ਫਿਰੋਜ਼ਪੁਰ, 16 ਅਗਸਤ 2024: ਬੀਤੇ ਦਿਨ ਫ਼ਿਰੋਜ਼ਪੁਰ ਛਾਉਣੀ ਦੇ ਕੈਂਟ ਬੋਰਡ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ, ਜਿਸ ‘ਚ ਟਰਾਂਸਪੋਰਟ ਤੇ ਪੇਂਡੂ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਪੁਲਿਸ ਦੀ ਟੁਕੜੀ ਤੋਂ ਸਲਾਮੀ ਲਈ।
ਇਸ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਾਡਾ ਦੇਸ਼ ਬਹੁਤ ਸਾਰੇ ਸ਼ਹੀਦ ਆਜ਼ਾਦੀ ਘੁਲਾਟੀਆਂ ਦੀਆਂ ਲਾਸਾਨੀ ਕੁਰਬਾਨੀਆਂ ਅਤੇ ਸੰਘਰਸ਼ਾਂ ਸਦਕਾ ਆਜ਼ਾਦ ਹੋਇਆ ਹੈ ਅਤੇ ਅਸੀਂ ਆਜ਼ਾਦੀ ਦੀਆਂ ਲਹਿਰਾਂ ‘ਚ ਹਿੱਸਾ ਲੈਣ ਵਾਲੇ ਸਾਰੇ ਸ਼ਹੀਦਾਂ, ਬਹਾਦਰਾਂ ਅਤੇ ਯੋਧਿਆਂ ਨੂੰ ਅਜ਼ਾਦੀ ਦੇ ਖੰਭਾਂ ਨਾਲ ਸ਼ਰਧਾਂਜਲੀ ਭੇਟ ਕਰਦੇ ਹਾਂ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਅਜਾਇਬ ਘਰ ਬਣਾਇਆ ਜਾਵੇਗਾ, ਜਿਸ ਦੀ 2.5 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖਾਤਮੇ, ਨਸ਼ੇ, ਫਰਿਸ਼ਤੇ ਸਕੀਮ ਅਤੇ ਬਿਜਲੀ ਮੁਆਫੀ ਵਰਗੇ ਇਤਿਹਾਸਕ ਫੈਸਲੇ ਲਏ ਹਨ, ਜਿਨ੍ਹਾਂ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ।
ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ 19 ਸਰਕਾਰੀ ਵੋਲਵੋ ਬੱਸਾਂ ਚਲਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ‘ਚ ਬੀਬੀਆਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਨੂੰ ਜਾਰੀ ਰੱਖਦਿਆਂ ਸੂਬਾ ਸਰਕਾਰ ਨੇ ਮਾਰਚ 2022 ਤੋਂ 15 ਜੁਲਾਈ 2024 ਤੱਕ ਸੂਬੇ ਦੀਆਂ ਬੀਬੀਆਂ ਦੇ ਮੁਫ਼ਤ ਸਫ਼ਰ ਲਈ 1548 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਹਨ। ਪੰਜਾਬ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਯੋਗ ਬਣਾਉਣ ਲਈ ਸੂਬਾ ਸਰਕਾਰ ਵੱਲੋਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਸ਼ੁਰੂ ਕੀਤੀ ਗਈ ਹੈ।
ਕੈਬਨਿਟ ਮੰਤਰੀ (Laljit Singh Bhullar) ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਹੁਣ ਤੱਕ 3000 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ ਕਰੀਬ 12341 ਏਕੜ ਜ਼ਮੀਨ ਨੂੰ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ।
ਰੁਜ਼ਗਾਰ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਸੂਬਾ ਸਰਕਾਰ ਨੇ ਪਿਛਲੇ 28 ਮਹੀਨਿਆਂ ਦੌਰਾਨ 44 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਨੂੰ ਦਿੱਤੀ ਜਾਂਦੀ ਪੈਨਸ਼ਨ 9400 ਰੁਪਏ ਤੋਂ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ।