ਸ੍ਰੀਨਗਰ, 19 ਨਵੰਬਰ 2025: ਅੱਜ ਸ੍ਰੀਨਗਰ ਦੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਾਹਿਬ ਤੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਸਮੇਤ ਕਈ ਆਗੂਆਂ ਨੇ ਹਾਜ਼ਰੀ ਭਰੀ |
ਇਸ ਦੌਰਾਨ ਜੁਗੋ-ਜੁਗ ਅੱਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਤੇ ਗੜ੍ਹਸ਼ੰਕਰ ਤੇ ਹੋਰ ਨਗਰਾਂ ‘ਚੋਂ ਗੁਜ਼ਰਦਾ ਹੋਇਆ 22 ਨਵੰਬਰ ਨੂੰ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਇਹ ਨਗਰ ਕੀਰਤਨ 19 ਨਵੰਬਰ ਦੀ ਰਾਤ ਜੰਮੂ ਵਿਖੇ, 20 ਨਵੰਬਰ ਦੀ ਰਾਤ ਪਠਾਨਕੋਟ ਵਿਖੇ ਅਤੇ 21 ਨਵੰਬਰ ਦੀ ਰਾਤ ਹੁਸ਼ਿਆਰਪੁਰ ਵਿਖੇ ਪੜਾਅ ਕਰੇਗਾ।
ਗੁਰੂ ਸਾਹਿਬ ਜੀ ਦੇ ਨਗਰ ਕੀਰਤਨ ਨਾਲ ਰਵਾਨਾ ਹੋਣ ਵਾਲੀ ਸੰਗਤ ਦੀ ਸਹੂਲਤ ਲਈ ਕਾਫ਼ਲੇ ‘ਚ ਐਂਬੂਲੈਂਸ, ਡਿਜੀਟਲ ਮਿਊਜ਼ੀਅਮ, ਲੰਗਰ ਅਤੇਹੋਰ ਲੋੜੀਂਦਾ ਸਾਜ਼ੋ-ਸਾਮਾਨ ਦੀ ਵਿਵਸਥਾ ਕੀਤੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਨੌਵੇਂ ਸਿੱਖ ਗੁਰੂ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਾਡੇ ਸਾਰਿਆਂ ਲਈ ਇਤਿਹਾਸਕ ਪਲ ਹਨ, ਜਿਨ੍ਹਾਂ ਨੇ ਮਨੁੱਖਤਾ ਦੀ ਰਾਖੀ ਲਈ ਅਦੁੱਤੀ ਸ਼ਹਾਦਤ ਦਿੱਤੀ। ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਸਾਨੂੰ ਆਪਣੇ ਜੀਵਨ ‘ਚ ਇਨ੍ਹਾਂ ਮਹਾਨ ਸਮਾਗਮਾਂ ਦਾ ਹਿੱਸਾ ਬਣਨ ਦਾ ਸੁਭਾਗ ਹਾਸਲ ਹੋਇਆ ਹੈ।
ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਨਹੀਂ ਛੱਡੇਗੀ। ਮੁੱਖ ਮੰਤਰੀ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਨੇ ਲੋਕਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।

ਉਨ੍ਹਾਂ ਨੇ ਲੋਕਾਂ ਨੂੰ ਗੁਰੂ ਜੀ ਦੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਧਰਮ ਨਿਰਪੱਖਤਾ ਦੀਆਂ ਸਦੀਆਂ ਪੁਰਾਣੀਆਂ ਮਹਾਨ ਪਰੰਪਰਾਵਾਂ ਨੂੰ ਕਾਇਮ ਰੱਖਣ ‘ਚ ਮਿਸਾਲੀ ਯੋਗਦਾਨ ਬਾਰੇ ਯਾਦ ਦਿਵਾਇਆ, ਜਿਸ ਲਈ ਉਨ੍ਹਾਂ ਨੇ ਆਪਣਾ ਜੀਵਨ ਕੁਰਬਾਨ ਕਰ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਜੰਮੂ-ਕਸ਼ਮੀਰ ‘ਚ ਸਿੱਖ ਭਾਈਚਾਰੇ ਦੀ ਸਮਰਪਣ ਅਤੇ ਸ਼ਰਧਾ ਭਾਵਨਾ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੇ ਇਸ ਇਤਿਹਾਸਕ ਸਮਾਗਮ ‘ਚ ਸੰਗਤ ਨਾਲ ਹਾਜ਼ਰੀ ਭਰਨ ਲਈ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ, ਦਿੱਲੀ ਤੋਂ ਹੋਈ ਸੀ ਅਤੇ ਇਸੇ ਦਿਨ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਸੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ 1 ਨਵੰਬਰ ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ, ਜਿਸ ‘ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਫਲਸਫੇ ਨੂੰ ਦਰਸਾਇਆ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਨਗਰਾਂ ਅਤੇ ਸ਼ਹਿਰਾਂ ‘ਚ ਕੀਰਤਨ ਦਰਬਾਰ ਕਰਵਾਏ ਜਾ ਰਹੇ ਹਨ ਅਤੇ 18 ਨਵੰਬਰ ਨੂੰ ਸ੍ਰੀਨਗਰ ‘ਚ ਕੀਰਤਨ ਦਰਬਾਰ ਕਰਵਾਇਆ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਿਹਾ ਕਿ ਵੱਖ-ਵੱਖ ਦਿਸ਼ਾਵਾਂ ਤੋਂ ਚਾਰ ਨਗਰ ਕੀਰਤਨ ਸਜਾਏ ਜਾ ਰਹੇ ਹਨ ਅਤੇ ਅੱਜ ਪਹਿਲੇ ਨਗਰ ਕੀਰਤਨ ਦੀ ਆਰੰਭਤਾ ਇਸ ਧਰਤੀ ਤੋਂ ਸ਼ੁਰੂ ਹੋਈ ਜੋ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।
20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫਰੀਦਕੋਟ ਅਤੇ ਗੁਰਦਾਸਪੁਰ ਤੋਂ ਤਿੰਨ ਨਗਰ ਕੀਰਤਨ ਸਜਾਏ ਜਾਣਗੇ ਅਤੇ ਇਹ ਚਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਣਗੇ। ਉਨ੍ਹਾਂ ਕਿਹਾ ਕਿ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ‘ਤੇ ਸਮਾਗਮ ਹੋਣਗੇ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸੰਦੇਸ਼ ਨੂੰ ਉਜਾਗਰ ਕਰਨ ਵਾਲੀਆਂ ਪ੍ਰਦਰਸ਼ਨੀਆਂ ਅਤੇ ਡਰੋਨ ਸ਼ੋਅ ਦੇ ਨਾਲ ਅੰਤਰ-ਧਰਮ ਸੰਮੇਲਨ ਕੀਤਾ ਜਾਵੇਗਾ। 24 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ, ਜਿੱਥੇ ਪ੍ਰਮੁੱਖ ਸ਼ਖਸੀਅਤਾਂ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਖਾਤਰ ਉਨ੍ਹਾਂ ਦੀ ਮਹਾਨ ਕੁਰਬਾਨੀ ‘ਤੇ ਵਿਚਾਰ ਸਾਂਝੇ ਕਰਨਗੀਆਂ।
ਉਨ੍ਹਾਂ ਕਿਹਾ ਕਿ 25 ਨਵੰਬਰ ਨੂੰ ਰਾਜ ਪੱਧਰੀ ਖੂਨਦਾਨ ਕੈਂਪ ਲਾਏ ਜਾਣਗੇ, ਜੰਗਲਾਤ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਪੌਦੇ ਲਾਉਣ ਦੀ ਮੁਹਿੰਮ ਤੋਂ ਇਲਾਵਾ ਵਿਸ਼ਾਲ “ਸਰਬੱਤ ਦਾ ਭਲਾ ਇੱਕਤਰਤਾ” ਵਿੱਚ ਕਈ ਉੱਘੀਆਂ ਸ਼ਖਸੀਅਤਾਂ ਹਿੱਸਾ ਲੈਣਗੀਆਂ।
Read More: ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਤੇ ਧਰਮ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕੀਤਾ: ਕ੍ਰਿਸ਼ਨ ਲਾਲ ਪੰਵਾਰ




