ ਪਿੰਡਾਂ ਦੇ ਲੋਕਾਂ ਦੀ ਜਾਨ ਬਚਾਉਣ ਲਈ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।