ਚੰਡੀਗੜ੍ਹ/ਮਾਲੇਰਕੋਟਲਾ, 17 ਜਨਵਰੀ 2023: ’’ਸਤਿਗੁਰੂ ਰਾਮ ਸਿੰਘ ਜੀ ਸਿੱਖੀ ਸਵੈ-ਮਾਣ ਦੇ ਪੁਨਰ ਸੰਸਥਾਪਕ ਅਤੇ ਦੇਸ਼ ਦੀ ਅਜ਼ਾਦੀ ਲਈ ਬਰਤਾਨਵੀ ਸਾਮਰਾਜ ਨਾਲ ਨਾ-ਮਿਲਵਰਤਨ ਅਤੇ ਬਾਈਕਾਟ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਵਿਸ਼ਵ ਦੇ ਪਹਿਲੇ ਨੀਤੀ-ਵੇਤਾ ਸਨ। ਦੇਸ਼ ਨੂੰ ਅੰਗਰੇਜ਼ਾਂ ਦੇ ਲੋਟੂ ਰਾਜ ਤੋਂ ਆਜ਼ਾਦ ਕਰਾਉਣ ਲਈ ਭਾਵੇਂ ਵੱਖ-ਵੱਖ ਧਰਮਾਂ, ਮਜ਼ਹਬਾਂ, ਵਰਗਾਂ ਅਤੇ ਪਾਰਟੀਆਂ ਨੇ ਆਪਣੇ-ਆਪਣੇ ਤੌਰ ’ਤੇ ਉਪਰਾਲੇ ਕੀਤੇ ਪਰ ਆਜ਼ਾਦੀ ਸੰਗਰਾਮ ਵਿੱਚ ਉਹਨਾਂ ਦੀ ਅਗਵਾਈ ਵਿੱਚ ਨਾਮਧਾਰੀ ਸੰਪਰਦਾ ਵੱਲੋਂ ਪਾਇਆ ਗਿਆ ਯੋਗਦਾਨ ਅਤੇ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ ਹਨ।
ਇਹ ਵਿਚਾਰ ਅਮਨ ਅਰੋੜਾ, ਸੂਚਨਾ ਅਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਸੰਬੰਧੀ ਮਨਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਅਰੋੜਾ ਨੇ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ, ਜਿਨ੍ਹਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ ’ਤੇ ਚੱਲਦਿਆਂ ਅੰਗਰੇਜ਼ਾਂ ਦਾ ਅਤੇ ਉਹਨਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਨਾ ਮਿਲਵਰਤਨ ਅੰਦੋਲਨ ਅਤੇ ਨਾ ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ। ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਿਆ ਗਿਆ ਸੀ।
ਉਹਨਾਂ ਨਾਮਧਾਰੀ ਸੰਪਰਦਾ ਨੂੰ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ ’ਤੇ ਚੱਲਦੇ ਹੋਏ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਆਉਣਾ ਸੀ ਪਰ ਕੁਝ ਨਾ ਟਾਲੇ ਜਾਣ ਵਾਲੇ ਕਾਰਨਾਂ ਕਰਕੇ ਉਹ ਪਹੁੰਚ ਨਹੀਂ ਸਕੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ।
ਅਰੋੜਾ ਨੇ ਐਲਾਨ ਕੀਤਾ ਕਿ ਨਾਮਧਾਰੀ ਸਮਾਰਕ ਨਾਲ ਜੁੜੀ ਸੰਗਤ ਦੀ ਧਾਰਮਿਕ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਜਲਦ ਹੀ ਮਾਲੇਰਕੋਟਲਾ – ਖੰਨਾ ਸੜਕ ਨੂੰ 18 ਫੁੱਟ ਤੋਂ ਵਧਾ ਕੇ 33 ਫੁੱਟ ਚੌੜੀ ਕਰਨ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਮਾਰਕ ਦੇ ਬਾਹਰ ਪਾਰਕਿੰਗ ਵਾਲੀ ਥਾਂ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ।
ਇਸ ਤੋਂ ਬਾਅਦ ਪੱਤਰਕਾਰਾਂ ਵੱਲੋਂ ਨਾਜਾਇਜ਼ ਉਸਾਰੀਆਂ ਅਤੇ ਕਬਜ਼ਿਆਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਵਿਅਕਤੀ ਦੇ ਸਿਰ ਉੱਤੇ ਛੱਤ ਯਕੀਨੀ ਬਣਾਉਣ ਲਈ ਬਹੁਤ ਸੌਖੀ ਅਤੇ ਸਰਲ ਹਾਊਸਿੰਗ ਪਾਲਸੀ ਲਿਆਂਦੀ ਗਈ ਹੈ। ਪਿਛਲੇ ਸਮੇਂ ਦੌਰਾਨ ਸੂਬੇ ਵਿਚ ਵਿਕਸਤ ਹੋਈਆਂ 14500 ਦੇ ਕਰੀਬ ਗੈਰ-ਕਾਨੂੰਨੀ ਕਲੋਨੀਆਂ ਨੂੰ ਅਧਿਕਾਰਿਤ ਕਰਾਉਣ ਲਈ ਇਸ ਪਾਲਸੀ ਦਾ ਲਾਭ ਲੈਣਾ ਚਾਹੀਦਾ ਹੈ। ਉਹਨਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਕਿਸੇ ਵੀ ਕਿਸਮ ਦਾ ਗੈਰ-ਕਾਨੂੰਨੀ ਕੰਮ ਅਤੇ ਭਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ।
ਸਮਾਗਮ ਦੌਰਾਨ ਮੌਜੂਦਾ ਗੱਦੀਨਸ਼ੀਨ ਨਾਮਧਾਰੀ ਉਦੈ ਸਿੰਘ ਜੀ ਨੇ ਗੁਰੂ ਨਾਨਕ ਦੇਵ ਜੀ, ਸਮੂਹ ਗੁਰੂ ਸਾਹਿਬਾਨ ਅਤੇ ਸਤਿਗੁਰੂ ਰਾਮ ਸਿੰੰਘ ਜੀ ਦੇ ਦੱਸੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਸੰਗਤ ਨੂੰ ਗੁਰੂ ਨਾਲ ਜੁੜ ਕੇ ਧਰਮ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਨਾਮਧਾਰੀ ਦਰਬਾਰ ਦੇ ਪ੍ਰਧਾਨ ਐੱਚ. ਐੱਸ. ਹੰਸਪਾਲ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਵਨੀਤ ਕੌਰ ਸਿੱਧੂ, ਨਾਮਧਾਰੀ ਸੁਰਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।