ਚੰਡੀਗੜ੍ਹ, 05 ਜੂਨ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਮੋਦੀ ਕੈਬਨਿਟ ਨੇ 17ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼ ਕੀਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦੀ ਸਥਿਤੀ ਵਿੱਚ ਹਨ।
ਭਾਜਪਾ ਦੀ ਅਗਵਾਈ ਵਾਲੀ ਐਨਡੀਏ ਨੂੰ ਲੋਕ ਸਭਾ ਵਿੱਚ ਬਹੁਮਤ ਮਿਲ ਗਿਆ ਹੈ। ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੇ ਦੇਸ਼ ਵਿੱਚ 240 ਲੋਕ ਸਭਾ ਸੀਟਾਂ ਜਿੱਤੀਆਂ ਹਨ। ਪਾਰਟੀ 272 ਦੇ ਬਹੁਮਤ ਦੇ ਅੰਕੜੇ ਤੱਕ ਵੀ ਨਹੀਂ ਪਹੁੰਚ ਸਕੀ। ਹੁਣ ਉਸ ਨੂੰ ਸਰਕਾਰ ਬਣਾਉਣ ਲਈ ਆਪਣੇ ਐਨਡੀਏ ਸਹਿਯੋਗੀਆਂ ਦੇ ਸਮਰਥਨ ਦੀ ਲੋੜ ਪਵੇਗੀ। ਇਸ ਤੋਂ ਪਹਿਲਾਂ ਪਾਰਟੀ ਨੇ 2019 ਵਿੱਚ 303 ਅਤੇ 2014 ਵਿੱਚ 282 ਸੀਟਾਂ ਜਿੱਤੀਆਂ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਮੰਗਲਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਬੈਠਕ ਵਿੱਚ 17ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼ ਕੀਤੀ ਗਈ। ਮੌਜੂਦਾ 17ਵੀਂ ਲੋਕ ਸਭਾ ਦਾ ਕਾਰਜਕਾਲ 16 ਜੂਨ ਨੂੰ ਖਤਮ ਹੋ ਰਿਹਾ ਹੈ। ਸੂਤਰਾਂ ਮੁਤਾਬਕ 7 ਜੂਨ ਨੂੰ ਸੰਸਦੀ ਦਲ ਦੀ ਬੈਠਕ ਹੋਵੇਗੀ ਅਤੇ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਅਗਲੇ ਦਿਨ ਯਾਨੀ 8 ਜੂਨ ਨੂੰ ਹੋ ਸਕਦਾ ਹੈ।