Site icon TheUnmute.com

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ਼ਹੀਦ ਬਾਬਾ ਦੀਪ ਸਿੰਘ

ਅੰਮ੍ਰਿਤਸਰ 26 ਜਨਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲਿਆਂ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਅਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ।

ਆਰੰਭਤਾ ਸਮੇਂ ਅਰਦਾਸ ਉਪਰੰਤ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਿਹਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਪਲਾਜ਼ਾ ਘੰਟਾ ਘਰ, ਜ਼ਲ੍ਹਿਆਂ ਵਾਲਾ ਬਾਗ, ਲੱਕੜ ਮੰਡੀ ਬਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਜ਼ਾਰ ਕੋਟ ਮਾਹਣਾ ਸਿੰਘ ਅਤੇ ਤਰਨ ਤਾਰਨ ਰੋਡ ਆਦਿ ਥਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿਚ ਜਿਥੇ ਗਤਕਾ ਤੇ ਬੈਂਡ ਪਾਰਟੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ, ਉਥੇ ਹੀ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਸੰਗਤਾਂ ਵੱਲੋਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ।

ਨਗਰ ਕੀਰਤਨ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਖੁਸ਼ਵਿੰਦਰ ਸਿੰਘ ਭਾਟੀਆ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ੍ਰਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਲਖਬੀਰ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਫੈਡਰੇਸ਼ਨ ਆਗੂ ਸ. ਅਮਰਬੀਰ ਸਿੰਘ ਢੋਟ, ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਨਿਸ਼ਾਨ ਸਿੰਘ ਜੱਫਰਵਾਲ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

Exit mobile version