Site icon TheUnmute.com

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਪ੍ਰਕਾਸ਼ ਪੁਰਬ

ਅੰਮ੍ਰਿਤਸਰ, 25 ਨਵੰਬਰ 2023 : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਤੇਗਾ। ਨਗਰ ਕੀਰਤਨ ‘ਚ ਸ਼ਬਦ ਚੌਕੀ ਜਥੇ, ਸਕੂਲ ਬੈਂਡ, ਸਕੂਲੀ ਬੱਚੇ, ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਆਦਿ ਸ਼ਾਮਲ ਹੋਏ। ਸੰਗਤਾਂ ਵੱਲੋਂ ਨਗਰ ਕੀਰਤਨ ਦਾ ਥਾਂ ਥਾਂ ਤੇ ਭਰਵਾਂ ਸਵਾਗਤ ਕੀਤਾ।

ਹਜ਼ਾਰਾਂ ਦੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਸਤਿਕਾਰ ’ਚ ਗਤਕਾ ਪਾਰਟੀਆਂ ਨੇ ਵੀ ਸ਼ਮੂਲੀਅਤ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਸਭਾ-ਸੁਸਾਇਟੀਆਂ ਦੇ ਨੁਮਾਇੰਦੇ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਅਤੇ ਮੁਲਾਜ਼ਮ ਵੀ ਮੌਜੂਦ ਸਨ।

ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਕਤਾਰਾਂ ਬਣਾ ਕੇ ਸੜਕਾਂ ਦੇ ਦੋਨੋਂ ਪਾਸੇ ਖੜੀਆਂ ਨਜ਼ਰ ਆਈਆਂ। ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਰਸਤੇ ਨੂੰ ਚਾਰ ਪੜਾਵਾਂ ’ਚ ਵੰਡ ਕੇ ਲੰਗਰ ਅਤੇ ਜਲ ਪਾਣੀ ਦਾ ਪ੍ਰਬੰਧ ਕੀਤਾ ਹੋਇਆ ਸੀ। ਨਗਰ ਕੀਰਤਨ ਵਿਚ ਵੱਖ-ਵੱਖ ਸੂਬਿਆਂ ਤੋਂ ਪੁੱਜੀ ਸੰਗਤ ਨੇ ਸ਼ਮੂਲੀਅਤ ਕੀਤੀ।

Exit mobile version