IAS Jaspreet Talwar

NCSC ਨੇ DGP ਪੰਜਾਬ ਨੂੰ IAS ਜਸਪ੍ਰੀਤ ਤਲਵਾੜ ਨੂੰ ਗ੍ਰਿਫਤਾਰ ਕਰਕੇ 17 ਜਨਵਰੀ ਨੂੰ ਕਮਿਸ਼ਨ ਸਾਹਮਣੇ ਪੇਸ਼ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ 07 ਜਨਵਰੀ 2023: ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (ਐਨ.ਸੀ.ਐਸ.ਸੀ.) ਦੇ ਕੋਰਟ ਅਫਸਰ ਨੇ ਪੰਜਾਬ ਦੇ ਪ੍ਰਿੰਸੀਪਲ ਸਕੱਤਰ (ਸਕੂਲ ਸਿੱਖਿਆ) ਵਿਰੁੱਧ ਵਾਰੰਟ ਜਾਰੀ ਕਰਦਿਆਂ ਰਾਜ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਹੁਕਮ ਦਿੱਤੇ ਹਨ ਕਿ ਉਹ ਇਸ ਆਈ.ਏ.ਐਸ. ਅਧਿਕਾਰੀ ਨੂੰ ਗ੍ਰਿਫ਼ਤਾਰ ਕਰਕੇ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਨਵੀਂ ਦਿੱਲੀ ਕਮਿਸ਼ਨ ਹੈੱਡਕੁਆਰਟਰ ਸਥਿਤ ਅਦਾਲਤ ਵਿੱਚ 17 ਜਨਵਰੀ ਨੂੰ ਸਵੇਰੇ 11 ਵਜੇ ਪੇਸ਼ ਕਰੇ ।

ਜ਼ਿਕਰਯੋਗ ਹੈ ਕਿ ਸਾਲ 2010 ਵਿੱਚ ਜੂਨੀਅਰ ਅਤੇ ਜਨਰਲ ਕੈਟਾਗਰੀ ਦੇ ਪ੍ਰਿੰਸੀਪਲਾਂ ਨੂੰ ਸਿੱਖਿਆ ਅਧਿਕਾਰੀ/ਪ੍ਰਿੰਸੀਪਲ ਵਜੋਂ ਨਿਯੁਕਤ ਕਰਨ ਦੇ ਮਾਮਲੇ ਵਿੱਚ ਸੁਣਵਾਈ ਲਈ ਸੰਮਨ ਦੀ ਤਾਮਿਲ ਹੋਣ ਦੇ ਬਾਵਜੂਦ ਪ੍ਰਿੰਸੀਪਲ ਸਕੱਤਰ (ਸਕੂਲ ਸਿੱਖਿਆ) ਜਸਪ੍ਰੀਤ ਤਲਵਾੜ ਸੁਣਵਾਈ ਦੌਰਾਨ ਹਾਜ਼ਰ ਨਹੀਂ ਹੋਏ ਸਨ। ਇਸੇ ਲਈ ਕਮਿਸ਼ਨ ਨੇ ਸਖ਼ਤ ਰਵੱਈਆ ਦਿਖਾਉਂਦੇ ਹੋਏ ਸਬੰਧਤ ਅਧਿਕਾਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਡਾਇਰੈਕਟਰ ਜਨਰਲ ਪੁਲੀਸ ਨੂੰ ਉਪਰੋਕਤ ਹੁਕਮ ਦਿੱਤੇ ਹਨ।

ਕਮਿਸ਼ਨ ਦੇ ਕੋਰਟ ਅਫਸਰ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਨੂੰ ਭੇਜੇ ਪੱਤਰ ਵਿੱਚ ਸਪੱਸ਼ਟ ਤੌਰ ‘ਤੇ ਜ਼ਿਕਰ ਕੀਤਾ ਹੈ ਕਿ ਸਕੂਲ ਸਿੱਖਿਆ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਜਸਪ੍ਰੀਤ ਤਲਵਾੜ ਵਿਰੁੱਧ 2 ਜਨਵਰੀ ਨੂੰ ਕਮਿਸ਼ਨ ਸਾਹਮਣੇ ਪੇਸ਼ੀ ‘ਤੇ ਹਾਜ਼ਰ ਨਾ ਹੋਣ ਕਾਰਨ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਅਦਾਲਤੀ ਅਧਿਕਾਰੀ ਨੇ ਧਾਰਾ 338(8) ਤਹਿਤ ਸਿਵਲ ਅਦਾਲਤ ਦੀ ਸ਼ਕਤੀ ਦੀ ਵਰਤੋਂ ਕਰਦਿਆਂ ਜਸਪ੍ਰੀਤ ਤਲਵਾੜ ਨੂੰ ਗ੍ਰਿਫ਼ਤਾਰ ਕਰਕੇ 17 ਜਨਵਰੀ ਨੂੰ ਸਵੇਰੇ 11 ਵਜੇ ਕਮਿਸ਼ਨ ਸਾਹਮਣੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਕਮਿਸ਼ਨ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਨੂੰ 17 ਜਨਵਰੀ ਨੂੰ ਸਵੇਰੇ 11 ਵਜੇ ਜਾਂ ਇਸ ਤੋਂ ਪਹਿਲਾਂ ਵਾਰੰਟ ਵਾਪਸ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਇਹ ਦੱਸਣ ਦੇ ਹੁਕਮ ਦਿੱਤੇ ਹਨ ਕਿ ਉਕਤ ਹੁਕਮ ਕਦੋਂ ਅਤੇ ਕਿਵੇਂ ਲਾਗੂ ਹੋਇਆ ਅਤੇ ਜੇਕਰ ਇਸ ਨੂੰ ਲਾਗੂ ਨਹੀਂ ਕੀਤਾ ਜਾ ਸਕਿਆ ਤਾਂ ਉਸ ਦਾ ਕਾਰਨ ਵੀ ਦੱਸਣ ਦੀ ਹਦਾਇਤ ਕੀਤੀ ਗਈ ਹੈ।

NCSC

 

Scroll to Top