ਚੰਡੀਗੜ੍ਹ, 01ਜੂਨ 2023: ਪੰਜਾਬ ਦੇ ਕਰਤਾਰਪੁਰ, ਜਲੰਧਰ ਤੋਂ ਵਿਧਾਇਕ ਬਲਕਾਰ ਸਿੰਘ (Balkar Singh) ਨੇ ਕੱਲ੍ਹ ਅਹੁਦਾ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰਾਲਾ ਹਾਸਲ ਕਰਨ ਤੋਂ ਬਾਅਦ ਵੀਰਵਾਰ ਨੂੰ ਸਕੱਤਰੇਤ ਵਿਖੇ ਚਾਰਜ ਸੰਭਾਲ ਲਿਆ ਹੈ। ਦਫ਼ਤਰ ਵਿੱਚ ਚਾਰਜ ਸੰਭਾਲਣ ਸਮੇਂ ਹੁਸ਼ਿਆਰਪੁਰ ਤੋਂ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਅਤੇ ਅਮਨ ਅਰੋੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਬਲਕਾਰ ਸਿੰਘ ਨੇ ਕਿਹਾ ਕਿ ਉਹ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੂੰ ਮੰਤਰੀ ਦਾ ਅਹੁਦਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ। ਬਲਕਾਰ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਕਰਨ ਲਈ ਰਾਜਨੀਤੀ ਵਿੱਚ ਆਏ ਹਨ ਅਤੇ ਸੇਵਾ ਕਰਦੇ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ, ਜਿਸ ਨੂੰ ਉਹ ਹਮੇਸ਼ਾ ਨਿਭਾਉਣਗੇ।