ਹਰਿਆਣਾ, 09 ਜਨਵਰੀ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ‘ਚ ਕਾਨੂੰਨ ਵਿਵਸਥਾ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਸਪੱਸ਼ਟ ਕੀਤਾ ਹੈ ਕਿ ਅਪਰਾਧ ਕੰਟਰੋਲ ਕਰਨ ‘ਚ ਲਾਪਰਵਾਹੀ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਥਾਣਿਆਂ ‘ਚ ਅਪਰਾਧ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਨਹੀਂ ਕੀਤਾ ਜਾਂਦਾ, ਉਨ੍ਹਾਂ ਅਧਿਕਾਰੀਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ ਅਤੇ ਲੋੜ ਪੈਣ ‘ਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਡਿਮੋਸ਼ਨ ਕੀਤਾ ਜਾਵੇਗਾ |
ਮੁੱਖ ਮੰਤਰੀ ਸ਼ੁੱਕਰਵਾਰ ਨੂੰ ਫਰੀਦਾਬਾਦ ‘ਚ ਪ੍ਰੀ-ਬਜਟ ਸਲਾਹ-ਮਸ਼ਵਰਾ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਹਰਿਆਣਾ ਪੁਲਿਸ ਇੱਕ ਮਜ਼ਬੂਤ ਅਤੇ ਸਮਰੱਥ ਫੋਰਸ ਹੈ, ਪਰ ਜੇਕਰ ਅਪਰਾਧ ਜਾਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਧ ਰਹੀ ਹੈ, ਤਾਂ ਸਬੰਧਤ ਪੁਲਿਸ ਸੁਪਰਡੈਂਟ (ਐਸਪੀ) ਅਤੇ ਸਟੇਸ਼ਨ ਇੰਚਾਰਜਾਂ ਨੂੰ ਗੰਭੀਰਤਾ ਨਾਲ ਆਤਮ-ਨਿਰੀਖਣ ਕਰਨ। ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਸਮੇਂ-ਸਮੇਂ ‘ਤੇ ਬੈਠਕ ਕਰਕੇ ਸਥਿਤੀ ਦੀ ਸਮੀਖਿਆ ਕਰਨ, ਸਮੱਸਿਆਵਾਂ ਦੀ ਜੜ੍ਹ ਤੱਕ ਜਾਣ ਅਤੇ ਠੋਸ ਹੱਲ ਲੱਭਣ।
ਉਨ੍ਹਾਂ ਕਿਹਾ ਕਿ ਜਦੋਂ ਆਮ ਨਾਗਰਿਕ, ਖਾਸ ਕਰਕੇ ਔਰਤਾਂ, ਕਿਸੇ ਖੇਤਰ ‘ਚ ਅਪਰਾਧ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਦੀ ਸ਼ਿਕਾਇਤ ਕਰਦੀਆਂ ਹਨ, ਤਾਂ ਇਹ ਪੁਲਿਸ ਅਤੇ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਉਹ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ। ਮੁੱਖ ਮੰਤਰੀ ਨੇ ਦੁਹਰਾਇਆ ਕਿ ਕਾਨੂੰਨ ਵਿਵਸਥਾ ਬਣਾਈ ਰੱਖਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਸਬੰਧ ‘ਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਨਾਲ ਜਨਤਾ ਲਈ ਸੁਰੱਖਿਅਤ ਵਾਤਾਵਰਣ ਅਤੇ ਸੂਬੇ ‘ਚ ਚੰਗਾ ਸ਼ਾਸਨ ਯਕੀਨੀ ਬਣਾਇਆ ਜਾ ਸਕੇ।
Read More: HCS Exam Syllabus: ਹਰਿਆਣਾ ਸਰਕਾਰ ਨੇ HCS ਪ੍ਰੀਖਿਆ ਦੇ ਸਿਲੇਬਸ ‘ਚ ਕੀਤੀ ਸੋਧ




