Site icon TheUnmute.com

ਪੰਜਾਬ ‘ਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਿਤ, ਪੰਜਾਬ ਸਰਕਾਰ ਦਾ NCDC ਨਾਲ ਹੋਇਆ ਸਮਝੌਤਾ

National Disease Prevention Centre

ਚੰਡੀਗੜ੍ਹ, 24 ਫਰਵਰੀ 2025: ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਨਾਵਾਲਾ ਵਿਖੇ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਵਿਖੇ ਇੱਕ ਸੂਬਾਈ ਸ਼ਾਖਾ ਸਥਾਪਤ (National Disease Prevention Centre) ਕਰਨ ਲਈ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਪ੍ਰੀਵੈਂਸ਼ਨ (ਐਨਸੀਡੀਸੀ), ਨਵੀਂ ਦਿੱਲੀ ਨਾਲ ਇੱਕ ਸਮਝੌਤਾ ਪੱਤਰ (ਐਮਓਯੂ) ‘ਤੇ ਹਸਤਾਖਰ ਕੀਤੇ ਹਨ।

ਇਸ ਸਮਝੌਤੇ ‘ਤੇ ਸੋਮਵਾਰ ਨੂੰ ਪੰਜਾਬ ਭਵਨ ਵਿਖੇ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ ਅਤੇ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਸੀਨੀਅਰ ਖੇਤਰੀ ਨਿਰਦੇਸ਼ਕ ਡਾ. ਅਮਰਜੀਤ ਕੌਰ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਹਸਤਾਖਰ ਕੀਤੇ।

ਇਸ ਆਉਣ ਵਾਲੇ ਪ੍ਰੋਜੈਕਟ (National Disease Prevention Centre) ਦੇ ਵੇਰਵੇ ਸਾਂਝੇ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸਮਝੌਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪ੍ਰਮੁੱਖ ਉਪਰਾਲੇ ‘ਸਿਹਤ ਕ੍ਰਾਂਤੀ’ ਨੂੰ ਅੱਗੇ ਵਧਾਉਣ ਦੇ ਨਾਲ-ਨਾਲ ਸਿਹਤ ਸਹੂਲਤਾਂ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਨੂੰ ਲੋੜੀਂਦੀ ਬਿਮਾਰੀ ਰੋਕਥਾਮ ਮੁਹਾਰਤ ਪ੍ਰਦਾਨ ਕਰਨ ‘ਚ ਮੱਦਦ ਕਰੇਗਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਬਾਦੀ ‘ਚ ਲਗਾਤਾਰ ਵਾਧੇ ਦੇ ਨਾਲ ਸੰਚਾਰੀ ਅਤੇ ਲਾਗ ਦੀਆਂ ਬਿਮਾਰੀਆਂ ਦਾ ਫੈਲਾਅ ਵੀ ਵੱਧ ਰਿਹਾ ਹੈ, ਜਿਸ ਕਾਰਨ ਸਾਡੇ ਜਨਤਕ ਸਿਹਤ ਢਾਂਚੇ ਨੂੰ ਅਪਗ੍ਰੇਡ ਅਤੇ ਮਜ਼ਬੂਤ ​​ਕਰਨਾ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਅੱਗੇ ਕਿਹਾ, “ਸਾਡਾ ਮੁੱਖ ਉਦੇਸ਼ ਬਿਮਾਰੀ ਨਿਗਰਾਨੀ ਪ੍ਰਣਾਲੀ ਨੂੰ ਵਧਾਉਣਾ, ਬਿਮਾਰੀ ਦਾ ਪਤਾ ਲਗਾਉਣ ਦੀਆਂ ਸਮਰੱਥਾਵਾਂ ਨੂੰ ਬਿਹਤਰ ਬਣਾਉਣਾ ਅਤੇ ਦਸਤ ਅਤੇ ਹੋਰ ਛੂਤ ਦੀਆਂ ਬਿਮਾਰੀਆਂ ਵਰਗੀਆਂ ਐਮਰਜੈਂਸੀ ਲਈ ਤੇਜ਼ ਸਿਹਤ ਸੰਭਾਲ ਪ੍ਰਤੀਕਿਰਿਆ ਪ੍ਰਦਾਨ ਕਰਨਾ ਹੈ।”

ਇਸ ਸਾਂਝੇ ਯਤਨ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ, ਸਿਹਤ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਤੋਂ ਪ੍ਰਾਪਤ ਸਿੱਖਿਆ ਦੇ ਅਧਾਰ ‘ਤੇ, ਇਹ ਪਹਿਲਕਦਮੀ ਭਵਿੱਖ ਦੇ ਸਿਹਤ ਸੰਕਟਾਂ ਨਾਲ ਨਜਿੱਠਣ ਲਈ ਪੰਜਾਬ ਨੂੰ ਤਿਆਰ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪ੍ਰੋਜੈਕਟ ਰਾਜ ਵਿੱਚ ਏਕੀਕ੍ਰਿਤ ਬਿਮਾਰੀ ਨਿਗਰਾਨੀ ਗਤੀਵਿਧੀਆਂ ਨੂੰ ਮਜ਼ਬੂਤ ​​ਕਰੇਗਾ ਅਤੇ ਮਹਾਂਮਾਰੀਆਂ ਅਤੇ ਆਫ਼ਤਾਂ ਨਾਲ ਨਜਿੱਠਣ ਲਈ ਸਿਹਤ ਐਮਰਜੈਂਸੀ ਤਿਆਰੀ ਨੂੰ ਵਧਾਏਗਾ।

ਉਨ੍ਹਾਂ ਕਿਹਾ ਕਿ ਐਨਸੀਡੀਸੀ ਪੰਜਾਬ ਨੂੰ ਲੌਜਿਸਟਿਕਲ ਸਹਾਇਤਾ ਪ੍ਰਦਾਨ ਕਰੇਗਾ, ਜਿਸ ਵਿੱਚ ਡਾਇਗਨੌਸਟਿਕ ਕਿੱਟਾਂ, ਦਵਾਈਆਂ, ਟੀਕਿਆਂ ਅਤੇ ਨਿੱਜੀ ਸੁਰੱਖਿਆ ਉਪਕਰਣਾਂ (ਪੀਪੀਈ) ਦੇ ਸਟੋਰੇਜ ਅਤੇ ਵੰਡ ਦੇ ਪ੍ਰਬੰਧ ਸ਼ਾਮਲ ਹੋਣਗੇ। ਇਸ ਤੋਂ ਇਲਾਵਾ, NCDC ਜਨਤਕ ਸਿਹਤ ਚੁਣੌਤੀਆਂ ਨਾਲ ਨਜਿੱਠਣ ਲਈ ਸਿਹਤ ਕਰਮਚਾਰੀਆਂ ਦੇ ਹੁਨਰ ਨੂੰ ਵਧਾਉਣ ਵਿੱਚ ਵੀ ਮਦਦ ਕਰੇਗਾ।

ਇਹ ਸਮਝੌਤਾ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਹ ਰਾਜ ਵਿੱਚ ਬਿਮਾਰੀਆਂ ਦੀ ਰੋਕਥਾਮ ਅਤੇ ਜਨਤਕ ਸਿਹਤ ਢਾਂਚੇ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਏਗਾ। ਇਹ ਪਹਿਲ ‘ਰੰਗਲਾ ਪੰਜਾਬ’ ਦੇ ਨਿਰਮਾਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਏਗੀ।

Read More: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਅਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ

Exit mobile version