ਚੰਡੀਗੜ੍ਹ 17 ਦਸੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit singh channi) ਅੱਜ ਨਕੋਦਰ ਰੋਡ ’ਤੇ ਦਾਣਾ ਮੰਡੀ ਵਿਖੇ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਸਨ। ਇਸ ਮੌਕੇ ਵਿਸ਼ੇਸ਼ ਗੱਲ ਇਹ ਰਹੀ ਕਿ ਸੀ.ਐਮ. ਚੰਨੀ ਦੇ ਨਾਲ ਹੋਰ ਆਗੂ ਵੀ ਮੌਜੂਦ ਸਨ ਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਰੈਲੀ ਵਿੱਚ ਸ਼ਾਮਲ ਨਹੀਂ ਹੋਏ। ਪਹਿਲਾਂ ਦੱਸਿਆ ਜਾ ਰਿਹਾ ਸੀ ਕਿ ਸੀ.ਐਮ. ਚੰਨੀ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot singh sidhu) ਵੀ ਇਸ ਰੈਲੀ ‘ਚ ਸ਼ਿਰਕਤ ਕਰਨਗੇ, ਪਰ ਨਵਜੋਤ ਸਿੰਘ ਸਿੱਧੂ ਰੈਲੀ ‘ਚ ਸ਼ਾਮਲ ਨਹੀਂ ਹੋ ਸਕੇ। ਸਿੱਧੂ ਦੇ ਰੈਲੀ ਵਿੱਚ ਨਾ ਆਉਣ ਨੂੰ ਲੈ ਕੇ ਸਿਆਸੀ ਅਤੇ ਹੋਰ ਲੋਕਾਂ ਵਿੱਚ ਵੱਖ-ਵੱਖ ਚਰਚਾਵਾਂ ਹਨ। ਦੱਸ ਦੇਈਏ ਕਿ ਜਦੋਂ ਤੋਂ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਸਿੱਧੂ ਅਤੇ ਚੰਨੀ ਵਿਚਾਲੇ ਸਿਆਸੀ ਖਿੱਚੋਤਾਣ ਸ਼ੁਰੂ ਹੋ ਗਈ ਹੈ। ਇਸੇ ਰੰਜਿਸ਼ ਕਾਰਨ ਚੰਨੀ ਅਤੇ ਸਿੱਧੂ ਨੂੰ ਹਾਈਕਮਾਂਡ ਵੱਲੋਂ ਕਈ ਵਾਰ ਸੁਲ੍ਹਾ-ਸਫਾਈ ਲਈ ਦਿੱਲੀ ਬੁਲਾਇਆ ਜਾ ਚੁੱਕਾ ਹੈ।
ਦੂਜੇ ਪਾਸੇ ਸੀ.ਐਮ ਚੰਨੀ ਦੀ ਆਮਦ ਨੂੰ ਮੁੱਖ ਰੱਖਦਿਆਂ ਟਰੈਫਿਕ ਪੁਲੀਸ ਵੱਲੋਂ ਸ਼ਹਿਰ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਟਰੈਫਿਕ ਪੁਲੀਸ ਵੱਲੋਂ ਆਵਾਜਾਈ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਇਸ ਮੌਕੇ ਵਿਧਾਇਕ ਰਜਿੰਦਰਾ ਬੇਰੀ, ਵਿਧਾਇਕ ਸੁਸ਼ੀਲ ਰਿੰਕੂ, ਵਿਧਾਇਕ ਬਾਬਾ ਹੈਨਰੀ ਤੇ ਹੋਰ ਵਰਕਰਾਂ ਨੇ ਸ਼ਮੂਲੀਅਤ ਕੀਤੀ |