ਚੰਡੀਗੜ੍ਹ 15 ਜੂਨ 2022: ਨੈਸ਼ਨਲ ਹੈਰਾਲਡ ਮਾਮਲੇ ‘ਚ ਅੱਜ ਲਗਾਤਾਰ ਤੀਜੇ ਦਿਨ ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਤੋਂ ਈਡੀ ਨੇ ਪੁੱਛਗਿੱਛ ਕੀਤੀ। ਦੱਸਿਆ ਹੈ ਕਿ ਈਡੀ ਨੇ ਰਾਹੁਲ ਗਾਂਧੀ ਤੋਂ ਲਗਭਗ 8 ਘੰਟੇ ਪੁੱਛਗਿੱਛ ਕੀਤੀ |
ਇਸ ਦੌਰਾਨ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਕਾਂਗਰਸ ਵਰਕਰਾਂ ਦੇ ਵਿਰੋਧ ਪ੍ਰਦਰਸ਼ਨਾਂ ‘ਤੇ ਦਿੱਲੀ ਪੁਲਿਸ ਦੇ ਵਿਸ਼ੇਸ਼ ਸੀਪੀ (ਕਾਨੂੰਨ ਅਤੇ ਵਿਵਸਥਾ) ਨੇ ਅੱਜ ਨਵੀਂ ਦਿੱਲੀ ਖੇਤਰ ਤੋਂ 8-10 ਸੀਨੀਅਰ ਕਾਂਗਰਸੀ ਨੇਤਾਵਾਂ ਸਮੇਤ ਲਗਭਗ 240 ਲੋਕਾਂ ਨੂੰ ਹਿਰਾਸਤ ਵਿੱਚ ਲਿਆ।
ਉਨ੍ਹਾਂ ਕਿਹਾ ਕਿ ਪੁਲੀਸ ਨੇ ਕੋਈ ਤਾਕਤ ਦੀ ਵਰਤੋਂ ਨਹੀਂ ਕੀਤੀ। ਕੁਝ ਲੋਕਾਂ ਨੇ ਬੈਰੀਕੇਡ ਤੋੜ ਦਿੱਤੇ ਅਤੇ ਸਾਡੇ ਨਾਲ ਧੱਕਾ-ਮੁੱਕੀ ਕੀਤੀ। ਜਿਸ ਕਾਰਨ ਇੱਕ-ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਕੁਝ ਲੋਕਾਂ ਨੇ ਟਾਇਰ ਵੀ ਸਾੜ ਦਿੱਤੇ। ਈਡੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਨੈਸ਼ਨਲ ਹੈਰਾਲਡ ਮਾਮਲੇ ਦੀ ਜਾਂਚ ਵਿੱਚ ਮੁੜ ਸ਼ਾਮਲ ਹੋਣ ਲਈ ਸ਼ੁੱਕਰਵਾਰ ਨੂੰ ਪੇਸ਼ ਹੋਣ ਲਈ ਕਿਹਾ ਹੈ।