July 4, 2024 3:21 pm
National Lok Adalat

ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ 9 ਸਤੰਬਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ

ਐਸ.ਏ.ਐਸ.ਨਗਰ, 4 ਅਗਸਤ 2023: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਅਤੇ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ 9 ਸਤੰਬਰ 2023 ਨੂੰ ਕੌਮੀ ਲੋਕ ਅਦਾਲਤ (National Lok Adalat) ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿਚ ਸਾਰੇ ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈਕਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।

ਇਸ ਲੋਕ ਅਦਾਲਤ ਦੀ ਸਫਲਤਾ ਲਈ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਇੰਸੋ਼ਰੈਂਸ ਕੰਪਨੀਆਂ ਦੇ ਮੈਨੇਜਰ ਅਤੇ ਵਕੀਲਾਂ ਦੀ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਉਤਸ਼ਾਹਤ ਕੀਤਾ ਗਿਆ ਕਿ ਉਹ ਵੱਖ—ਵੱਖ ਅਦਾਲਤਾਂ ਵਿਚ ਲੰਬਤ ਅਤੇ ਪ੍ਰੀ—ਲਿਟੀਗੇਟਿਵ ਸਟੇਜ ਦੇ ਕੇਸਾਂ ਨੂੰ ਸਬੰਧਤ ਧਿਰਾਂ ਦੀ ਆਪਸੀ ਸਹਿਮਤੀ ਨਾਲ ਸੁਲਝਾਉਣ ਵਿਚ ਮਦਦ ਕਰਨ ਤਾਂ ਜੋ ਅਦਾਲਤਾਂ ਵਿਚੋਂ ਕੇਸਾਂ ਦਾ ਬੋਝ ਘਟਾਇਆ ਜਾ ਸਕੇ ਅਤੇ ਆਮ ਲੋਕ ਵੀ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈ ਸਕਣ।

ਇਸ ਮੌਕੇ ਤੇ ਬਲਜਿੰਦਰ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੋਕ ਅਦਾਲਤ (National Lok Adalat)  ਵਿਚ ਦੋਵੇਂ ਧਿਰਾਂ ਵਿਚ ਆਪਸੀ ਸਹਿਮਤੀ ਨਾਲ ਹੋਣ ਵਾਲੇ ਫੈਸਲੇ ਕਰਕੇ ਧਿਰਾਂ ਦੀ ਆਪਸੀ ਕੁੜੱਤਣ ਖਤਮ ਹੋ ਜਾਂਦੀ ਹੈ ਜਿਸ ਨਾਲ ਭਵਿੱਖ ਵਿਚ ਹੋਣ ਵਾਲੇ ਸੰਭਾਵਿਤ ਝਗੜਿਆਂ ਤੋਂ ਵੀ ਛੁਟਕਾਰਾ ਮਿਲ ਜਾਂਦਾ ਹੈ।