ਚੰਡੀਗੜ੍ਹ, 27 ਜੁਲਾਈ 2024: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਮੰਗ ਪੱਤਰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੌਂਪਿਆ । ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਮੰਤਰੀ ਕੋਲ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ।
ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਦਾ ਕਹਿਣਾ ਹੈ ਕਿ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਆਪਣੇ ਮੰਗ ਪੱਤਰ ‘ਚ ਦਿੱਤੀਆਂ ਗਈਆਂ ਮੰਗਾਂ ਜਾਇਜ਼ ਹਨ ਅਤੇ ਪੰਜਾਬ ਅਤੇ ਦੇਸ਼ ਦੇ ਹਿੱਤ ‘ਚ ਹਨ। ਉਨ੍ਹਾਂ ਆਪਣੇ ਪੱਤਰ ‘ਚ ਕਿਹਾ ਕਿ ਡੇਢ ਸਾਲ ਤੋਂ ਚੱਲੇ ਕਿਸਾਨ ਅੰਦੋਲਨ ਦੌਰਾਨ ਵੀ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਕਿਸਾਨਾਂ ਦੀਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਜਿਸ ਕਾਰਨ ਕਿਸਾਨ ਤੇ ਮਜ਼ਦੂਰ ਮੁੜ ਸੰਘਰਸ਼ ਦੇ ਰਾਹ ਪੈ ਗਏ ਹਨ।