ਨਵੀਂ ਉਦਯੋਗਿਕ ਨੀਤੀ 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਮਿਲੇਗੀ ਵੱਡੀ ਰਾਹਤ: ਸੰਜੀਵ ਅਰੋੜਾ

ਪਟਿਆਲਾ , 10 ਅਪ੍ਰੈਲ 2026: ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਪਟਿਆਲਾ ਵਿਖੇ ਹੋਈ ਐਮਐਸਐਮਈ (MSME) ਦੀ ਜ਼ਿਲ੍ਹਾ ਪੱਧਰੀ ਬੈਠਕ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।

ਮੰਤਰੀ ਸੰਜੀਵ ਅਰੋੜਾ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸ਼ਹਿਰਾਂ ‘ਚ ਸਫਾਈ ਅਤੇ ਸੀਵਰੇਜ ਪ੍ਰਣਾਲੀ ਦੇ ਸੁਧਾਰ ‘ਤੇ ਖਾਸ ਧਿਆਨ ਦਿੱਤਾ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਮਈ ਮਹੀਨੇ ਦੇ ਅਖੀਰ ਤੱਕ ਪੰਜਾਬ ਦੇ ਸ਼ਹਿਰੀ ਖੇਤਰਾਂ ‘ਚ ₹1300 ਕਰੋੜ ਦੀ ਲਾਗਤ ਨਾਲ 2120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਪੇਂਡੂ ਖੇਤਰਾਂ ਲਈ ਵੱਖਰੀ ਯੋਜਨਾ ਤਿਆਰ ਕੀਤੀ ਹੈ।

ਸੰਜੀਵ ਅਰੋੜਾ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਇੱਕ ਮਹੀਨੇ ਦੇ ਅੰਦਰ ਨਵੀਂ ਇੰਡਸਟ੍ਰੀਅਲ ਪਾਰਕ ਨੀਤੀ ਲਾਗੂ ਕਰਨ ਜਾ ਰਹੀ ਹੈ, ਜਿਸ ਤਹਿਤ ਘੱਟੋ-ਘੱਟ 25 ਏਕੜ ‘ਚ ਫੈਲੇ ਵੱਡੇ ਉਦਯੋਗਿਕ ਪਾਰਕ ਸੂਬੇ ‘ਚ ਵਿਕਸਿਤ ਕੀਤੇ ਜਾਣਗੇ। ਉਦਯੋਗਪਤੀ ਅਤੇ ਰੀਅਲ ਐਸਟੇਟ ਡਿਵੈਲਪਰ ਸਾਂਝੇ ਤੌਰ ‘ਤੇ ਇਨ੍ਹਾਂ ਪਾਰਕਾਂ ਦੇ ਵਿਕਾਸ ‘ਚ ਭਾਗ ਲੈਣਗੇ, ਜਦਕਿ ਨਿਵੇਸ਼ਕ ਇਨ੍ਹਾਂ ਪ੍ਰਾਜੈਕਟਾਂ ‘ਚ ਨਿਵੇਸ਼ ਲਈ ਰਜਿਸਟਰ ਕਰਕੇ ਲੋੜੀਂਦੀਆਂ ਮਨਜ਼ੂਰੀਆਂ ਪ੍ਰਾਪਤ ਕਰ ਸਕਣਗੇ।

ਕੈਬਿਨਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਵੀਂ ਇੰਡਸਟ੍ਰੀਅਲ ਪਾਰਕ ਨੀਤੀ ਤਿਆਰ ਕਰ ਰਹੀ ਹੈ, ਜੋ ਪ੍ਰਾਈਵੇਟ ਸੈਕਟਰ ਨੂੰ ਉਦਯੋਗਿਕ ਪਾਰਕ ਵਿਕਸਿਤ ਕਰਨ ਲਈ ਉਤਸ਼ਾਹਿਤ ਕਰੇਗੀ। ਇਨ੍ਹਾਂ ਪਾਰਕਾਂ ‘ਚ ਵੱਡੇ ਅਤੇ ਛੋਟੇ ਦੋਵਾਂ ਕਿਸਮ ਦੇ ਪਲਾਟ ਉਪਲਬੱਧ ਹੋਣਗੇ।

ਸੰਜੀਵ ਅਰੋੜਾ ਨੇ ਕਿਹਾ ਕਿ ਫਸਲਾਂ ਨੂੰ ਨੁਕਸਾਨ ਹੋਵੇ ਜਾਂ ਕੁਦਰਤੀ ਆਫ਼ਤਾਂ ਕਾਰਨ ਕਿਸਾਨਾਂ ਨੂੰ ਹਾਨੀ ਪਹੁੰਚੇ, ਸਰਕਾਰ ਹਰ ਸੰਭਵ ਮੱਦਦ ਮੁਹੱਈਆ ਕਰਵਾਏਗੀ। ਉਨ੍ਹਾਂ ਨਕਲੀ ਬੀਜ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ। ਉਨ੍ਹਾਂ ਦੱਸਿਆ ਕਿ ਪਹਿਲਾਂ ਸੋਲਰ ਪ੍ਰੋਜੈਕਟਾਂ ਲਈ 100 ਫੀਸਦੀ ਅਲਾਟਮੈਂਟ ਹੁੰਦੀ ਸੀ, ਪਰ ਹੁਣ ਬਿਜਲੀ ਬੋਰਡ ਖੁਦ ਟੈਂਡਰ ਜਾਰੀ ਕਰ ਰਿਹਾ ਹੈ ਅਤੇ ਇਸ ਨੂੰ ਵੱਡੀ ਸਫਲਤਾ ਮਿਲ ਰਹੀ ਹੈ।

ਸੰਜੀਵ ਅਰੋੜਾ ਨੇ ਕਿਹਾ ਕਿ ਨਵੀਂ ਉਦਯੋਗਿਕ ਨੀਤੀ 2026 ਤਹਿਤ ਫਿਲਮ ਸਟੂਡੀਓ, ਹਸਪਤਾਲ ਅਤੇ ਹੋਟਲ ਵਰਗੇ ਕਈ ਨਵੇਂ ਖੇਤਰਾਂ ਨੂੰ ਵੀ ਸ਼ਾਮਲ ਕੀਤਾ ਹੈ। ਖ਼ਾਸ ਤੌਰ ‘ਤੇ ਐਮਐਸਐਮਈ ਸੈਕਟਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਹੈ ਕਿਉਂਕਿ ਇਹ ਉਦਯੋਗਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਹੁਣ ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਸੂਬਿਆਂ ‘ਚੋਂ ਇੱਕ ਬਣਦਾ ਜਾ ਰਿਹਾ ਹੈ ਅਤੇ ਹੋਰ ਸੂਬੇ ਵੀ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕ-ਕੇਂਦਰਿਤ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਅਤੇ ਉਦਯੋਗ, ਬੁਨਿਆਦੀ ਢਾਂਚੇ ਅਤੇ ਜਨਤਕ ਸਹੂਲਤਾਂ ‘ਚ ਸੁਧਾਰ ਰਾਹੀਂ ਪੰਜਾਬ ਨੂੰ ਤਰੱਕੀ ਦੇ ਨਵੇਂ ਮੀਲ ਪੱਥਰਾਂ ਵੱਲ ਲਿਆਂਦਾ ਜਾਵੇਗਾ।

Read More: DC ਡਾ. ਹਿਮਾਂਸ਼ੂ ਅਗਰਵਾਲ ਨੇ ਪਟਿਆਲਾ ਅਨਾਜ ਮੰਡੀ ‘ਚ ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਵਿਦੇਸ਼

Scroll to Top