ਜਦੋਂ ਔਰਤਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ‘ਚ ਮਿਲੇਗੀ, ਤਾਂ ਇਹ ਸਿਰਫ਼ ਇੱਕ ਆਰਥਿਕ ਮੱਦਦ ਨਹੀਂ, ਸਗੋਂ ਉਨ੍ਹਾਂ ਦੇ ਸਵੈ-ਮਾਣ ਅਤੇ ਆਤਮ-ਵਿਸ਼ਵਾਸ ਨੂੰ ਵੀ ਮਜ਼ਬੂਤ ਕਰੇਗੀ|ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਨਿਸ਼ਚਿਤ ਤੌਰ ‘ਤੇ ਇੱਕ ਮਹੱਤਵਪੂਰਨ ਅਤੇ ਸ਼ਲਾਘਾਯੋਗ ਪਹਿਲ ਹੈ|
ਇਸ ਯੋਜਨਾ ਦਾ ਐਲਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਦੁਆਰਾ ਪੰਜਾਬ ਬਜਟ 2026-27 ਦੌਰਾਨ ਕੀਤਾ ਗਿਆ|ਇਸ ਯੋਜਨਾ ਦਾ ਮੁੱਖ ਉਦੇਸ਼ ਸੂਬੇ ‘ਚ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣਾ ਹੈ|ਪੰਜਾਬ ਰਾਜ ਦੀਆਂ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਔਰਤਾਂ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ|
ਪੰਜਾਬ ਦੀ ਹਰ ਯੋਗ ਲਾਭਪਾਤਰੀ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ (ਐਸ.ਸੀ.) ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ|ਸਕੀਮ ਦੀ ਰਕਮ ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਰਾਹੀਂ ਔਰਤਾਂ ਦੇ ਬੈਂਕ ਖਾਤੇ ‘ਚ ਭੇਜੀ ਜਾਵੇਗੀ|ਪੰਜਾਬ ਦੀਆਂ ਲਗਭੱਗ 97 ਫ਼ੀਸਦੀ ਔਰਤਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਬਜਟ ‘ਚ 9,300 ਕਰੋੜ ਰੁਪਏ ਅਲਾਟ ਕੀਤੇ ਹਨ|
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ‘ਚ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਅਤੇ ਹਰ ਰੋਜ਼ ਲੱਖਾਂ ਔਰਤਾਂ ਦੇ ਨਾਂ ਦਰਜ ਕੀਤੇ ਜਾ ਰਹੇ ਹਨ|ਇਸ ਯੋਜਨਾ ਲਈ ਰਜਿਸਟ੍ਰੇਸ਼ਨ ਆਂਗਣਵਾੜੀ ਕੇਂਦਰਾਂ, ਸੇਵਾ ਕੇਂਦਰਾਂ ਅਤੇ ਸਬੰਧਤ ਜ਼ਿਲ੍ਹਿਆਂ ‘ਚ ਡਿਪਟੀ ਕਮਿਸ਼ਨਰਾਂ ਵੱਲੋਂ ਵਿਸ਼ੇਸ਼ ਤੌਰ ’ਤੇ ਨਿਰਧਾਰਤ ਕੀਤੀਆਂ ਹੋਰ ਥਾਵਾਂ ਰਾਹੀਂ ਕੀਤੀ ਜਾ ਰਹੀ ਹੈ| ਇਹ ਪਹਿਲਕਦਮੀ ਪੰਜਾਬ ਭਰ ‘ਚ ਔਰਤਾਂ ਨੂੰ ਸਮਰੱਥ ਬਣਾਉਣ ਅਤੇ ਇਹ ਯਕੀਨੀ ਬਣਾਉਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ ਕਿ ਉਹ ਮਾਣ ਅਤੇ ਆਤਮ-ਵਿਸ਼ਵਾਸ ਨਾਲ ਆਪਣਾ ਜੀਵਨ ਬਤੀਤ ਕਰ ਸਕਣ|
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੀਆਂ ਯੋਗ ਮਹਿਲਾਵਾਂ ਨੂੰ 1 ਜੁਲਾਈ ਤੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ|




