ਹਰਿਆਣਾ, 17 ਜੂਨ 2026: ਰਾਸ਼ਟਰੀ ਰਾਜਧਾਨੀ ਖੇਤਰ ਯੋਜਨਾ ਬੋਰਡ (ਐਨਸੀਆਰ ਯੋਜਨਾ ਬੋਰਡ) ਦੀ 42ਵੀਂ ਬੈਠਕ ਮੰਗਲਵਾਰ ਨੂੰ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਹੋਈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਏ.ਕੇ. ਸ਼ਰਮਾ ਅਤੇ ਰਾਜਸਥਾਨ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਮੰਤਰੀ ਝਾਬਰ ਸਿੰਘ ਬੈਠਕ ‘ਚ ਸ਼ਾਮਲ ਹੋਏ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬੈਠਕ ‘ਚ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨਾਲ ਸਬੰਧਤ ਮੁੱਖ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਬੈਠਕ ‘ਚ ਇਹ ਫੈਸਲਾ ਲਿਆ ਗਿਆ ਕਿ ਰਾਸ਼ਟਰੀ ਰਾਜਧਾਨੀ ਖੇਤਰ ਦੀਆਂ ਖੇਤਰੀ ਸੀਮਾਵਾਂ ‘ਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ ਅਤੇ ਮੌਜੂਦਾ ਸੀਮਾਵਾਂ ਬਰਕਰਾਰ ਰਹਿਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਬੈਠਕ ‘ਚ ਰਾਸ਼ਟਰੀ ਰਾਜਧਾਨੀ ਖੇਤਰ ਲਈ ਖੇਤਰੀ ਯੋਜਨਾ 2041 ‘ਤੇ ਚਰਚਾ ਕੀਤੀ ਗਈ। ਸ਼ਹਿਰੀ ਯੋਜਨਾਬੰਦੀ, ਵਾਤਾਵਰਣ ਸੁਰੱਖਿਆ, ਬੁਨਿਆਦੀ ਢਾਂਚਾ ਵਿਕਾਸ ਅਤੇ ਟਿਕਾਊ ਵਿਕਾਸ ਸਮੇਤ ਐਨਸੀਆਰ ਦੇ ਭਵਿੱਖ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ‘ਤੇ ਪੂਰੀ ਤਰ੍ਹਾਂ ਚਰਚਾ ਕੀਤੀ ਗਈ।
ਖੇਤਰੀ ਯੋਜਨਾ 2041 ਨੂੰ ਅੰਤਿਮ ਰੂਪ ਦੇਣ ਲਈ ਕੇਂਦਰ ਸਰਕਾਰ ਅਤੇ ਸਬੰਧਤ ਸੂਬਾ ਸਰਕਾਰਾਂ (ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ) ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਉਪ-ਕਮੇਟੀ ਬਣਾਈ ਗਈ ਹੈ। ਇਹ ਉਪ-ਕਮੇਟੀ 15 ਅਗਸਤ, 2026 ਤੱਕ ਬੋਰਡ ਨੂੰ ਆਪਣੀ ਅੰਤਿਮ ਰਿਪੋਰਟ ਸੌਂਪੇਗੀ।
Read More: ਹਰਿਆਣਾ ਯੋਗ ਕਮਿਸ਼ਨ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੂੰ ਦਿੱਤੀ ਯੋਗ ਪ੍ਰੋਟੋਕੋਲ ਸਿਖਲਾਈ




